ਚੰਡੀਗੜ੍ਹ ; 25 ਮਈ(ਬਿੱਟੂ ਗਰੋਵਰ )
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂਆਂ ਨੇ ਪਿਛਲੇ 10 ਦਿਨਾਂ ਦੌਰਾਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਏ ਲਗਾਤਾਰ ਵਾਧੇ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਚਾਰ ਵਾਰ ਕੀਤੇ ਵਾਧੇ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਕਰੀਬ ₹8 ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ, ਜਿਸ ਨਾਲ ਕਿਸਾਨ, ਟਰਾਂਸਪੋਰਟਰ, ਵਪਾਰੀ ਅਤੇ ਮੱਧ ਵਰਗੀ ਪਰਿਵਾਰ ਹੋਰ ਵੀ ਡੂੰਘੇ ਆਰਥਿਕ ਸੰਕਟ ਵਿੱਚ ਫਸ ਗਏ ਹਨ।
ਉਨ੍ਹਾਂ ਖੁਲਾਸਾ ਕੀਤਾ ਕਿ ਜਿੱਥੇ ਇੱਕ ਪਾਸੇ ਮਹਿੰਗਾਈ ਲਗਾਤਾਰ ਵਧ ਰਹੀ ਹੈ, ਉੱਥੇ ਹੀ ਮੋਦੀ ਸਰਕਾਰ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਆਮ ਲੋਕਾਂ 'ਤੇ ਬੋਝ ਪਾ ਰਹੀ ਹੈ। ਆਗੂਆਂ ਨੇ ਕਿਹਾ ਕਿ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ ਸਿੱਧਾ ਕਿਸਾਨਾਂ 'ਤੇ ਮਾਰ ਕਰੇਗਾ ਅਤੇ ਇਸ ਨਾਲ ਦੇਸ਼ ਭਰ ਵਿੱਚ ਟਰਾਂਸਪੋਰਟ ਅਤੇ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਹੋਰ ਵਧਣਗੀਆਂ।
ਇਸ ਸਬੰਧੀ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਕੇਂਦਰ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਕੀਤੇ ਜਾ ਰਹੇ ਵਾਧੇ ਨੇ ਭਾਜਪਾ ਸਰਕਾਰ ਦੀ ਮਹਿੰਗਾਈ ਨੂੰ ਕਾਬੂ ਕਰਨ ਅਤੇ ਲੋਕਾਂ ਨੂੰ ਆਰਥਿਕ ਤੰਗੀ ਤੋਂ ਬਚਾਉਣ ਵਿੱਚ ਨਾਕਾਮੀ ਨੂੰ ਜਗ-ਜ਼ਾਹਰ ਕਰ ਦਿੱਤਾ ਹੈ।"
ਉਨ੍ਹਾਂ ਆਪਣੀ ਗੱਲ ਜਾਰੀ ਰੱਖਦਿਆਂ ਕਿਹਾ, "15 ਮਈ ਤੋਂ 25 ਮਈ ਦਰਮਿਆਨ ਤੇਲ ਦੀਆਂ ਕੀਮਤਾਂ ਵਿੱਚ ਵਾਰ-ਵਾਰ ਹੋਏ ਵਾਧੇ ਨੇ ਦੇਸ਼ ਭਰ ਵਿੱਚ ਇੱਕ ਚਿੰਤਾਜਨਕ ਸਥਿਤੀ ਪੈਦਾ ਕਰ ਦਿੱਤੀ ਹੈ।
15 ਮਈ ਨੂੰ ਪੈਟਰੋਲ ਦੀ ਕੀਮਤ ਵਿੱਚ ₹3.29 ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ,
ਇਸ ਤੋਂ ਬਾਅਦ 19 ਮਈ ਨੂੰ ₹0.96, 23 ਮਈ ਨੂੰ ₹0.94
ਅਤੇ ਫਿਰ 25 ਮਈ ਨੂੰ ₹2.87 ਪ੍ਰਤੀ ਲੀਟਰ ਦਾ ਭਾਰੀ ਵਾਧਾ ਕੀਤਾ ਗਿਆ।
ਮਹਿਜ਼ ਦਸ ਦਿਨਾਂ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ ₹8.06 ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਇਹ ਭਾਜਪਾ ਸਰਕਾਰ ਦੀ ਲੋਕ ਵਿਰੋਧੀ ਮਾਨਸਿਕਤਾ ਨੂੰ ਸਾਫ਼ ਦਰਸਾਉਂਦਾ ਹੈ, ਜੋ ਲੋਕਾਂ ਨੂੰ ਰਾਹਤ ਦੇਣ ਦੀ ਬਜਾਏ ਲਗਾਤਾਰ ਆਮ ਆਦਮੀ ਦਾ ਖੂਨ ਨਿਚੋੜ ਰਹੀ ਹੈ।"
ਹਰਪਾਲ ਸਿੰਘ ਚੀਮਾ ਨੇ ਕਿਹਾ, "15 ਮਈ ਨੂੰ ਡੀਜ਼ਲ ਦੀਆਂ ਕੀਮਤਾਂ ਵਿੱਚ ₹3.11 ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ, ਜਿਸ ਤੋਂ ਬਾਅਦ 19 ਮਈ ਨੂੰ ₹0.94, 23 ਮਈ ਨੂੰ ₹0.95 ਅਤੇ 25 ਮਈ ਨੂੰ ₹2.80 ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ। ਦਸ ਦਿਨਾਂ ਦੇ ਅੰਦਰ ਡੀਜ਼ਲ ਦੀਆਂ ਕੀਮਤਾਂ ਵਿੱਚ ਵੀ ਕਰੀਬ ₹8 ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਕਿਸਾਨ, ਟਰਾਂਸਪੋਰਟਰ, ਮਜ਼ਦੂਰ ਅਤੇ ਵਪਾਰੀ ਇਸ ਬਣਾਵਟੀ ਤੇਲ ਦੀ ਮਹਿੰਗਾਈ ਦੇ ਬੋਝ ਹੇਠ ਪਿੱਸ ਰਹੇ ਹਨ।"
ਉਨ੍ਹਾਂ ਅੱਗੇ ਕਿਹਾ, "ਡੀਜ਼ਲ ਦੀਆਂ ਕੀਮਤਾਂ ਵਿੱਚ ਹੋਏ ਭਾਰੀ ਵਾਧੇ ਨੇ ਖ਼ਾਸ ਕਰਕੇ ਕਿਸਾਨਾਂ ਨੂੰ ਅਜਿਹੇ ਨਾਜ਼ੁਕ ਸਮੇਂ ਪ੍ਰਭਾਵਿਤ ਕੀਤਾ ਹੈ ਜਦੋਂ ਝੋਨੇ ਦੀ ਬਿਜਾਈ ਦਾ ਸੀਜ਼ਨ ਚੱਲ ਰਿਹਾ ਹੈ। ਕਿਸਾਨ ਟਰੈਕਟਰਾਂ ਅਤੇ ਖੇਤੀਬਾੜੀ ਦੇ ਕੰਮਾਂ ਲਈ ਡੀਜ਼ਲ 'ਤੇ ਬਹੁਤ ਜ਼ਿਆਦਾ ਨਿਰਭਰ ਕਰਦੇ ਹਨ। ਅਜਿਹੇ ਸਮੇਂ ਜਦੋਂ ਉਨ੍ਹਾਂ ਨੂੰ ਮਦਦ ਦੀ ਲੋੜ ਸੀ, ਭਾਜਪਾ ਸਰਕਾਰ ਉਨ੍ਹਾਂ ਦਾ ਆਰਥਿਕ ਬੋਝ ਵਧਾ ਰਹੀ ਹੈ ਅਤੇ ਉਨ੍ਹਾਂ ਨੂੰ ਹੋਰ ਮੁਸ਼ਕਲਾਂ ਵੱਲ ਧੱਕ ਰਹੀ ਹੈ।"
ਵਿੱਤ ਮੰਤਰੀ ਨੇ ਅੱਗੇ ਕਿਹਾ, "ਮਹਿੰਗਾਈ ਦਾ ਇਹ ਸੰਕਟ ਸਿਰਫ਼ ਪੈਟਰੋਲ ਅਤੇ ਡੀਜ਼ਲ ਤੱਕ ਹੀ ਸੀਮਤ ਨਹੀਂ ਹੈ। ਰਿਪੋਰਟਾਂ ਮੁਤਾਬਕ ਪਿਛਲੇ ਮਹੀਨੇ ਵਪਾਰਕ (ਕਮਰਸ਼ੀਅਲ) ਐਲਪੀਜੀ ਦੀਆਂ ਕੀਮਤਾਂ ਵਿੱਚ 48% ਤੋਂ 75% ਤੱਕ ਦਾ ਵਾਧਾ ਹੋਇਆ ਹੈ, ਜਦੋਂ ਕਿ ਹਵਾਈ ਜਹਾਜ਼ ਦੇ ਬਾਲਣ (ਏਵੀਏਸ਼ਨ ਫਿਊਲ) ਦੀਆਂ ਕੀਮਤਾਂ ਵਿੱਚ ਵੀ ਕਰੀਬ 25% ਦਾ ਵਾਧਾ ਹੋਇਆ ਹੈ। ਇਹ ਵਾਧਾ ਵਪਾਰੀਆਂ, ਕਾਰੋਬਾਰੀਆਂ ਅਤੇ ਆਮ ਨਾਗਰਿਕਾਂ ਲਈ ਟਰਾਂਸਪੋਰਟ, ਸਫ਼ਰ ਅਤੇ ਜ਼ਰੂਰੀ ਸੇਵਾਵਾਂ ਨੂੰ ਹੋਰ ਮਹਿੰਗਾ ਕਰ ਰਿਹਾ ਹੈ। ਕੇਂਦਰ ਸਰਕਾਰ ਕੁਝ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਜਾਣਬੁੱਝ ਕੇ ਮਹਿੰਗਾਈ ਦਾ ਸਾਰਾ ਬੋਝ ਆਮ ਲੋਕਾਂ 'ਤੇ ਪਾ ਰਹੀ ਹੈ। ਭਾਜਪਾ ਸਰਕਾਰ ਨਾ ਸਿਰਫ਼ ਆਰਥਿਕ ਮੋਰਚੇ 'ਤੇ ਫੇਲ੍ਹ ਸਾਬਤ ਹੋ ਰਹੀ ਹੈ, ਸਗੋਂ ਵੱਡੇ ਕਾਰਪੋਰੇਟ ਹਿੱਤਾਂ ਦਾ ਪੱਖ ਪੂਰਦਿਆਂ ਛੋਟੇ ਵਪਾਰੀਆਂ, ਕਿਸਾਨਾਂ, ਮੁਲਾਜ਼ਮਾਂ ਅਤੇ ਮੱਧ ਵਰਗ ਦੇ ਵਿਰੁੱਧ ਸਰਗਰਮੀ ਨਾਲ ਕੰਮ ਕਰ ਰਹੀ ਹੈ।"
ਹਰਪਾਲ ਸਿੰਘ ਚੀਮਾ ਨੇ ਕਿਹਾ, "ਭਾਜਪਾ ਦਾ 'ਬਹੁਤ ਹੁਈ ਮਹਿੰਗਾਈ ਕੀ ਮਾਰ' ਦਾ ਨਾਅਰਾ ਹੁਣ ਦੇਸ਼ ਦੇ ਸਾਹਮਣੇ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕਾ ਹੈ। ਪ੍ਰਧਾਨ ਮੰਤਰੀ ਅਕਸਰ ਵਿਦੇਸ਼ੀ ਦੌਰਿਆਂ ਵਿੱਚ ਰੁੱਝੇ ਰਹਿੰਦੇ ਹਨ ਜਦੋਂ ਕਿ ਦੇਸ਼ ਦੇ ਲੋਕ ਵਧਦੀਆਂ ਕੀਮਤਾਂ ਅਤੇ ਆਰਥਿਕ ਤੰਗੀ ਨਾਲ ਜੂਝ ਰਹੇ ਹਨ। ਭਾਰਤ ਦੇ 140 ਕਰੋੜ ਲੋਕਾਂ ਨੇ ਪ੍ਰਧਾਨ ਮੰਤਰੀ ਨੂੰ ਦੇਸ਼ ਦੀ ਸੇਵਾ ਕਰਨ ਲਈ ਚੁਣਿਆ ਸੀ, ਨਾ ਕਿ ਦੇਸ਼ ਵਾਸੀਆਂ ਦੀਆਂ ਤਕਲੀਫ਼ਾਂ ਨੂੰ ਨਜ਼ਰਅੰਦਾਜ਼ ਕਰਨ ਲਈ। ਕੇਂਦਰ ਸਰਕਾਰ ਨੂੰ ਤੇਲ ਦੀਆਂ ਕੀਮਤਾਂ ਨੂੰ ਕਾਬੂ ਕਰਨ ਅਤੇ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਤੇ ਮੱਧ ਵਰਗ ਨੂੰ ਰਾਹਤ ਦੇਣ ਲਈ ਤੁਰੰਤ ਦਖ਼ਲ ਦੇਣਾ ਚਾਹੀਦਾ ਹੈ। ਲਗਾਤਾਰ ਲਾਪਰਵਾਹੀ ਅਤੇ ਲੋਕ ਵਿਰੋਧੀ ਆਰਥਿਕ ਨੀਤੀਆਂ ਦੇਸ਼ ਨੂੰ ਹੋਰ ਆਰਥਿਕ ਮੰਦਹਾਲੀ ਅਤੇ ਅਸਥਿਰਤਾ ਵੱਲ ਧੱਕਣਗੀਆਂ।"




