ਮੋਗਾ,31 ਅਗਸਤ (ਲਛਮਣਜੀਤ ਸਿੰਘ ਪੁਰਬਾ):ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਕਮੇਟੀ ਦੇ ਸੱਦੇ ’ਤੇ ਅੱਜ ਪੰਜਾਬ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਡੀਸੀ ਦਫ਼ਤਰਾਂ ਦੇ ਬਾਹਰ ਕਿਸਾਨਾਂ ਵੱਲੋਂ ਆਪਣੀਆਂ 13 ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਪੱਕੇ ਮੋਰਚੇ ਸ਼ੁਰੂ ਕੀਤੇ ਗਏ।

ਇਸੇ ਤਹਿਤ ਮੋਗਾ ਵਿੱਚ ਵੀ ਕਿਸਾਨਾਂ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਧਰਨਾ ਲਗਾ ਕੇ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਕਿਸਾਨ ਆਗੂ ਇਕਬਾਲ ਸਿੰਘ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਜਥੇਬੰਦੀ ਵੱਲੋਂ ਪੂਰੇ ਪੰਜਾਬ ਵਿੱਚ ਇਹ ਸੰਘਰਸ਼ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਨਹੀਂ ਕਰਦੀ, ਉਦੋਂ ਤੱਕ ਇਹ ਧਰਨਾ ਲਗਾਤਾਰ ਜਾਰੀ ਰਹੇਗਾ।

ਕਿਸਾਨ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਪ੍ਰਮੁੱਖ ਮੰਗਾਂ ਵਿੱਚ ਭਾਰਤ-ਅਮਰੀਕਾ ਵਪਾਰ ਸਮਝੌਤਾ ਰੱਦ ਕਰਨਾ, ਲੈਂਡ ਪੂਲਿੰਗ ਪਾਲਿਸੀ ਰੱਦ ਕਰਨਾ, ਫ਼ਸਲਾਂ ਦੇ ਨੁਕਸਾਨ ਦਾ ਉਚਿਤ ਮੁਆਵਜ਼ਾ ਦੇਣਾ, ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨਾ, ਫ਼ਸਲਾਂ ’ਤੇ MSP ਦੀ ਕਾਨੂੰਨੀ ਗਾਰੰਟੀ ਦੇਣਾ, ਕਿਸਾਨਾਂ ਖ਼ਿਲਾਫ਼ ਦਰਜ ਮੁਕੱਦਮੇ ਵਾਪਸ ਲੈਣਾ ਅਤੇ ਬਿਜਲੀ ਬਿੱਲ-2020 ਵਾਪਸ ਲੈਣਾ ਸ਼ਾਮਲ ਹੈ।

ਕਿਸਾਨ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸੂਬਾ ਕਮੇਟੀ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਡੀਸੀ ਦਫ਼ਤਰਾਂ ਦੇ ਬਾਹਰ ਪੱਕੇ ਮੋਰਚੇ ਲਗਾਏ ਗਏ ਹਨ ਅਤੇ ਮੰਗਾਂ ਪੂਰੀਆਂ ਹੋਣ ਤੱਕ ਕਿਸਾਨਾਂ ਦਾ ਅੰਦੋਲਨ ਜਾਰੀ ਰਹੇਗਾ।