ਬਾਘਾ ਪੁਰਾਣਾ, 14 ਸਤੰਬਰ (ਜਸ਼ਨ ): ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨੂੰ ਲੈ ਕੇ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਸੈਕਰੇਟਰੀ ਸੁਖਜਿੰਦਰ ਸਿੰਘ ਵਾਂਦਰ ਅਤੇ ਐਡਵੋਕੇਟ ਅਮਿਤ ਅਗਰਵਾਲ, ਆਰਟੀਏ ਸੈੱਲ ਭਾਜਪਾ ਪੰਜਾਬ ਦੇ ਕੋ-ਕਨਵੀਨਰ ਨੇ ਕਿਹਾ ਕਿ ਇਹ ਮੁਹਿੰਮ ਪੰਜਾਬ ਦੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਕਰਨ ਵੱਲ ਅਹਿਮ ਕਦਮ ਸਾਬਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋ ਕੇ 30 ਸਤੰਬਰ ਤੱਕ ਚੱਲੇਗੀ ਅਤੇ ਇਸ ਦਾ ਸਮਾਪਤੀ ਸਮਾਗਮ ਜਲੰਧਰ ਵਿਚ ਕਰਵਾਇਆ ਜਾਵੇਗਾ। ਉਨ੍ਹਾਂ ਅਨੁਸਾਰ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੀਆਂ ਚਾਰ ਯਾਤਰਾਵਾਂ ਪੰਜਾਬ ਦੇ ਵੱਖ-ਵੱਖ ਇਤਿਹਾਸਕ ਅਤੇ ਮਹੱਤਵਪੂਰਨ ਸਥਾਨਾਂ ਤੋਂ ਸ਼ੁਰੂ ਕਰਨ ਦੀ ਯੋਜਨਾ ਹੈ। ਪਹਿਲੀ ਯਾਤਰਾ ਪਠਾਨਕੋਟ ਦੇ ਮਾਧੋਪੁਰ ਸਥਿਤ ਸ਼ਿਆਮਾ ਪ੍ਰਸਾਦ ਮੁਖਰਜੀ ਏਕਤਾ ਸਥਲ ਤੋਂ, ਦੂਜੀ ਫਤਹਿਗੜ੍ਹ ਸਾਹਿਬ ਤੋਂ, ਤੀਜੀ ਫਾਜ਼ਿਲਕਾ ਦੇ ਵੀਰ ਭੂਮੀ ਸਮਾਰਕ ਤੋਂ ਅਤੇ ਚੌਥੀ ਤਖ਼ਤ ਸ੍ਰੀ ਦਮਦਮਾ ਸਾਹਿਬ, ਬਠਿੰਡਾ ਤੋਂ ਸ਼ੁਰੂ ਹੋਵੇਗੀ। ਭਾਜਪਾ ਆਗੂਆਂ ਨੇ ਕਿਹਾ ਕਿ ਪਾਰਟੀ ਵੱਲੋਂ ਇਸ ਮੁਹਿੰਮ ਨੂੰ ਸਿਰਫ਼ ਸਿਆਸੀ ਪ੍ਰੋਗਰਾਮ ਤੱਕ ਸੀਮਤ ਰੱਖਣ ਦੀ ਬਜਾਏ ਲੋਕ ਲਹਿਰ ਦਾ ਰੂਪ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੌਰਾਨ ਨਸ਼ਿਆਂ ਤੋਂ ਪ੍ਰਭਾਵਿਤ ਪਰਿਵਾਰਾਂ ਦੀਆਂ ਮੁਸ਼ਕਲਾਂ ਸੁਣਨ ਦੇ ਨਾਲ ਨੌਜਵਾਨਾਂ, ਸਮਾਜਿਕ ਸੰਸਥਾਵਾਂ, ਖੇਡ ਜਥੇਬੰਦੀਆਂ, ਨਸ਼ਾ ਮੁਕਤੀ ਕੇਂਦਰਾਂ ਅਤੇ ਸਵੈ-ਸੇਵੀ ਸੰਸਥਾਵਾਂ ਨੂੰ ਵੀ ਮੁਹਿੰਮ ਨਾਲ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਿਰਫ਼ ਕਾਨੂੰਨੀ ਕਾਰਵਾਈ ਕਾਫ਼ੀ ਨਹੀਂ, ਸਗੋਂ ਜਾਗਰੂਕਤਾ, ਇਲਾਜ, ਮੁੜ ਵਸੇਬਾ, ਖੇਡਾਂ, ਸਿੱਖਿਆ ਅਤੇ ਰੁਜ਼ਗਾਰ ਦੇ ਮੌਕਿਆਂ ਵੱਲ ਵੀ ਧਿਆਨ ਦੇਣਾ ਜ਼ਰੂਰੀ ਹੈ। ਨਸ਼ੇ ਦੀ ਲਤ ਦਾ ਸ਼ਿਕਾਰ ਹੋ ਚੁੱਕੇ ਨੌਜਵਾਨਾਂ ਨੂੰ ਨਫ਼ਰਤ ਕਰਨ ਦੀ ਬਜਾਏ ਇਲਾਜ ਅਤੇ ਮੁੜ ਵਸੇਬੇ ਰਾਹੀਂ ਮੁੱਖ ਧਾਰਾ ਵਿਚ ਲਿਆਉਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਆਗੂਆਂ ਨੇ ਦੱਸਿਆ ਕਿ ਯਾਤਰਾ ਦੌਰਾਨ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਨਸ਼ਿਆਂ ਵਿਰੁੱਧ ਸਹੁੰ ਚੁਕਾਉਣ ਸਮੇਤ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਨਸ਼ਾ ਪੰਜਾਬ ਦੇ ਭਵਿੱਖ ਲਈ ਗੰਭੀਰ ਚੁਣੌਤੀ ਹੈ ਅਤੇ ਇਸ ਖ਼ਿਲਾਫ਼ ਹਰ ਪੱਧਰ ’ਤੇ ਸਾਂਝੀ ਲੜਾਈ ਲੜਨ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ 18 ਸਤੰਬਰ ਤੋਂ ਸ਼ੁਰੂ ਹੋਣ ਵਾਲੀ ਇਸ ਯਾਤਰਾ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ।
ਖ਼ਬਰਾਂ
ਨਸ਼ਿਆਂ ਖ਼ਿਲਾਫ਼ ਲੋਕ ਲਹਿਰ ਖੜ੍ਹੀ ਕਰੇਗੀ ‘ਨਸ਼ਾ ਮੁਕਤ ਪੰਜਾਬ ਯਾਤਰਾ’ : ਸੁਖਜਿੰਦਰ ਵਾਂਦਰ, ਅਮਿਤ ਅਗਰਵਾਲ
* ਪੰਜਾਬ ਦੇ ਚਾਰ ਮਹੱਤਵਪੂਰਨ ਸਥਾਨਾਂ ਤੋਂ ਸ਼ੁਰੂ ਹੋਣਗੀਆਂ ਚਾਰ ਯਾਤਰਾਵਾਂ
15 ਸਤੰਬਰ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



