ਮੋਗਾ, 31 ਅਕਤੂਬਰ (ਜਸ਼ਨ ) ਪੰਜਾਬ ਵਿਚ ਕਾਂਗਰਸ ਪਾਰਟੀ ਵੱਲੋਂ ਆਪਣੀਆਂ ਸਿਆਸੀ ਸਰਗਰਮੀਆਂ ਨੂੰ ਤੇਜ਼ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਰਾਹੁਲ ਗਾਂਧੀ ਦੀ ਅਗਵਾਈ ਹੇਠ 4 ਨਵੰਬਰ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਵਿਸ਼ਾਲ ਇਨਸਾਫ਼ ਰੈਲੀ ਨੂੰ ਸਫ਼ਲ ਬਣਾਉਣ ਲਈ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਮੋਗਾ ਦੀ ਹਲਕਾ ਇੰਚਾਰਜ ਮਾਲਵਿਕਾ ਸੂਦ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗਾਂ ਕਰਕੇ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਇਨ੍ਹਾਂ ਮੀਟਿੰਗਾਂ ਦਾ ਮੁੱਖ ਮਕਸਦ ਮੋਗਾ ਹਲਕੇ ਵਿਚੋਂ ਵੱਡੇ ਕਾਫਲੇ ਦੇ ਰੂਪ ਵਿੱਚ ਕਾਂਗਰਸੀ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣਾ ਹੈ। ਇਸ ਮੌਕੇ ਮਾਲਵਿਕਾ ਸੂਦ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਰੈਲੀ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਦਿਆਂ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਦੀ ਸੰਗਰੂਰ ਵਿਖੇ ਹੋਣ ਜਾ ਰਹੀ ਇਨਸਾਫ਼ ਰੈਲੀ ਨੂੰ ਲੈ ਕੇ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰੈਲੀ ਦੀ ਸਫ਼ਲਤਾ ਲਈ ਹਲਕੇ ਦੇ ਹਰੇਕ ਪਿੰਡ ਅਤੇ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਲਗਾਤਾਰ ਸੰਪਰਕ ਬਣਾਇਆ ਜਾ ਰਿਹਾ ਹੈ, ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਸ ਰੈਲੀ ਵਿਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਮੀਟਿੰਗਾਂ ਦੌਰਾਨ ਹਾਜ਼ਰ ਆਗੂਆਂ ਨੂੰ ਰੈਲੀ ਦੀਆਂ ਤਿਆਰੀਆਂ ਸਬੰਧੀ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਦਿੱਤੇ ਅਤੇ ਕਿਹਾ ਕਿ ਹਰ ਕਾਂਗਰਸੀ ਵਰਕਰ ਆਪਣੀ ਜ਼ਿੰਮੇਵਾਰੀ ਨੂੰ ਸਮਝਦਿਆਂ ਇਸ ਮੁਹਿੰਮ ਵਿਚ ਸਰਗਰਮ ਭੂਮਿਕਾ ਨਿਭਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਿਸੇ ਵੀ ਸਿਆਸੀ ਪ੍ਰੋਗਰਾਮ ਦੀ ਸਫ਼ਲਤਾ ਲਈ ਪਾਰਟੀ ਦੀ ਜਥੇਬੰਦਕ ਮਜ਼ਬੂਤੀ, ਆਗੂਆਂ ਦੀ ਆਪਸੀ ਇਕਜੁੱਟਤਾ ਅਤੇ ਵਰਕਰਾਂ ਦਾ ਸਮਰਪਣ ਬੇਹੱਦ ਮਹੱਤਵਪੂਰਨ ਹੁੰਦਾ ਹੈ। ਮਾਲਵਿਕਾ ਸੂਦ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ, ਇਨਸਾਫ਼ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਆਵਾਜ਼ ਬੁਲੰਦ ਕਰਦੀ ਆਈ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਵਿਖੇ ਹੋਣ ਵਾਲੀ ਇਹ ਵਿਸ਼ਾਲ ਰੈਲੀ ਪਾਰਟੀ ਦੀ ਇਕਜੁੱਟਤਾ ਅਤੇ ਲੋਕਾਂ ਦੇ ਮੁੱਦਿਆਂ ਪ੍ਰਤੀ ਵਚਨਬੱਧਤਾ ਦਾ ਪ੍ਰਗਟਾਵਾ ਕਰੇਗੀ। ਅੰਤ ਵਿਚ ਉਨ੍ਹਾਂ ਹਲਕੇ ਦੇ ਸਮੂਹ ਕਾਂਗਰਸੀ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਨੂੰ ਅਪੀਲ ਕਰਦਿਆਂ ਕਿਹਾ, ‘ਆਓ, ਸਾਰੇ ਕਾਂਗਰਸੀ ਸਾਥੀ ਇਕਜੁੱਟ ਹੋ ਕੇ ਇਸ ਇਨਸਾਫ਼ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਆਪਣਾ ਪੂਰਾ ਯੋਗਦਾਨ ਪਾਈਏ ਅਤੇ ਮੋਗਾ ਹਲਕੇ ਵਿਚੋਂ ਵੱਡੇ ਕਾਫਲੇ ਨਾਲ ਸੰਗਰੂਰ ਪਹੁੰਚ ਕੇ ਆਪਣੀ ਮੌਜੂਦਗੀ ਦਰਜ ਕਰਵਾਈਏ।’’
ਖ਼ਬਰਾਂ
ਹਲਕਾ ਇੰਚਾਰਜ ਮਾਲਵਿਕਾ ਸੂਦ 4 ਨਵੰਬਰ ਦੀ ਇਨਸਾਫ਼ ਰੈਲੀ ਦੀਆਂ ਤਿਆਰੀਆਂ ਲਈ ਸਰਗਰਮ
* ਵਿਸ਼ਾਲ ਇਨਸਾਫ਼ ਰੈਲੀ ਦੀਆਂ ਤਿਆਰੀਆਂ ਲਈ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਕੀਤੀਆਂ ਜਾ ਰਹੀਆਂ ਹਨ ਵਿਸ਼ੇਸ਼ ਮੀਟਿੰਗਾਂ
31 ਅਕਤੂਬਰ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



