ਮੋਗਾ, 11 ਜੁਲਾਈ ( ਜਸ਼ਨ ) - ਮੋਗਾ ਵਿਧਾਨ ਸਭਾ ਹਲਕੇ ਦੇ ਵਾਰਡ ਨੰਬਰ 44 ਸਥਿਤ ਹਰਦੇਵ ਨਗਰ ਵਿੱਚ ਸ਼ੁੱਕਰਵਾਰ ਨੂੰ 69 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ 20 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਟਿਊਬਵੈੱਲ ਬੋਰ ਦਾ ਉਦਘਾਟਨ ਅਤੇ 49 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕ ਗਲੀਆਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਮੋਗਾ ਦੀ ਮੇਅਰ ਬਿਨੇਪਾਲ ਕੌਰ, ਡਿਪਟੀ ਮੇਅਰ ਰਾਕੇਸ਼ ਕੁਮਾਰ ਬਜਾਜ, ਵਾਰਡ ਨੰਬਰ 44 ਦੀ ਕੌਂਸਲਰ ਸਰਬਜੀਤ ਕੌਰ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਮੋਗਾ ਹਲਕੇ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ 'ਇੰਟਰਨੈਸ਼ਨਲ ਪੰਜਾਬੀ ਨਿਊਜ਼' ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਰਦੇਵ ਨਗਰ ਦੇ ਵਸਨੀਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਇਹ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਵੇਂ ਟਿਊਬਵੈੱਲ ਦੇ ਚਾਲੂ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਸਾਫ਼ ਅਤੇ ਸੁੱਚੇ ਪੀਣ ਵਾਲੇ ਪਾਣੀ ਦੀ ਬਿਹਤਰ ਸਹੂਲਤ ਮਿਲੇਗੀ, ਜਦਕਿ ਇੰਟਰਲਾਕ ਗਲੀਆਂ ਬਣਨ ਨਾਲ ਆਵਾਜਾਈ ਸੁਖਾਲੀ ਹੋਵੇਗੀ ਅਤੇ ਇਲਾਕੇ ਦੀ ਸਫ਼ਾਈ ਵਿਵਸਥਾ ਵਿੱਚ ਵੀ ਸੁਧਾਰ ਆਵੇਗਾ। ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਸਰਕਾਰ ਦਾ ਉਦੇਸ਼ ਹਰ ਵਾਰਡ ਵਿੱਚ ਬਰਾਬਰ ਵਿਕਾਸ ਕਰਵਾਉਣਾ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕ ਭਲਾਈ ਦੇ ਕੰਮ ਲਗਾਤਾਰ ਜਾਰੀ ਰਹਿਣਗੇ। ਇਲਾਕਾ ਨਿਵਾਸੀਆਂ ਨੇ ਵਿਕਾਸ ਕਾਰਜ ਸ਼ੁਰੂ ਹੋਣ 'ਤੇ ਖੁਸ਼ੀ ਪ੍ਰਗਟਾਉਂਦਿਆਂ ਪੰਜਾਬ ਸਰਕਾਰ, ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਅਤੇ ਨਗਰ ਨਿਗਮ ਦਾ ਧੰਨਵਾਦ ਕੀਤਾ।