ਮੋਗਾ, 6 ਅਗਸਤ(ਜਸ਼ਨ ): ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਮੋਗਾ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਉਪਰੰਤ ਗੁਰਮੀਤ ਸਿੰਘ ਝੋਰੜਾ ਸੀਨੀਅਰ ਮੀਤ ਪ੍ਰਧਾਨ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੀਟਿੰਗ ਦੌਰਾਨ ਅਧਿਆਪਕਾਂ ਅਤੇ ਮੁਲਾਜ਼ਮਾਂ ਨਾਲ ਸਬੰਧਤ ਵੱਖ-ਵੱਖ ਅਹਿਮ ਮਸਲਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਕਈ ਮਹੱਤਵਪੂਰਨ ਫ਼ੈਸਲੇ ਲਏ ਗਏ।ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ ਪੰਜਾਬ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੇ ਤੇ ਚੁੱਪ ਵੱਟੀ ਬੈਠੀ ਆਪ ਸਰਕਾਰ ਨੂੰ ਜਗਾਉਣ ਲਈ 7 ਅਗਸਤ ਨੂੰ ਸਾਂਝੇ ਮੰਚ, ਪੈਨਸ਼ਨਰਜ਼ ਫਰੰਟ, ਪੰਜਾਬ ਮੁਲਾਜ਼ਮ ਮੰਚ ਅਤੇ ਆਜ਼ਾਦ ਜਥੇਬੰਦੀਆਂ ਦੇ ਆਧਾਰ 'ਤੇ ਬਣੀ ਜੋਇੰਟ ਕੋਆਰਡੀਨੇਸ਼ਨ ਕਮੇਟੀ ਵੱਲੋਂ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਰੈਲੀ ਵਿੱਚ ਡੀ.ਟੀ.ਐੱਫ. ਮੋਗਾ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਇਸ ਰੈਲੀ ਦੀ ਤਿਆਰੀ ਲਈ ਸਮੂਹ ਬਲਾਕ ਕਮੇਟੀਆਂ ਆਪਣੇ-ਆਪਣੇ ਬਲਾਕਾਂ ਵਿੱਚ ਕਮੇਟੀਆਂ ਦਾ ਗਠਨ ਕਰਕੇ ਸਕੂਲਾਂ ਵਿੱਚ ਅਧਿਆਪਕਾਂ ਨਾਲ ਰਾਬਤਾ ਕਾਇਮ ਕਰਨਗੀਆਂ ਅਤੇ ਉਹਨਾਂ ਨੂੰ ਰੈਲੀ ਵਿੱਚ ਸ਼ਾਮਿਲ ਹੋਣ ਲਈ ਪ੍ਰੇਰਿਤ ਕਰਨਗੀਆਂ ।
ਮੀਟਿੰਗ ਦੌਰਾਨ ਇਹ ਵੀਂ ਫੈਸਲਾ ਕੀਤਾ ਗਿਆ ਕਿ ਅੱਤ ਦੀ ਗਰਮੀ ਵਿੱਚ ਅਧਿਆਪਕਾਂ ਵੱਲੋਂ ਕੀਤੀ ਗਈ ਜਨਗਣਨਾ ਡਿਊਟੀ ਦਾ ਮਿਹਨਤਾਨਾ ਅਜੇ ਤਕ ਉਹਨਾਂ ਨੂੰ ਨਹੀਂ ਮਿਲਿਆ ਇਸ ਸਬੰਧੀ ਜਲਦ ਹੀ ਸਬੰਧਤ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਮਿਹਨਤਾਨਾ ਜਾਰੀ ਕਰਵਾਉਣ ਦੀ ਮੰਗ ਉਠਾਉਣ ਦਾ ਫ਼ੈਸਲਾ ਕੀਤਾ ਗਿਆ। ਉਹਨਾਂ ਦੱਸਿਆ ਕਿ ਮੀਟਿੰਗ ਵਿੱਚ ਸੂਬਾ ਪ੍ਰਧਾਨ ਦਿਗਵਿਜੈਪਾਲ ਸ਼ਰਮਾ,ਜ਼ਿਲ੍ਹਾ ਪ੍ਰਧਾਨ ਸੁਖਪਾਲਜੀਤ ਸਿੰਘ, ਮੀਤ ਪ੍ਰਧਾਨ ਸਵਰਨਦਾਸ, ਵਿੱਤ ਸਕੱਤਰ ਗੁਰਸ਼ਰਨ ਸਿੰਘ, ਜ਼ਿਲ੍ਹਾ ਜੁਆਇੰਟ ਸਕੱਤਰ ਅਮਨਦੀਪ ਮਾਛੀਕੇ, ਅਮਰਦੀਪ ਸਿੰਘ ਬੁੱਟਰ, ਜਗਜੀਤ ਸਿੰਘ ਰਣੀਆਂ, ਦੀਪਕ ਮਿੱਤਲ, ਨਰਿੰਦਰ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।