ਜ਼ੀਰਾ 13 ਸਤੰਬਰ (ਤੀਰਥ ਸਨੇਰ): ਜ਼ੀਰਾ ਦੇ ਤਲਵੰਡੀ ਰੋਡ ’ਤੇ ਸਥਿਤ ‘ਜੈਨ ਪਲਾਈ’ ਦੀ ਦੁਕਾਨ ’ਤੇ ਦਿਨ-ਦਿਹਾੜੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਵਪਾਰੀਆਂ ਅਤੇ ਆਮ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਘਟਨਾ ਬਾਰੇ ਜਾਣਕਾਰੀ ਦਿੰਦਿਆਂ ਦੁਕਾਨ ਦੇ ਮਾਲਕ ਅਮਨ ਜੈਨ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਆਪਣੀ ਦੁਕਾਨ ਅੰਦਰ ਬੈਠ ਕੇ ਅਖਬਾਰ ਪੜ੍ਹ ਰਹੇ ਸਨ, ਜਦੋਂ ਉਨ੍ਹਾਂ ਨੂੰ ਅਚਾਨਕ ਬਾਹਰੋਂ ਪਟਾਕਿਆਂ ਵਰਗੀ ਜ਼ੋਰਦਾਰ ਆਵਾਜ਼ ਸੁਣਾਈ ਦਿੱਤੀ। ਜਦੋਂ ਉਨ੍ਹਾਂ ਨੇ ਤੁਰੰਤ ਬਾਹਰ ਨਿਕਲ ਕੇ ਦੇਖਿਆ ਤਾਂ ਸਪਲੈਂਡਰ ਮੋਟਰਸਾਈਕਲ ’ਤੇ ਆਏ ਦੋ ਨੌਜਵਾਨ ਗੋਲੀਆਂ ਚਲਾ ਕੇ ਮੌਕੇ ਤੋਂ ਵਾਪਸ ਮੋਟਰਸਾਈਕਲ ਮੋੜ ਕੇ ਫ਼ਰਾਰ ਹੋ ਰਹੇ ਸਨ। ਘਟਨਾ ਤੋਂ ਬਾਅਦ ਮੌਕੇ ’ਤੇ ਲੋਕਾਂ ਦਾ ਭਾਰੀ ਇਕੱਠ ਹੋ ਗਿਆ। ਅਮਨ ਜੈਨ ਨੇ ਦੱਸਿਆ ਕਿ ਉਨ੍ਹਾਂ ਨੂੰ ਪਹਿਲਾਂ ਕਿਸੇ ਵੱਲੋਂ ਵੀ ਕੋਈ ਧਮਕੀ ਭਰਿਆ ਫੋਨ ਜਾਂ ਸੁਨੇਹਾ ਨਹੀਂ ਆਇਆ ਸੀ, ਜਿਸ ਕਾਰਨ ਗੋਲੀਆਂ ਚਲਾਉਣ ਦੇ ਕਾਰਨਾਂ ਦਾ ਹਾਲੇ ਤੱਕ ਕੋਈ ਸਪੱਸ਼ਟ ਪਤਾ ਨਹੀਂ ਲੱਗ ਸਕਿਆ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਜ਼ੀਰਾ ਵਿੱਚ ਉਨ੍ਹਾਂ ਦੇ ਇੱਕ-ਦੋ ਦੋਸਤਾਂ ਦੀਆਂ ਦੁਕਾਨਾਂ ’ਤੇ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।