ਮੋਗਾ ,10 ਜੁਲਾਈ (ਜਸ਼ਨ )ਭਾਰਤੀ ਜਨਤਾ ਪਾਰਟੀ ਮੋਗਾ ਦੇ ਜਿਲਾ ਪ੍ਰਧਾਨ ਡਾ. ਹਰਜੋਤ ਕਮਲ ਨੇ ਪੰਜਾਬ ਭਰ ਵਿੱਚ ਸੇਵਾ ਕੇਂਦਰਾਂ ਦੇ ਕਨੈਕਟ ਪੋਰਟਲ ਦੇ ਵਾਰ-ਵਾਰ ਠੱਪ ਹੋਣ ਕਾਰਨ ਅਤੇ ਮੁਲਾਜ਼ਮਾਂ ਵੱਲੋਂ ਆਪਣੀਆਂ ਜਾਇਜ ਮੰਗਾਂ ਨੂੰ ਲੈ ਕੇ ਕੀਤੀ ਹੜਤਾਲ ਕਾਰਨ ਸੇਵਾ ਕੇਂਦਰ ਹੁਣ ਸਜ਼ਾ ਕੇਂਦਰ ਬਣ ਗਏ ਹਨ ਅਤੇ ਲੋਕਾਂ ਨੂੰ ਸੇਵਾ ਕੇਂਦਰਾਂ ਤੋਂ ਸਿਵਾਏ ਖੱਜਲ ਖੁਆਰੀ ਦੇ ਹੋਰ ਕੁਝ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਡਿਜ਼ੀਟਲ ਗਵਰਨੈਂਸ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਆਪ ਸਰਕਾਰ ਦੀ ਪੂਰੀ ਪ੍ਰਸ਼ਾਸਨਿਕ ਨਾਕਾਮੀ ਹੁਣ ਲੋਕਾਂ ਸਾਹਮਣੇ ਆ ਚੁੱਕੀ ਹੈ।
ਡਾ. ਹਰਜੋਤ ਕਮਲ ਨੇ 'ਇੰਟਰਨੈਸ਼ਨਲ ਪੰਜਾਬੀ ਨਿਊਜ਼' ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਵੱਖ-ਵੱਖ ਸੇਵਾ ਕੇਂਦਰਾਂ ਵਿੱਚ ਲੋਕ ਸਵੇਰੇ ਤੋਂ ਹੀ ਲੰਬੀਆਂ ਕਤਾਰਾਂ ਵਿੱਚ ਖੜ੍ਹੇ ਹੋਣ ਲਈ ਮਜਬੂਰ ਹਨ, ਪਰ ਪੋਰਟਲ ਬੰਦ ਹੋਣ ਕਾਰਨ ਉਨ੍ਹਾਂ ਦੇ ਜਨਮ ਸਰਟੀਫਿਕੇਟ, ਮੌਤ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਧਾਰ ਨਾਲ ਸਬੰਧਤ ਸੇਵਾਵਾਂ ਅਤੇ ਹੋਰ ਜ਼ਰੂਰੀ ਸਰਕਾਰੀ ਦਸਤਾਵੇਜ਼ਾਂ ਦਾ ਕੰਮ ਠੱਪ ਹੋ ਗਿਆ ਹੈ, ਜਿਸ ਕਾਰਨ ਉਨ੍ਹਾਂ ਨੂੰ ਕਈ ਪ੍ਰਕਾਰ ਦੀਆਂ ਸੇਵਾਵਾਂ ਦਾ ਲਾਭ ਲੈਣ ਤੋਂ ਵਾਂਝੇ ਰਹਿਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਤਪਦੀ ਗਰਮੀ ਵਿੱਚ ਬਜ਼ੁਰਗ, ਮਹਿਲਾਵਾਂ, ਵਿਦਿਆਰਥੀ, ਕਿਸਾਨ, ਮਜ਼ਦੂਰ ਅਤੇ ਰੋਜ਼ਾਨਾ ਦਿਹਾੜੀ ਕਰਕੇ ਆਪਣਾ ਪਰਿਵਾਰ ਚਲਾਉਣ ਵਾਲੇ ਲੋਕ ਘੰਟਿਆਂ ਸੇਵਾ ਕੇਂਦਰਾਂ ਦੇ ਬਾਹਰ ਖੜ੍ਹੇ ਰਹਿੰਦੇ ਹਨ, ਪਰ ਆਖ਼ਿਰ ਵਿੱਚ ਉਨ੍ਹਾਂ ਨੂੰ ਇਹ ਕਹਿ ਕੇ ਵਾਪਸ ਭੇਜ ਦਿੱਤਾ ਜਾਂਦਾ ਹੈ ਕਿ ਪੋਰਟਲ ਕੰਮ ਨਹੀਂ ਕਰ ਰਿਹਾ ਜਿਸ ਨਾਲ ਲੋਕਾਂ ਦੇ ਸਮੇਂ ਦੀ ਹੀ ਨਹੀਂ, ਸਗੋਂ ਉਨ੍ਹਾਂ ਦੇ ਪੈਸੇ ਦੀ ਵੀ ਬਰਬਾਦੀ ਹੋ ਰਹੀ ਹੈ। ਕਈ ਲੋਕ ਦੂਰ-ਦੁਰਾਡੇ ਇਲਾਕਿਆਂ ਤੋਂ ਕਿਰਾਇਆ ਖਰਚ ਕਰਕੇ ਸੇਵਾ ਕੇਂਦਰਾਂ ਤੱਕ ਪਹੁੰਚਦੇ ਹਨ, ਆਪਣੀ ਦਿਹਾੜੀ ਛੱਡ ਕੇ ਆਉਂਦੇ ਹਨ, ਪਰ ਸਰਕਾਰ ਦੀ ਲਾਪਰਵਾਹੀ ਕਾਰਨ ਉਨ੍ਹਾਂ ਨੂੰ ਖਾਲੀ ਹੱਥ ਵਾਪਸ ਜਾਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਜੋ ਸਰਕਾਰ ਆਪਣੇ ਹੀ ਡਿਜ਼ੀਟਲ ਪੋਰਟਲ ਨੂੰ ਸੁਚਾਰੂ ਢੰਗ ਨਾਲ ਨਹੀਂ ਚਲਾ ਸਕਦੀ, ਉਹ ਚੰਗੇ ਪ੍ਰਸ਼ਾਸਨ ਅਤੇ ਪਾਰਦਰਸ਼ੀ ਗਵਰਨੈਂਸ ਦੇ ਦਾਅਵੇ ਕਰਨ ਦਾ ਕੋਈ ਨੈਤਿਕ ਅਧਿਕਾਰ ਨਹੀਂ ਰੱਖਦੀ। ਇਹ ਭਗਵੰਤ ਮਾਨ ਸਰਕਾਰ ਦੀ ਅਯੋਗਤਾ ਅਤੇ ਪ੍ਰਸ਼ਾਸਨਿਕ ਅਸਫਲਤਾ ਦਾ ਜਿਉਂਦਾ ਜਾਗਦਾ ਸਬੂਤ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਨੈਕਟ ਪੋਰਟਲ ਨੂੰ ਤੁਰੰਤ ਚਾਲੂ ਕੀਤਾ ਜਾਵੇ, ਤਕਨੀਕੀ ਖਾਮੀਆਂ ਨੂੰ ਫੌਰੀ ਤੌਰ 'ਤੇ ਦੂਰ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ ਜਾਂ ਫਿਰ ਜਦੋਂ ਤੱਕ ਪੋਰਟਲ ਪੂਰੀ ਤਰ੍ਹਾਂ ਬਹਾਲ ਨਹੀਂ ਹੁੰਦਾ, ਉਦੋਂ ਤੱਕ ਜਨਤਾ ਨੂੰ ਰਾਹਤ ਦੇਣ ਲਈ ਆਫਲਾਈਨ ਵਿਵਸਥਾ ਕੀਤੀ ਜਾਵੇ ਤਾਂ ਜੋ ਲੋਕਾਂ ਦੇ ਜ਼ਰੂਰੀ ਕੰਮ ਪ੍ਰਭਾਵਿਤ ਨਾ ਹੋਣ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਇਸ ਲਾਪਰਵਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਦੁਹਰਾਈਆਂ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਭਗਵੰਤ ਮਾਨ ਸਰਕਾਰ ਦੀ ਨਾਕਾਮੀਆਂ ਦੀ ਸਜ਼ਾ ਭੁਗਤ ਰਹੇ ਨੇ । ਸਰਕਾਰੀ ਸੇਵਾਵਾਂ ਹਰ ਨਾਗਰਿਕ ਦਾ ਅਧਿਕਾਰ ਹਨ, ਸਰਕਾਰ ਦਾ ਅਹਿਸਾਨ ਨਹੀਂ। ਭਗਵੰਤ ਮਾਨ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ, ਨਾ ਕਿ ਲੋਕਾਂ ਨੂੰ ਖੱਜਲ-ਖੁਆਰ ਕਰਨਾ ਚਾਹੀਦਾ ਹੈ।

ਕੈਪਸ਼ਨ- ਜਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ।