ਤਰਨਤਾਰਨ, 27 ਅਗਸਤ (ਅਮਿਤ ਮਰਵਾਹਾ)
ਸਾਂਝਾ ਮੁਲਾਜ਼ਮ ਮੰਚ ਪੰਜਾਬ, ਚੰਡੀਗੜ੍ਹ ਦੇ ਸੱਦੇ ’ਤੇ ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ, ਪੈਨਸ਼ਨਰਾਂ, ਮਿਡ-ਡੇ-ਮੀਲ ਅਤੇ ਆਸ਼ਾ ਵਰਕਰਾਂ ਵੱਲੋਂ ਵੀਰਵਾਰ ਨੂੰ ਪ੍ਰਬੰਧਕੀ ਕੰਪਲੈਕਸ ਵਿਖੇ ਰੋਸ ਰੈਲੀ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸਰਕਾਰ ਦਾ ਪੁਤਲਾ ਫੂਕ ਕੇ ਆਪਣਾ ਰੋਸ ਪ੍ਰਗਟਾਇਆ ਗਿਆ।
ਰੈਲੀ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਜਾਇਜ਼ ਮੰਗਾਂ ਸਬੰਧੀ ਸਰਕਾਰ ਨੂੰ ਕਈ ਵਾਰ ਮੰਗ ਪੱਤਰ ਦਿੱਤੇ ਗਏ ਹਨ, ਪਰ ਸਰਕਾਰ ਵੱਲੋਂ ਕੋਈ ਠੋਸ ਅਤੇ ਹਾਂ-ਪੱਖੀ ਕਾਰਵਾਈ ਨਹੀਂ ਕੀਤੀ ਗਈ। ਇਸ ਕਾਰਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਹੈ।
ਆਗੂਆਂ ਨੇ 2.59 ਗੁਣਾਂਕ ਲਾਗੂ ਕਰਨ, ਕੈਸ਼ਲੈੱਸ ਸਿਹਤ ਸਕੀਮ ਲਾਗੂ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਡੀ.ਏ. ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਅਤੇ 15 ਜਨਵਰੀ 2015 ਦਾ ਪੱਤਰ ਰੱਦ ਕਰਨ ਦੀ ਮੰਗ ਕੀਤੀ।
ਉਨ੍ਹਾਂ ਕਿਹਾ ਕਿ ਪ੍ਰੋਬੇਸ਼ਨ ਪੀਰੀਅਡ ਦੌਰਾਨ ਪੂਰੀ ਤਨਖਾਹ ਤੇ ਭੱਤਿਆਂ ਦੀ ਅਦਾਇਗੀ ਕੀਤੀ ਜਾਵੇ, 17 ਜੁਲਾਈ 2020 ਨੂੰ ਜਾਰੀ ਪੱਤਰ ਅਨੁਸਾਰ ਕੇਂਦਰੀ ਪੈਟਰਨ ’ਤੇ ਨਵੀਂ ਭਰਤੀ ਕਰਨ ਸਬੰਧੀ ਫ਼ੈਸਲਾ ਰੱਦ ਕੀਤਾ ਜਾਵੇ ਅਤੇ 4, 9, 14 ਏ.ਸੀ.ਪੀ. ਸਕੀਮ ਮੁੜ ਬਹਾਲ ਕੀਤੀ ਜਾਵੇ। ਇਸ ਤੋਂ ਇਲਾਵਾ ਮਿਡ-ਡੇ-ਮੀਲ ਅਤੇ ਆਸ਼ਾ ਵਰਕਰ ਭੈਣਾਂ ਦੀਆਂ ਮੰਗਾਂ ਨੂੰ ਵੀ ਤੁਰੰਤ ਪੂਰਾ ਕਰਨ ਦੀ ਮੰਗ ਕੀਤੀ ਗਈ।
ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੁਲਾਜ਼ਮਾਂ, ਪੈਨਸ਼ਨਰਾਂ, ਮਿਡ-ਡੇ-ਮੀਲ ਅਤੇ ਆਸ਼ਾ ਵਰਕਰਾਂ ਦੀਆਂ ਜਾਇਜ਼ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਸਾਂਝਾ ਮੁਲਾਜ਼ਮ ਮੰਚ ਪੰਜਾਬ ਵੱਲੋਂ ਦਿੱਤੇ ਜਾਣ ਵਾਲੇ ਅਗਲੇ ਤਿੱਖੇ ਐਕਸ਼ਨ ਨੂੰ ਜ਼ਿਲ੍ਹਾ ਤਰਨ ਤਾਰਨ ਵਿੱਚ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਇਸ ਮੌਕੇ ਸੁਖਪ੍ਰੀਤ ਸਿੰਘ ਪੰਨੂ ਜ਼ਿਲ੍ਹਾ ਕਨਵੀਨਰ, ਗੁਰਸੇਵਕ ਸਿੰਘ ਸਰਾਂ ਪ੍ਰਧਾਨ, ਅੰਗਰੇਜ਼ ਸਿੰਘ ਰੰਧਾਵਾ ਜਨਰਲ ਸਕੱਤਰ, ਤਰਸੇਮ ਸਿੰਘ ਸੀਨੀਅਰ ਮੀਤ ਪ੍ਰਧਾਨ, ਜਸਪਾਲ ਸਿੰਘ ਵਿੱਤ ਸਕੱਤਰ ਪੀ.ਐੱਸ.ਐੱਮ.ਐੱਸ. ਯੂਨੀਅਨ, ਕੁਰਵਿੰਦਰ ਸਿੰਘ ਚੀਮਾ ਪ੍ਰਧਾਨ ਅਤੇ ਸਿਵਕਰਨ ਸਿੰਘ ਚੀਮਾ ਜਨਰਲ ਸਕੱਤਰ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਸਮੇਤ ਵੱਖ-ਵੱਖ ਵਿਭਾਗਾਂ ਅਤੇ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।
ਰੈਲੀ ਵਿੱਚ ਸਿੱਖਿਆ, ਸਿਹਤ, ਪੰਜਾਬ ਰੋਡਵੇਜ਼, ਖੇਤੀਬਾੜੀ, ਬਾਗਬਾਨੀ, ਵਾਟਰ ਸਪਲਾਈ, ਫੂਡ ਸਪਲਾਈ, ਸਹਿਕਾਰਤਾ, ਰੈਵੀਨਿਊ, ਪੀ.ਐੱਸ.ਈ.ਬੀ., ਮਿਡ-ਡੇ-ਮੀਲ, ਆਸ਼ਾ ਵਰਕਰ ਅਤੇ ਹੋਰ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ




