ਬਾਘਾ ਪੁਰਾਣਾ, 6 ਅਗਸਤ (ਜਸ਼ਨ ) ਪੰਜਾਬ ਕਾਂਗਰਸ ਦੇ ਇੰਚਾਰਜ ਸ਼੍ਰੀ ਭੁਪੇਸ਼ ਬਘੇਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲਾ ਮੋਗਾ ਵਿਖੇ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਇੱਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦਾ ਉਦੇਸ਼ ਪਾਰਟੀ ਨੂੰ ਬੂਥ ਪੱਧਰ ’ਤੇ ਹੋਰ ਮਜ਼ਬੂਤ ਬਣਾਉਣਾ ਅਤੇ ਆਉਣ ਵਾਲੀਆਂ ਚੋਣਾਂ ਲਈ ਵਰਕਰਾਂ ਨੂੰ ਇੱਕਜੁੱਟ ਕਰਨਾ ਸੀ। ਇਸ ਮੀਟਿੰਗ ਵਿਚ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਤੋਂ ਮੁੱਖ ਸੇਵਾਦਾਰ ਜਗਸੀਰ ਸਿੰਘ ਕਾਲੇਕੇ ਆਪਣੇ ਸਮਰਥਕਾਂ ਅਤੇ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰਾਂ ਨਾਲ ਸ਼ਾਮਲ ਹੋਏ। ਉਨ੍ਹਾਂ ਦੀ ਅਗਵਾਈ ਹੇਠ ਹਲਕੇ ਦੇ ਬਲਾਕ ਪ੍ਰਧਾਨਾਂ, ਪੰਚਾਂ, ਸਰਪੰਚਾਂ, ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ ਅਤੇ ਸਾਬਕਾਂ ਕੌਂਸਲਰਾਂ ਅਤੇ ਹੋਰ ਸੀਨੀਅਰ ਕਾਂਗਰਸੀ ਆਗੂਆਂ ਨੇ ਭਰਵੀਂ ਹਾਜ਼ਰੀ ਲਗਵਾ ਕੇ ਪਾਰਟੀ ਪ੍ਰਤੀ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਸਾਬਕਾ ਚੇਅਰਮੈਨ ਗੁਰਬਚਨ ਸਿੰਘ ਬਰਾੜ, ਸ਼ਹਿਰੀ ਪ੍ਰਧਾਨ ਗੁਰਜੰਟ ਸਿੰਘ ਧਾਲੀਵਾਲ, ਬਲਾਕ ਪ੍ਰਧਾਨ ਗੁਰਤੇਜ ਸਿੰਘ ਨੱਥੂਵਾਲਾ, ਬਲਾਕ ਪ੍ਰਧਾਨ ਦਵਿੰਦਰਪਾਲ ਸਿੰਘ ਰਾਜਾ ਸਮਾਲਸਰ, ਬਲਾਕ ਪ੍ਰਧਾਨ ਕਿਸਾਨ ਸੈੱਲ ਗੁਰਲਾਭ ਸਿੰਘ ਠੱਠੀ, ਬਲਾਕ ਪ੍ਰਧਾਨ ਕਿਸਾਨ ਸੈੱਲ ਜਸਪਾਲ ਸਿੰਘ ਆਲਮਵਾਲਾ, ਸਾਬਕਾ ਨਗਰ ਕੌਂਸਲ ਪ੍ਰਧਾਨ ਬਿੱਟੂ ਮਿੱਤਲ, ਕਰਨਜੀਤ ਸਿੰਘ ਵਾਂਦਰ, ਦੀਪਾ ਅਰੋੜਾ, ਸੁੱਖਾ ਲੰਗੇਆਣਾ, ਸੀਪਾ ਰਾਜੇਆਣਾ, ਗਗਨ ਸਰਪੰਚ ਨਿਗਾਹਾਂ, ਮਨਿੰਦਰ ਸਿੰਘ ਰਾਜੇਆਣਾ, ਜਗਸੀਰ ਸਿੰਘ ਜੱਗਾ, ਗੁਰਮੁਖ ਸਿੰਘ, ਕਾਕਾ ਆਲਮਵਾਲਾ, ਸ਼ਸ਼ੀ ਗਰਗ, ਬੱਬਲੂ ਰੋਡੇ ਸਮੇਤ ਹੋਰ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਹਾਜ਼ਰ ਸਨ।
ਇਸ ਮੌਕੇ ਜਗਸੀਰ ਸਿੰਘ ਕਾਲੇਕੇ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਕਾਂਗਰਸ ਵੱਲੋਂ ਸ਼ੁਰੂ ਕੀਤੀ ਗਈ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਹਰ ਵਰਕਰ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਬੂਥ ਪੱਧਰ ’ਤੇ ਸੰਗਠਨ ਨੂੰ ਮਜ਼ਬੂਤ ਕਰਕੇ ਹੀ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਹਲਕਾ ਬਾਘਾ ਪੁਰਾਣਾ ਦਾ ਹਰ ਕਾਂਗਰਸੀ ਵਰਕਰ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰੇਗਾ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਮਜ਼ਬੂਤ ਜਿੱਤ ਦਿਵਾਉਣ ਲਈ ਪੂਰੀ ਤਾਕਤ ਨਾਲ ਜੁਟੇਗਾ।
ਮੀਟਿੰਗ ਦੌਰਾਨ ਆਗੂਆਂ ਨੇ ਵਰਕਰਾਂ ਨੂੰ ਆਪਸੀ ਏਕਤਾ ਬਣਾਈ ਰੱਖਣ, ਲੋਕਾਂ ਨਾਲ ਲਗਾਤਾਰ ਸੰਪਰਕ ਵਿਚ ਰਹਿਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸੰਗਠਨ ਦੀ ਮਜ਼ਬੂਤੀ ਨਾਲ ਕਾਂਗਰਸ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਸਿਆਸਤ ਵਿੱਚ ਹੋਰ ਮਜ਼ਬੂਤ ਹੋ ਕੇ ਉਭਰੇਗੀ।