ਜ਼ੀਰਾ 4 ਅਗਸਤ (ਤੀਰਥ ਸਨੇਰ) ਜ਼ੀਰਾ ਸਬ-ਡਵੀਜ਼ਨ ਅਧੀਨ ਆਉਂਦੇ ਪਿੰਡ ਬਹਿਕ ਫੱਤੂ ਵਿੱਚ ਇੱਕ ਘਰ ਵਿੱਚ ਚੋਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਦੀ ਸਭ ਤੋਂ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਚੋਰੀ ਕਿਸੇ ਬਾਹਰੀ ਗਿਰੋਹ ਜਾਂ ਅਣਪਛਾਤੇ ਚੋਰ ਵੱਲੋਂ ਨਹੀਂ, ਸਗੋਂ ਪਿੰਡ ਦੇ ਹੀ ਇੱਕ ਵਿਅਕਤੀ ਵੱਲੋਂ ਕੀਤੇ ਜਾਣ ਦੇ ਦੋਸ਼ ਸਾਹਮਣੇ ਆਏ ਹਨ। ਘਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੇ ਪੂਰੀ ਘਟਨਾ ਨੂੰ ਕੈਦ ਕਰ ਲਿਆ, ਜਿਸ ਦੇ ਆਧਾਰ ’ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਪੁਲਿਸ ਕਰਮਚਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਦਿੱਤੀ ਸ਼ਿਕਾਇਤ ਵਿੱਚ ਹਰਦੀਪ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਪਿੰਡ ਬਹਿਕ ਫੱਤੂ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਸੁਖਮਨੀ ਹਸਪਤਾਲ, ਜ਼ੀਰਾ ਵਿਖੇ ਗਏ ਹੋਏ ਸਨ। ਜਦੋਂ ਉਹ ਇਲਾਜ ਕਰਵਾ ਕੇ ਵਾਪਸ ਘਰ ਪਰਤੇ ਤਾਂ ਦੇਖਿਆ ਕਿ ਘਰ ਦੇ ਮੁੱਖ ਦਰਵਾਜ਼ੇ ਟੁੱਟੇ ਹੋਏ ਸਨ ਅਤੇ ਅੰਦਰ ਕਮਰਿਆਂ ਦਾ ਸਾਰਾ ਸਾਮਾਨ ਖਿਲਰਿਆ ਪਿਆ ਸੀ। ਘਰ ਦੀ ਹਾਲਤ ਵੇਖ ਕੇ ਪਰਿਵਾਰ ਦੇ ਮੈਂਬਰਾਂ ਦੇ ਹੋਸ਼ ਉੱਡ ਗਏ ਅਤੇ ਤੁਰੰਤ ਘਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਗਈ।
ਫੁਟੇਜ ਵਿੱਚ ਸਪੱਸ਼ਟ ਦਿਖਾਈ ਦਿੱਤਾ ਕਿ ਛਿੰਦਾ ਸਿੰਘ ਪੁੱਤਰ ਅਜੀਤ ਸਿੰਘ, ਵਾਸੀ ਪਿੰਡ ਬਹਿਕ ਫੱਤੂ ਪਹਿਲਾਂ ਘਰ ਦੇ ਬਾਹਰ ਗੇਟ ਕੋਲ ਖੜ੍ਹਾ ਹੋ ਕੇ ਆਲੇ-ਦੁਆਲੇ ਦੀ ਸਥਿਤੀ ਦਾ ਜਾਇਜ਼ਾ ਲੈਂਦਾ ਰਿਹਾ। ਇਸ ਤੋਂ ਬਾਅਦ ਉਹ ਆਪਣੇ ਘਰ ਵਾਲੇ ਪਾਸੇ ਦੀ ਕੰਧ ਟੱਪ ਕੇ ਘਰ ਦੇ ਅੰਦਰ ਦਾਖਲ ਹੋ ਗਿਆ। ਦੋਸ਼ ਹੈ ਕਿ ਉਸ ਨੇ ਘਰ ਦੇ ਕਮਰਿਆਂ ਦੀ ਤਲਾਸ਼ੀ ਲੈ ਕੇ ਅਲਮਾਰੀਆਂ ਵਿੱਚ ਰੱਖੇ ਕਰੀਬ ਚਾਰ ਤੋਲੇ ਸੋਨੇ ਦੇ ਗਹਿਣੇ ਅਤੇ ਇੱਕ ਲੱਖ ਸੱਠ ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ ਅਤੇ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਅਤੇ ਸੀਸੀਟੀਵੀ ਫੁਟੇਜ ਨੂੰ ਅਹਿਮ ਸਬੂਤ ਵਜੋਂ ਆਪਣੇ ਕਬਜ਼ੇ ਵਿੱਚ ਲਿਆ। ਜਾਂਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਤਕਨੀਕੀ ਸਬੂਤਾਂ ਅਤੇ ਪੀੜ੍ਹਤ ਦੇ ਬਿਆਨਾਂ ਦੇ ਆਧਾਰ ’ਤੇ ਦੋਸ਼ੀ ਦੀ ਪਛਾਣ ਹੋਈ ਹੈ। ਸਬ-ਇੰਸਪੈਕਟਰ ਬਲਰਾਜ ਸਿੰਘ ਨੇ ਦੱਸਿਆ ਕਿ ਛਿੰਦਾ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀ ਨੂੰ ਕਾਬੂ ਕਰਕੇ ਚੋਰੀ ਕੀਤਾ ਗਿਆ ਸੋਨਾ ਅਤੇ ਨਕਦੀ ਬਰਾਮਦ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।
ਖ਼ਬਰਾਂ
ਬਹਿਕ ਫੱਤੂ ਵਿੱਚ ਘਰ ਚੋਂ ਲੱਖਾਂ ਦਾ ਸੋਨਾ ਤੇ 1.60 ਲੱਖ ਰੁਪਏ ਦੀ ਨਕਦੀ ਚੋਰੀ, ਚੋਰ ਸੀਸੀਟੀਵੀ 'ਚ ਕੈਦ
4 ਅਗਸਤ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



