ਮੋਗਾ,6 ਸਤੰਬਰ (ਗੁਰਜੰਟ ਸਿੰਘ ) ਅਧਿਆਪਕ ਦਿਵਸ ਦੇ ਮੌਕੇ ’ਤੇ ਜ਼ਿਲ੍ਹਾ ਭਾਜਪਾ ਪ੍ਰਧਾਨ ਡਾ. ਹਰਜੋਤ ਕਮਲ ਨੇ ਜ਼ਿਲ੍ਹੇ ਸਮੇਤ ਪੰਜਾਬ ਅਤੇ ਦੇਸ਼ ਭਰ ਦੇ ਸਮੂਹ ਅਧਿਆਪਕਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਅਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਧਿਆਪਕ ਸਿਰਫ਼ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇਣ ਦਾ ਕਾਰਜ ਹੀ ਨਹੀਂ ਕਰਦੇ, ਸਗੋਂ ਉਨ੍ਹਾਂ ਦੇ ਵਿਅਕਤੀਤਵ ਨਿਰਮਾਣ, ਸੰਸਕਾਰਾਂ ਅਤੇ ਉਜਲੇ ਭਵਿੱਖ ਦੀ ਨੀਂਹ ਰੱਖਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਡਾ. ਹਰਜੋਤ ਕਮਲ ਨੇ ਕਿਹਾ ਕਿ ਸਿੱਖਿਆ ਹੀ ਇੱਕ ਅਜਿਹਾ ਸਸ਼ਕਤ ਮਾਧਿਅਮ ਹੈ, ਜੋ ਸਮਾਜ ਅਤੇ ਦੇਸ਼ ਦੀ ਦਿਸ਼ਾ ਅਤੇ ਦਸ਼ਾ ਬਦਲਣ ਦੀ ਸਮਰੱਥਾ ਰੱਖਦਾ ਹੈ। ਕਿਸੇ ਵੀ ਰਾਸ਼ਟਰ ਦੀ ਤਰੱਕੀ ਦਾ ਆਧਾਰ ਉਸ ਦੀ ਸਿੱਖਿਆ ਪ੍ਰਣਾਲੀ ਅਤੇ ਸਿੱਖਿਅਤ ਨੌਜਵਾਨ ਹੁੰਦੇ ਹਨ। ਅਧਿਆਪਕ ਵਿਦਿਆਰਥੀਆਂ ਨੂੰ ਗਿਆਨ ਦੇ ਨਾਲ-ਨਾਲ ਅਨੁਸ਼ਾਸਨ, ਇਮਾਨਦਾਰੀ, ਮਿਹਨਤ, ਨੈਤਿਕ ਕਦਰਾਂ-ਕੀਮਤਾਂ ਅਤੇ ਰਾਸ਼ਟਰ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਵੀ ਪ੍ਰਦਾਨ ਕਰਦੇ ਹਨ। ਉਨ੍ਹਾਂ ਮੋਗਾ ਜਿਲ੍ਹੇ ਦੇ ਸਟੇਟ ਟੀਚਰ ਅਵਾਰਡ ਹਾਸਿਲ ਕਰਨ ਵਾਲੇ ਰਿਸ਼ੀ ਮਨਚੰਦਾ, ਬਲਦੇਵ ਰਾਮ ਅਤੇ ਯੰਗ ਟੀਚਰ ਅਵਾਰਡ਼ ਹਾਸਿਲ ਕਰਨ ਵਾਲੇ ਇੰਦਰਜੀਤ ਸਿੰਘ ਅਤੇ ਜਗਪ੍ਰੀਤ ਸਿੰਘ ਨੂੰ ਮੁਬਾਰਕਬਾਦ ਦਿੱਤੀ।
ਉਨ੍ਹਾਂ ਕਿਹਾ ਕਿ ਭਾਰਤ ਦੀ ਮਹਾਨ ਸਿੱਖਿਆ ਪਰੰਪਰਾ ਵਿੱਚ ਗੁਰੂਆਂ ਅਤੇ ਅਧਿਆਪਕਾਂ ਦਾ ਸਥਾਨ ਹਮੇਸ਼ਾ ਸਰਵਉੱਚ ਰਿਹਾ ਹੈ। ਅਧਿਆਪਕ ਦਿਵਸ ਸਾਨੂੰ ਉਨ੍ਹਾਂ ਸਾਰੇ ਅਧਿਆਪਕਾਂ ਦੇ ਯੋਗਦਾਨ ਨੂੰ ਯਾਦ ਕਰਨ ਅਤੇ ਉਨ੍ਹਾਂ ਪ੍ਰਤੀ ਸਤਿਕਾਰ ਪ੍ਰਗਟ ਕਰਨ ਦਾ ਮੌਕਾ ਦਿੰਦਾ ਹੈ, ਜਿਨ੍ਹਾਂ ਨੇ ਆਪਣੇ ਗਿਆਨ ਅਤੇ ਮਾਰਗਦਰਸ਼ਨ ਰਾਹੀਂ ਲੱਖਾਂ ਵਿਦਿਆਰਥੀਆਂ ਦੇ ਜੀਵਨ ਨੂੰ ਨਵੀਂ ਦਿਸ਼ਾ ਪ੍ਰਦਾਨ ਕੀਤੀ ਹੈ। ਡਾ. ਹਰਜੋਤ ਕਮਲ ਨੇ ਕਿਹਾ ਕਿ ਅੱਜ ਦੇ ਬਦਲਦੇ ਦੌਰ ਵਿੱਚ ਅਧਿਆਪਕਾਂ ਦੀ ਜ਼ਿੰਮੇਵਾਰੀ ਹੋਰ ਵੀ ਵੱਧ ਗਈ ਹੈ। ਤਕਨਾਲੋਜੀ ਅਤੇ ਕ੍ਰਿਤ੍ਰਿਮ ਬੁੱਧੀ ਦੇ ਇਸ ਯੁੱਗ ਵਿੱਚ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਦੇ ਨਾਲ-ਨਾਲ ਭਾਰਤੀ ਸੰਸਕਾਰਾਂ, ਸੱਭਿਆਚਾਰ ਅਤੇ ਮਾਨਵੀ ਕਦਰਾਂ-ਕੀਮਤਾਂ ਨਾਲ ਜੋੜਨਾ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਅਧਿਆਪਕ ਵਰਗ ਨੂੰ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ ਨੂੰ ਕੇਵਲ ਰੁਜ਼ਗਾਰ ਪ੍ਰਾਪਤੀ ਲਈ ਹੀ ਨਹੀਂ, ਸਗੋਂ ਇੱਕ ਜ਼ਿੰਮੇਵਾਰ, ਸੰਵੇਦਨਸ਼ੀਲ ਅਤੇ ਰਾਸ਼ਟਰਹਿਤ ਪ੍ਰਤੀ ਸਮਰਪਿਤ ਨਾਗਰਿਕ ਬਣਨ ਲਈ ਵੀ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਭਵਿੱਖ ਦਾ ਨਿਰਮਾਣ ਕਲਾਸਰੂਮਾਂ ਵਿੱਚ ਹੁੰਦਾ ਹੈ ਅਤੇ ਇਸ ਨਿਰਮਾਣ ਵਿੱਚ ਅਧਿਆਪਕ ਦੀ ਭੂਮਿਕਾ ਸਭ ਤੋਂ ਮਹੱਤਵਪੂਰਨ ਹੁੰਦੀ ਹੈ। ਇੱਕ ਯੋਗ ਅਤੇ ਸਮਰਪਿਤ ਅਧਿਆਪਕ ਆਪਣੇ ਵਿਦਿਆਰਥੀਆਂ ਦੇ ਜੀਵਨ ਵਿੱਚ ਅਜਿਹਾ ਸਕਾਰਾਤਮਕ ਬਦਲਾਅ ਲਿਆ ਸਕਦਾ ਹੈ, ਜਿਸ ਦਾ ਪ੍ਰਭਾਵ ਪੂਰੀ ਪੀੜ੍ਹੀ ਅਤੇ ਸਮਾਜ ’ਤੇ ਦਿਖਾਈ ਦਿੰਦਾ ਹੈ। ਅੰਤ ਵਿੱਚ ਡਾ. ਹਰਜੋਤ ਕਮਲ ਨੇ ਸਮਾਜ ਅਤੇ ਰਾਸ਼ਟਰ ਨਿਰਮਾਣ ਵਿੱਚ ਅਧਿਆਪਕ ਵਰਗ ਵੱਲੋਂ ਪਾਏ ਜਾ ਰਹੇ ਅਮੁੱਲੇ ਯੋਗਦਾਨ ਲਈ ਸਮੂਹ ਅਧਿਆਪਕਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਅਧਿਆਪਕ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੇ ਸਿਹਤਮੰਦ, ਸੁਖੀ ਅਤੇ ਸਨਮਾਨਪੂਰਨ ਜੀਵਨ ਦੀ ਕਾਮਨਾ ਕੀਤੀ।

ਕੈਪਸ਼ਨ- ਜਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ।