ਮੋਗਾ, 26 ਸਤੰਬਰ (ਜਸ਼ਨ ) : ਮੋਗਾ ਹਲਕੇ ਦੇ ਪਿੰਡ ਸਲੀਣਾ ਵਿੱਚ ਵਿਕਾਸ ਕਾਰਜਾਂ ਨੂੰ ਗਤੀ ਦਿੰਦਿਆਂ ਕੁੱਲ 91 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ ਦਿੱਤੀ ਗਈ। ਇਸ ਮੌਕੇ 65 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਮੋਗਾ ਹਲਕੇ ਦੀ ਪਹਿਲੀ ਸਰਕਾਰੀ ਸ਼ੂਟਿੰਗ ਰੇਂਜ ਦਾ ਨੀਂਹ ਪੱਥਰ ਰੱਖਿਆ ਗਿਆ, ਜਦਕਿ 26 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੀਆਂ ਸੱਤ ਇੰਟਰਲਾਕ ਗਲੀਆਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਕੀਤਾ ਗਿਆ। ਇਸ ਮੌਕੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਲੀਣਾ ਵਿੱਚ ਬਣਨ ਵਾਲੀ ਸਰਕਾਰੀ ਸ਼ੂਟਿੰਗ ਰੇਂਜ ਮੋਗਾ ਹਲਕੇ ਦੇ ਨੌਜਵਾਨਾਂ ਲਈ ਅਹਿਮ ਸਹੂਲਤ ਸਾਬਤ ਹੋਵੇਗੀ। ਇਸ ਨਾਲ ਸਥਾਨਕ ਖਿਡਾਰੀਆਂ ਨੂੰ ਸ਼ੂਟਿੰਗ ਦੀ ਸਿਖਲਾਈ ਅਤੇ ਅਭਿਆਸ ਲਈ ਬਿਹਤਰ ਮੰਚ ਮਿਲੇਗਾ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਵਿੱਚ ਮਦਦ ਮਿਲੇਗੀ। ਵਿਧਾਇਕ ਡਾ. ਅਰੋੜਾ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਉਸਾਰੂ ਦਿਸ਼ਾ ਦੇਣ ਦਾ ਇੱਕ ਮਜ਼ਬੂਤ ਸਾਧਨ ਹਨ। ਸਰਕਾਰ ਦਾ ਯਤਨ ਹੈ ਕਿ ਪਿੰਡ ਪੱਧਰ ’ਤੇ ਹੀ ਖਿਡਾਰੀਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ, ਤਾਂ ਜੋ ਹੋਣਹਾਰ ਨੌਜਵਾਨ ਆਪਣੀ ਮਿਹਨਤ ਅਤੇ ਕਾਬਲੀਅਤ ਦੇ ਦਮ ’ਤੇ ਜ਼ਿਲ੍ਹਾ, ਸੂਬਾ, ਕੌਮੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਇਲਾਕੇ ਦਾ ਨਾਮ ਰੌਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਸਰਕਾਰੀ ਸ਼ੂਟਿੰਗ ਰੇਂਜ ਬਣਨ ਨਾਲ ਆਸ-ਪਾਸ ਦੇ ਪਿੰਡਾਂ ਦੇ ਨੌਜਵਾਨਾਂ ਨੂੰ ਵੀ ਇਸ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਵਿਕਾਸ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਸਲੀਣਾ ਵਿੱਚ 26 ਲੱਖ ਰੁਪਏ ਦੀ ਲਾਗਤ ਨਾਲ ਸੱਤ ਇੰਟਰਲਾਕ ਗਲੀਆਂ ਦੇ ਵਿਕਾਸ ਕਾਰਜ ਮੁਕੰਮਲ ਹੋਣ ਨਾਲ ਪਿੰਡ ਵਾਸੀਆਂ ਨੂੰ ਆਵਾਜਾਈ ਵਿੱਚ ਸਹੂਲਤ ਮਿਲੇਗੀ ਅਤੇ ਬਰਸਾਤ ਦੇ ਦਿਨਾਂ ਦੌਰਾਨ ਵੀ ਲੋਕਾਂ ਨੂੰ ਘੱਟ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਜਾਰੀ ਰਹਿਣਗੇ। ਡਾ. ਅਰੋੜਾ ਨੇ ਕਿਹਾ ਕਿ ਮੋਗਾ ਹਲਕੇ ਵਿੱਚ ਵਿਕਾਸ ਦੀ ਰਫ਼ਤਾਰ ਲਗਾਤਾਰ ਜਾਰੀ ਹੈ। ਸੜਕਾਂ, ਗਲੀਆਂ, ਖੇਡ ਸਹੂਲਤਾਂ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਪੱਧਰਾਂ ’ਤੇ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਵਿਕਾਸ ਕਾਰਜਾਂ ਦਾ ਐਲਾਨ ਕਰਨਾ ਨਹੀਂ, ਸਗੋਂ ਉਨ੍ਹਾਂ ਨੂੰ ਜ਼ਮੀਨੀ ਪੱਧਰ ’ਤੇ ਮੁਕੰਮਲ ਕਰਕੇ ਆਮ ਲੋਕਾਂ ਤੱਕ ਸਹੂਲਤਾਂ ਪਹੁੰਚਾਉਣਾ ਹੈ। ਇਸ ਮੌਕੇ ਪਿੰਡ ਦੇ ਸਰਪੰਚ ਅਜੈ ਸਿੰਘ, ਸਮੁੱਚੀ ਗ੍ਰਾਮ ਪੰਚਾਇਤ, ਪ੍ਰਿੰਸੀਪਲ ਗੁਰਪ੍ਰੀਤ ਕੌਰ, ਪਾਰਟੀ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਪਿੰਡ ਵਾਸੀਆਂ ਨੇ ਵਿਕਾਸ ਕਾਰਜਾਂ ਲਈ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਧੰਨਵਾਦ ਕੀਤਾ।
ਖ਼ਬਰਾਂ
ਮੋਗਾ ਹਲਕੇ ਦੀ ਪਹਿਲੀ ਸਰਕਾਰੀ ਸ਼ੂਟਿੰਗ ਰੇਂਜ ਦਾ ਨੀਂਹ ਪੱਥਰ, 65 ਲੱਖ ਰੁਪਏ ਦੀ ਆਵੇਗੀ ਲਾਗਤ
* 26 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੀਆਂ ਸੱਤ ਇੰਟਰਲਾਕ ਗਲੀਆਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਕੀਤਾ ਗਿਆ
28 ਸਤੰਬਰ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



