ਤਰਨਤਾਰਨ 15 ਜੂਨ (ਅਮਿਤ ਮਰਵਾਹਾ):
ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਸਰਗਰਮੀਆਂ ਤੇਜ਼ ਹੋ ਰਹੀਆਂ ਹਨ। ਇਸੇ ਦੌਰਾਨ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਲਗਾਤਾਰ ਮਜ਼ਬੂਤੀ ਮਿਲ ਰਹੀ ਹੈ ਅਤੇ ਵੱਖ-ਵੱਖ ਪਾਰਟੀਆਂ ਦੇ ਆਗੂ ਤੇ ਵਰਕਰ ਵੱਡੀ ਗਿਣਤੀ ਵਿੱਚ ਭਾਜਪਾ ਦਾ ਲੜ ਫੜ੍ਹ ਰਹੇ ਹਨ।
ਇਸੇ ਕੜੀ ਤਹਿਤ ਅੱਜ ਤਰਨਤਾਰਨ ਸਥਿਤ ਭਾਜਪਾ ਦੇ ਜ਼ਿਲ੍ਹਾ ਦਫ਼ਤਰ ਵਿੱਚ ਆਮ ਆਦਮੀ ਪਾਰਟੀ ਦੇ ਸਾਬਕਾ ਬਲਾਕ ਪ੍ਰਧਾਨ ਗੁਰਜੀਤ ਸਿੰਘ ਝਾਮਕਾ ਆਪਣੇ ਸੈਂਕੜੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋਏ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਦਾ ਭਰਪੂਰ ਸਵਾਗਤ ਕੀਤਾ ਗਿਆ।
ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਗੁਰਜੀਤ ਸਿੰਘ ਝਾਮਕਾ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਪਾਰਟੀ ਦਾ ਸਿਰੋਪਾ ਅਤੇ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਵਿਕਾਸਮੁਖੀ ਸੋਚ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਭਾਜਪਾ ਨਾਲ ਜੁੜ ਰਹੇ ਹਨ, ਜਿਸ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤੀ ਮਿਲੇਗੀ।
ਗੁਰਜੀਤ ਸਿੰਘ ਝਾਮਕਾ ਨੇ ਭਾਜਪਾ ਦੀ ਮੈਂਬਰਸ਼ਿਪ ਗ੍ਰਹਿਣ ਕਰਨ ਉਪਰੰਤ ਪਾਰਟੀ ਦੀ ਵਿਚਾਰਧਾਰਾ ਅਤੇ ਲੀਡਰਸ਼ਿਪ 'ਤੇ ਭਰੋਸਾ ਪ੍ਰਗਟਾਉਂਦਿਆਂ ਕਿਹਾ ਕਿ ਉਹ ਆਪਣੇ ਸਾਥੀਆਂ ਨਾਲ ਮਿਲ ਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।




