ਮੋਗਾ, 25 ਅਗਸਤ ( ਜਸ਼ਨ ) : ਖਡੂਰ ਸਾਹਿਬ ਵਿਧਾਨ ਸਭਾ ਹਲਕੇ ਦੇ ਵਿਧਾਇਕ ਅਤੇ ਪੰਜਾਬ ਯੂਥ ਪ੍ਰਧਾਨ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਮੋਗਾ ਵਿੱਚ ਯੂਥ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ ਅਤੇ ਪਾਰਟੀ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਸਮਾਗਮ ਵਿੱਚ ਮੋਗਾ ਵਿਧਾਨ ਸਭਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ ਅਤੇ ਉਨ੍ਹਾਂ ਨੇ ਮਨਜਿੰਦਰ ਸਿੰਘ ਲਾਲਪੁਰਾ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇਸ ਮੌਕੇ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਅਥਾਹ ਪ੍ਰਤਿਭਾ, ਊਰਜਾ ਅਤੇ ਜੋਸ਼ ਹੈ। ਨੌਜਵਾਨਾਂ ਨੂੰ ਸਿਆਸਤ ਵਿੱਚ ਅੱਗੇ ਲਿਆਉਣਾ, ਉਨ੍ਹਾਂ ਨੂੰ ਜ਼ਿੰਮੇਵਾਰੀਆਂ ਸੌਂਪਣਾ ਅਤੇ ਫੈਸਲਾ ਲੈਣ ਦੀ ਪ੍ਰਕਿਰਿਆ ਦਾ ਹਿੱਸਾ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੌਜਵਾਨਾਂ ਨੂੰ ਮੌਕੇ ਅਤੇ ਜ਼ਿੰਮੇਵਾਰੀਆਂ ਦੇ ਕੇ ਉਨ੍ਹਾਂ ਨੂੰ ਪੰਜਾਬ ਦੀ ਅਗਵਾਈ ਲਈ ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਯੂਥ ਮਿਲਣੀ ਦਾ ਮਕਸਦ ਸਿਰਫ਼ ਨੌਜਵਾਨਾਂ ਨਾਲ ਮੁਲਾਕਾਤ ਕਰਨਾ ਨਹੀਂ, ਸਗੋਂ ਉਨ੍ਹਾਂ ਦੇ ਵਿਚਾਰ ਸੁਣਨਾ, ਸਮੱਸਿਆਵਾਂ ਨੂੰ ਸਮਝਣਾ ਅਤੇ ਪਾਰਟੀ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨਾ ਹੈ। ਨੌਜਵਾਨਾਂ ਦੀ ਸ਼ਮੂਲੀਅਤ ਨਾਲ ਸੰਗਠਨ ਨੂੰ ਨਵੀਂ ਊਰਜਾ ਮਿਲਦੀ ਹੈ ਅਤੇ ਉਨ੍ਹਾਂ ਨੂੰ ਸਮਾਜਿਕ ਤੇ ਸਿਆਸੀ ਖੇਤਰ ਵਿੱਚ ਅੱਗੇ ਵਧਣ ਦੇ ਮੌਕੇ ਪ੍ਰਾਪਤ ਹੁੰਦੇ ਹਨ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਸੂਬੇ ਦੀ ਸਭ ਤੋਂ ਵੱਡੀ ਤਾਕਤ ਹੁੰਦੇ ਹਨ। ਪੰਜਾਬ ਦੇ ਨੌਜਵਾਨਾਂ ਨੂੰ ਸਹੀ ਦਿਸ਼ਾ, ਮੌਕੇ ਅਤੇ ਜ਼ਿੰਮੇਵਾਰੀਆਂ ਦੇ ਕੇ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਉਚਾਈਆਂ ਤੱਕ ਪਹੁੰਚਾਇਆ ਜਾ ਸਕਦਾ ਹੈ। ਉਨ੍ਹਾਂ ਨੇ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਨੌਜਵਾਨਾਂ ਨੂੰ ਇਕਜੁੱਟ ਕਰਨ ਅਤੇ ਉਨ੍ਹਾਂ ਨੂੰ ਸੰਗਠਨ ਨਾਲ ਜੋੜਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਯੂਥ ਮਿਲਣੀ ਦੌਰਾਨ ਨੌਜਵਾਨਾਂ ਵਿੱਚ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਜ਼ਿਲ੍ਹਾ ਮੋਗਾ ਦੇ ਯੂਥ ਪ੍ਰਧਾਨ ਮਨਜੀਤ ਸਿੰਘ ਸਰਪੰਚ, ਹਲਕਾ ਮੋਗਾ ਦੇ ਯੂਥ ਪ੍ਰਧਾਨ ਵਿੱਕੀ ਦੌਧਰੀਆ , ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਬਰਿੰਦਰ ਸ਼ਰਮਾ, ਜ਼ਿਲ੍ਹਾ ਪਰਿਸ਼ਦ ਮੋਗਾ ਦੇ ਚੇਅਰਮੈਨ ਰਵਿੰਦਰਪਾਲ ਸਿੰਘ, ਪਰਮਿੰਦਰ ਸਿੰਘ ਯੂਥ ਆਗੂ ਜ਼ਿਲ੍ਹਾ ਮੋਗਾ, ਆਕਾਸ਼ ਮੱਲੀ ਸਮੇਤ ਪਾਰਟੀ ਦੇ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਮੌਜੂਦ ਸਨ।