ਮੋਗਾ, 13 ਅਗਸਤ (ਜਸ਼ਨ ):

15 ਅਗਸਤ, ਦਿਨ ਸ਼ਨੀਵਾਰ ਨੂੰ ਅਨਾਜ ਮੰਡੀ ਮੋਗਾ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਅੱਜ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਜਸਪਿੰਦਰ ਸਿੰਘ ਨੇ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ 15 ਅਗਸਤ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਮੌਕੇ ਉਹਨਾਂ ਨਾਲ ਐਸ.ਐਸ.ਪੀ. ਸ਼੍ਰੀ ਸਰਤਾਜ ਸਿੰਘ ਚਾਹਲ ਵੀ ਮੌਜੂਦ ਸਨ।

ਵਧੀਕ ਡਿਪਟੀ ਕਮਿਸ਼ਨਰ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਜ਼ਾਦੀ ਦਿਵਸ ਸਾਡੇ ਲਈ ਮਾਣ ਅਤੇ ਸਨਮਾਨ ਦਾ ਕੌਮੀ ਤਿਉਹਾਰ ਹੈ।
ਦੇਸ਼ ਦੀ ਆਜ਼ਾਦੀ ਲਈ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਇਹ ਸਮਾਗਮ ਪੂਰੇ ਜੋਸ਼, ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਗਮ ਨੂੰ ਪ੍ਰਭਾਵਸ਼ਾਲੀ, ਸੁਚੱਜੇ ਅਤੇ ਮਰਿਆਦਾ ਅਨੁਸਾਰ ਕਰਵਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।

ਫੁੱਲ ਡਰੈੱਸ ਰਿਹਰਸਲ ਦੌਰਾਨ ਸ੍ਰ ਜਸਪਿੰਦਰ ਸਿੰਘ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਇਸ ਉਪਰੰਤ ਪਰੇਡ ਦਾ ਨਿਰੀਖਣ ਕਰਦਿਆਂ ਮਾਰਚ ਪਾਸਟ ਤੋਂ ਸਲਾਮੀ ਲਈ। ਰਿਹਰਸਲ ਦੌਰਾਨ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਡੀ.ਐੱਮ. ਕਾਲਜ ਮੋਗਾ, ਐੱਨ.ਸੀ.ਸੀ. ਕੈਡਿਟਾਂ ਅਤੇ ਬੈਂਡ ਵੱਲੋਂ ਪਰੇਡ ਵਿੱਚ ਭਾਗ ਲਿਆ ਗਿਆ। ਵੱਖ-ਵੱਖ ਟੁਕੜੀਆਂ ਵੱਲੋਂ ਪੂਰੇ ਅਨੁਸ਼ਾਸਨ ਅਤੇ ਜੋਸ਼ ਨਾਲ ਪਰੇਡ ਪੇਸ਼ ਕੀਤੀ ਗਈ।

ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਅਤੇ ਪੀ.ਟੀ. ਸ਼ੋਅ ਵੀ ਪੇਸ਼ ਕੀਤਾ ਗਿਆ। ਸੱਭਿਆਚਾਰਕ ਪ੍ਰੋਗਰਾਮਾਂ ਰਾਹੀਂ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ, ਦੇਸ਼ ਭਗਤੀ ਅਤੇ ਕੌਮੀ ਏਕਤਾ ਦੀ ਭਾਵਨਾ ਨੂੰ ਬਾਖੂਬੀ ਦਰਸਾਇਆ ਗਿਆ। ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਨੌਜਵਾਨ ਪੀੜ੍ਹੀ ਵਿੱਚ ਦੇਸ਼ ਪ੍ਰਤੀ ਪਿਆਰ ਅਤੇ ਜ਼ਿੰਮੇਵਾਰੀ ਦੀ ਭਾਵਨਾ ਹੋਰ ਮਜ਼ਬੂਤ ਕਰਦੇ ਹਨ।

ਰਿਹਰਸਲ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਆਜ਼ਾਦੀ ਦਿਵਸ ਸਮਾਗਮ ਦੇ ਪ੍ਰਬੰਧਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਨੂੰ ਸੌਂਪੀ ਗਈ ਹਰ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਆਪਸੀ ਤਾਲਮੇਲ ਅਤੇ ਜ਼ਿੰਮੇਵਾਰੀ ਦੀ ਭਾਵਨਾ ਨਾਲ ਨਿਭਾਇਆ ਜਾਵੇ।

ਉਨ੍ਹਾਂ ਕਿਹਾ ਕਿ ਫੁੱਲ ਡਰੈੱਸ ਰਿਹਰਸਲ ਦੌਰਾਨ ਸਾਹਮਣੇ ਆਈਆਂ ਛੋਟੀਆਂ-ਮੋਟੀਆਂ ਤਰੁੱਟੀਆਂ ਨੂੰ ਤੁਰੰਤ ਦੂਰ ਕੀਤਾ ਜਾਵੇ ਅਤੇ 15 ਅਗਸਤ ਨੂੰ ਹੋਣ ਵਾਲੇ ਮੁੱਖ ਸਮਾਗਮ ਤੋਂ ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣ। ਉਨ੍ਹਾਂ ਸਮਾਗਮ ਵਾਲੀ ਥਾਂ ’ਤੇ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਬੈਠਣ ਦੇ ਪ੍ਰਬੰਧ, ਬਿਜਲੀ, ਸੁਰੱਖਿਆ, ਟ੍ਰੈਫਿਕ, ਪਾਰਕਿੰਗ ਅਤੇ ਮੈਡੀਕਲ ਸਹੂਲਤਾਂ ਸਮੇਤ ਸਾਰੇ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ’ਤੇ ਵਿਸ਼ੇਸ਼ ਜ਼ੋਰ ਦਿੱਤਾ।

ਵਧੀਕ ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਨੂੰ ਸੁਚੱਜੇ ਢੰਗ ਨਾਲ ਯਕੀਨੀ ਬਣਾਉਣ, ਸਿਹਤ ਵਿਭਾਗ ਨੂੰ ਮੈਡੀਕਲ ਟੀਮ ਅਤੇ ਐਂਬੂਲੈਂਸ ਦੀ ਉਪਲਬਧਤਾ ਅਤੇ ਸਬੰਧਤ ਵਿਭਾਗਾਂ ਨੂੰ ਸਫ਼ਾਈ ਤੇ ਹੋਰ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ ਲਈ ਕਿਹਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ, ਅਧਿਕਾਰੀ, ਅਧਿਆਪਕ ਅਤੇ ਵੱਡੀ ਗਿਣਤੀ ਵਿੱਚ ਸਕੂਲੀ ਵਿਦਿਆਰਥੀ ਹਾਜ਼ਰ ਸਨ।