ਮੋਗਾ, 22 ਸਤੰਬਰ (ਜਸ਼ਨ ): ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਵਾਲੇ ਆਗੂਆਂ ਖ਼ਿਲਾਫ਼ ਕਾਰਵਾਈ ਕਰਨ ਦੇ ਤਹਿਤ ਹਲਕਾ ਨਿਹਾਲ ਸਿੰਘ ਵਾਲਾ ਨਾਲ ਸਬੰਧਤ ਡਾ. ਜਗਮੋਹਨ ਸਿੰਘ ਧੂੜਕੋਟ ਕਲਾਂ ਨੂੰ ਪਾਰਟੀ ਵਿਚੋਂ 6 ਸਾਲਾਂ ਲਈ ਬਾਹਰ ਕਰਨ ਦਾ ਐਲਾਨ ਕੀਤਾ ਗਿਆ ਹੈ। "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਨਿਹਾਲ ਸਿੰਘ ਤਲਵੰਡੀ ਭੰਗੇਰੀਆ ਨੇ ਦੱਸਿਆ ਕਿ ਡਾ. ਜਗਮੋਹਨ ਸਿੰਘ ਧੂੜਕੋਟ ਕਲਾਂ ਵੱਲੋਂ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਸਨ। ਇਨ੍ਹਾਂ ਗਤੀਵਿਧੀਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਪਾਰਟੀ ਵੱਲੋਂ ਉਨ੍ਹਾਂ ਖ਼ਿਲਾਫ਼ ਅਨੁਸ਼ਾਸਨਿਕ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਡਾ. ਜਗਮੋਹਨ ਸਿੰਘ ਧੂੜਕੋਟ ਕਲਾਂ ਨੂੰ ਉਨ੍ਹਾਂ ਦੇ ਪਾਰਟੀ ਅਹੁਦਿਆਂ ਤੋਂ ਹਟਾਉਣ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਵੀ 6 ਸਾਲਾਂ ਲਈ ਖ਼ਾਰਜ ਕਰ ਦਿੱਤਾ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅੱਜ ਤੋਂ ਬਾਅਦ ਡਾ. ਜਗਮੋਹਨ ਸਿੰਘ ਧੂੜਕੋਟ ਕਲਾਂ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਕੋਈ ਸਬੰਧ ਨਹੀਂ ਹੋਵੇਗਾ ਅਤੇ ਉਹ ਪਾਰਟੀ ਦਾ ਹਿੱਸਾ ਨਹੀਂ ਰਹਿਣਗੇ। ਜ਼ਿਲਾ ਪ੍ਰਧਾਨ ਨੇ ਕਿਹਾ ਕਿ ਪਾਰਟੀ ਅਨੁਸ਼ਾਸਨ ਨੂੰ ਕਾਇਮ ਰੱਖਣਾ ਹਰ ਆਗੂ ਅਤੇ ਵਰਕਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਜਥੇਬੰਦਕ ਫ਼ੈਸਲਿਆਂ ਦੇ ਉਲਟ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪਾਰਟੀ ਵਰਕਰਾਂ ਨੂੰ ਇਕਜੁੱਟ ਹੋ ਕੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਨ ਦੀ ਅਪੀਲ ਵੀ ਕੀਤੀ।