ਟਾਂਡਾ ਉੜਮੁੜ, 14 ਸਤੰਬਰ(ਬਖਸ਼ੀ )

ਟਾਂਡਾ ਸ਼ਹਿਰ ਦੇ ਲਹੌਰੀਆ ਮੁਹੱਲੇ ਵਿੱਚ ਸੋਮਵਾਰ ਸ਼ਾਮ ਇੱਕ ਬਜ਼ੁਰਗ ਦੁਕਾਨਦਾਰ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਗੁਲਜ਼ਾਰ ਸਿੰਘ ਪੁੱਤਰ ਪ੍ਰਹਿਲਾਦ ਸਿੰਘ ਵਾਸੀ ਲਹੌਰੀਆ ਮੁਹੱਲਾ, ਉੜਮੁੜ ਵਜੋਂ ਹੋਈ ਹੈ। ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਸਹਿਮ ਦਾ ਮਾਹੌਲ ਹੈ।

ਜਾਣਕਾਰੀ ਅਨੁਸਾਰ ਗੁਲਜ਼ਾਰ ਸਿੰਘ ਮੁਹੱਲੇ ਵਿੱਚ ਸੀਮੈਂਟ, ਬਜਰੀ ਅਤੇ ਰੇਤ ਦੀ ਦੁਕਾਨ ਚਲਾਉਂਦੇ ਸਨ। ਸੋਮਵਾਰ ਸ਼ਾਮ ਕਰੀਬ 4 ਵਜੇ ਕੁਝ ਅਣਪਛਾਤੇ ਵਿਅਕਤੀ ਸੀਮੈਂਟ ਖਰੀਦਣ ਦੇ ਬਹਾਨੇ ਉਨ੍ਹਾਂ ਦੀ ਦੁਕਾਨ ’ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਗੁਲਜ਼ਾਰ ਸਿੰਘ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਗੰਭੀਰ ਜ਼ਖ਼ਮੀ ਹੋਣ ਕਾਰਨ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਸੂਤਰਾਂ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨੂੰ ਦੱਸਿਆ ਕਿ ਗੁਲਜ਼ਾਰ ਸਿੰਘ ’ਤੇ ਇਸ ਤੋਂ ਪਹਿਲਾਂ ਵੀ ਦੋ ਵਾਰ ਜਾਨਲੇਵਾ ਹਮਲੇ ਹੋ ਚੁੱਕੇ ਸਨ। ਇੱਕ ਮਾਮਲੇ ਵਿੱਚ ਹਮਲਾਵਰਾਂ ਨੇ ਕਥਿਤ ਤੌਰ ’ਤੇ ਉਨ੍ਹਾਂ ’ਤੇ ਪੈਟਰੋਲ ਛਿੜਕ ਕੇ ਅੱਗ ਲਗਾਉਣ ਦੀ ਕੋਸ਼ਿਸ਼ ਵੀ ਕੀਤੀ ਸੀ।

ਗੁਲਜ਼ਾਰ ਸਿੰਘ ਆਪਣੀ ਪਤਨੀ ਨਾਲ ਰਹਿੰਦੇ ਸਨ, ਜਦਕਿ ਉਨ੍ਹਾਂ ਦਾ ਇੱਕ ਪੁੱਤਰ ਵਿਦੇਸ਼ ਵਿੱਚ ਰਹਿੰਦਾ ਹੈ।

ਸੂਚਨਾ ਮਿਲਣ ’ਤੇ ਡੀਐੱਸਪੀ ਟਾਂਡਾ ਦਵਿੰਦਰ ਸਿੰਘ ਬਾਜਵਾ ਅਤੇ ਥਾਣਾ ਟਾਂਡਾ ਦੀ ਐੱਸਐੱਚਓ ਇੰਸਪੈਕਟਰ ਅਮਰਜੀਤ ਕੌਰ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੁਕਾਨ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਪੁਲਿਸ ਵੱਲੋਂ ਹਮਲਾਵਰਾਂ ਦੀ ਪਛਾਣ ਅਤੇ ਕਤਲ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।