ਫਿਰੋਜ਼ਪੁਰ, 10 ਅਗਸਤ ,ਜੀਰਾ (ਤੀਰਥ): ਮੱਲਾਵਾਲਾ ਵਿੱਚ ਪੁਲਿਸ ਵੱਲੋਂ ਕੀਤੀ ਜਾ ਰਹੀ ਨਾਕਾਬੰਦੀ ਦੌਰਾਨ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨਾਂ ਨੇ ਪੁਲਿਸ ਪਾਰਟੀ ’ਤੇ ਕਥਿਤ ਤੌਰ ’ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਦੌਰਾਨ ਦੋਵੇਂ ਨੌਜਵਾਨ ਜ਼ਖਮੀ ਹੋ ਗਏ। ਮਾਮਲੇ ਸਬੰਧੀ ਥਾਣਾ ਮੱਲਾਵਾਲਾ ਵਿੱਚ ਮੁਕੱਦਮਾ ਨੰਬਰ 140 ਮਿਤੀ 9 ਅਗਸਤ 2026 ਦਰਜ ਕੀਤਾ ਗਿਆ ਹੈ। ਪੁਲਿਸ ਅਨੁਸਾਰ ਐਸਆਈ ਬਲਵਿੰਦਰ ਸਿੰਘ ਨੰਬਰ 67/ਫਿਰੋਜ਼ਪੁਰ ਦੀ ਅਗਵਾਈ ਹੇਠ ਪੁਲਿਸ ਪਾਰਟੀ ਸੀਆਈਏ ਸਟਾਫ਼ ਜ਼ੀਰਾ ਦੇ ਕਰਮਚਾਰੀਆਂ ਨਾਲ ਮਿਲ ਕੇ ਪਿੰਡ ਫਤਿਹਗੜ੍ਹ ਸਭਰਾ ਨੇੜੇ ਬੰਨ ਦਰਿਆ ’ਤੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ ਕਰ ਰਹੀ ਸੀ। ਇਸੇ ਦੌਰਾਨ ਮੱਖੂ ਵੱਲੋਂ ਇੱਕ ਮੋਟਰਸਾਈਕਲ ’ਤੇ ਦੋ ਨੌਜਵਾਨ ਆਉਂਦੇ ਦਿਖਾਈ ਦਿੱਤੇ। ਪੁਲਿਸ ਨੇ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ। ਪੁਲਿਸ ਦਾ ਦਾਅਵਾ ਹੈ ਕਿ ਨਾਕਾ ਦੇਖ ਕੇ ਮੋਟਰਸਾਈਕਲ ਸਵਾਰਾਂ ਨੇ ਵਾਹਨ ਪਿੱਛੇ ਮੋੜਨ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਉਹ ਸੜਕ ’ਤੇ ਡਿੱਗ ਪਏ। ਇਸ ਤੋਂ ਬਾਅਦ ਦੋਵਾਂ ਨੇ ਪੁਲਿਸ ਪਾਰਟੀ ਨੂੰ ਨਿਸ਼ਾਨਾ ਬਣਾਉਂਦਿਆਂ ਕਥਿਤ ਤੌਰ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੁਲਿਸ ਮੁਤਾਬਕ ਆਪਣੀ ਸੁਰੱਖਿਆ ਲਈ ਜਵਾਬੀ ਫਾਇਰਿੰਗ ਕੀਤੀ ਗਈ, ਜਿਸ ਵਿੱਚ ਦੋਵੇਂ ਨੌਜਵਾਨ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ।
ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਮੁਲਜ਼ਮਾਂ ਦੀ ਪਛਾਣ ਦਿਲਬਾਗ ਸਿੰਘ ਉਰਫ਼ ਬਾਗਾ ਪੁੱਤਰ ਰਛਪਾਲ ਸਿੰਘ ਵਾਸੀ ਜਗੇ ਵਾਲਾ, ਥਾਣਾ ਮੱਖੂ ਅਤੇ ਹਰਪ੍ਰੀਤ ਸਿੰਘ ਉਰਫ਼ ਹੈਪੀ ਪੁੱਤਰ ਜਤਿੰਦਰ ਸਿੰਘ ਵਾਸੀ ਤਲਵੰਡੀ ਸੋਭਾ ਸਿੰਘ, ਥਾਣਾ ਸਦਰ ਪੱਟੀ, ਹਾਲ ਵਾਸੀ ਭੂਤੀ ਵਾਲਾ, ਥਾਣਾ ਮੱਖੂ ਵਜੋਂ ਹੋਈ ਹੈ। ਮੌਕੇ ਤੋਂ ਪੁਲਿਸ ਨੇ ਇੱਕ 32 ਬੋਰ ਦਾ ਪਿਸਤੌਲ ਮੈਗਜ਼ੀਨ ਸਮੇਤ, ਇੱਕ ਜਿੰਦਾ ਕਾਰਤੂਸ ਅਤੇ ਇੱਕ ਖੋਲ ਬਰਾਮਦ ਕੀਤਾ। ਇਸ ਤੋਂ ਇਲਾਵਾ ਇੱਕ 30 ਬੋਰ ਦਾ ਪਿਸਤੌਲ ਮੈਗਜ਼ੀਨ ਸਮੇਤ, ਚਾਰ ਖੋਲ ਅਤੇ ਇੱਕ ਜਿੰਦਾ ਕਾਰਤੂਸ ਵੀ ਕਬਜ਼ੇ ਵਿੱਚ ਲਿਆ ਗਿਆ। ਪੁਲਿਸ ਨੇ ਮੋਟਰਸਾਈਕਲ ਡੀਲਕਸ ਨੰਬਰ ਪੀਬੀ-05-ਏਈ-4378 ਵੀ ਜ਼ਬਤ ਕਰ ਲਿਆ ਹੈ। ਥਾਣਾ ਮੱਲਾਵਾਲਾ ਪੁਲਿਸ ਨੇ ਮਾਮਲੇ ਵਿੱਚ ਬੀਐਨਐਸ ਦੀਆਂ ਧਾਰਾਵਾਂ 109, 132, 221, 32, 4(4), 3(5) ਅਤੇ ਅਸਲਾ ਐਕਟ ਦੀਆਂ ਧਾਰਾਵਾਂ 25/27 ਸਮੇਤ ਆਈਪੀਸੀ ਦੀਆਂ ਧਾਰਾਵਾਂ 307, 353, 186, 427 ਅਤੇ 34 ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਖ਼ਬਰਾਂ
ਨਾਕਾਬੰਦੀ ਦੌਰਾਨ ਪੁਲਿਸ ’ਤੇ ਫਾਇਰਿੰਗ, ਜਵਾਬੀ ਕਾਰਵਾਈ ’ਚ ਦੋ ਨੌਜਵਾਨ ਜ਼ਖਮੀ,ਦੋ ਪਿਸਤੌਲ, ਜਿੰਦਾ ਕਾਰਤੂਸ ਤੇ ਖੋਲ ਬਰਾਮਦ; ਮੋਟਰਸਾਈਕਲ ਵੀ ਕਬਜ਼ੇ ’ਚ
10 ਅਗਸਤ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



