ਮੋਗਾ, 20 ਅਕਤੂਬਰ (ਜਸ਼ਨ ) ਵਿਧਾਨ ਸਭਾ ਹਲਕਾ ਮੋਗਾ ਦੀ ਹਲਕਾ ਇੰਚਾਰਜ ਮਾਲਵਿਕਾ ਸੂਦ ਵੱਲੋਂ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਲਗਾਤਾਰ ਉਠਾਇਆ ਜਾ ਰਿਹਾ ਹੈ। ਤਿਉਹਾਰੀ ਸੀਜ਼ਨ ਨੂੰ ਮੁੱਖ ਰੱਖਦਿਆਂ ਉਨ੍ਹਾਂ ਵੱਲੋਂ ਸ਼ਹਿਰ ਦੀਆਂ ਸੜਕਾਂ ਦੀ ਉਸਾਰੀ ਅਤੇ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਸਬੰਧੀ ਸਬੰਧਤ ਮੁੱਦੇ ਪ੍ਰਮੁੱਖਤਾ ਨਾਲ ਚੁੱਕੇ ਜਾ ਰਹੇ ਹਨ, ਤਾਂ ਜੋ ਤਿਉਹਾਰਾਂ ਦੇ ਦਿਨਾਂ ਵਿਚ ਦੁਕਾਨਦਾਰਾਂ, ਖਰੀਦਦਾਰੀ ਕਰਨ ਆਉਣ ਵਾਲੇ ਲੋਕਾਂ ਅਤੇ ਰਾਹਗੀਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸੇ ਲੜੀ ਤਹਿਤ ਮਾਲਵਿਕਾ ਸੂਦ ਨੇ ਸਥਾਨਕ ਸ਼ਹਿਰ ਦੀ ਸਰੋਜ ਸੂਦ ਰੋਡ, ਜੋ ਦੁਸਹਿਰਾ ਗਰਾਊਂਡ ਵੱਲ ਜਾਂਦੀ ਹੈ, ’ਤੇ ਪ੍ਰੀਮਿਕਸ ਨਾਲ ਤਿਆਰ ਕੀਤੀ ਜਾ ਰਹੀ ਸੜਕ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਸ਼ਹਿਰ ਦੀਆਂ ਸੜਕਾਂ ਦੀ ਉਸਾਰੀ ਦੇ ਕੰਮ ਨੂੰ ਪਹਿਲਾਂ ਹੀ ਮੁਕੰਮਲ ਕਰ ਲਿਆ ਜਾਣਾ ਚਾਹੀਦਾ ਸੀ, ਤਾਂ ਜੋ ਲੋਕਾਂ ਨੂੰ ਆਵਾਜਾਈ ਅਤੇ ਖਰੀਦਦਾਰੀ ਸਮੇਂ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਉਂਦੀ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੀ ਉਡੀਕ ਹਰ ਵਰਗ ਦੇ ਲੋਕਾਂ ਨੂੰ ਹੁੰਦੀ ਹੈ। ਇਨ੍ਹਾਂ ਦਿਨਾਂ ਵਿਚ ਬਾਜ਼ਾਰਾਂ ਵਿਚ ਖਰੀਦਦਾਰੀ ਲਈ ਲੋਕਾਂ ਦੀ ਆਮਦ ਵਧ ਜਾਂਦੀ ਹੈ ਅਤੇ ਦੁਕਾਨਦਾਰਾਂ ਨੂੰ ਵੀ ਚੰਗੇ ਕਾਰੋਬਾਰ ਦੀ ਆਸ ਹੁੰਦੀ ਹੈ। ਅਜਿਹੇ ਸਮੇਂ ਸੜਕਾਂ ਦੀ ਪੁੱਟ-ਪੁਟਾਈ ਕਾਰਨ ਦੁਕਾਨਦਾਰਾਂ ਦੇ ਕਾਰੋਬਾਰ ਅਤੇ ਆਮ ਲੋਕਾਂ ਦੀ ਆਵਾਜਾਈ ’ਤੇ ਮਾੜਾ ਅਸਰ ਪੈ ਸਕਦਾ ਹੈ। ਮਾਲਵਿਕਾ ਸੂਦ ਨੇ ਇਸ ਤੋਂ ਪਹਿਲਾਂ ਪ੍ਰਤਾਪ ਰੋਡ ਦੀ ਉਸਾਰੀ ਲਈ ਕੀਤੀ ਜਾ ਰਹੀ ਪੁੱਟ-ਪੁਟਾਈ ਦਾ ਮੁੱਦਾ ਵੀ ਉਠਾਇਆ ਸੀ। ਉਨ੍ਹਾਂ ਸਵਾਲ ਕੀਤਾ ਸੀ ਕਿ ਜੇਕਰ ਸੜਕਾਂ ਦੀ ਉਸਾਰੀ ਕਰਵਾਉਣੀ ਸੀ ਤਾਂ ਇਹ ਕੰਮ ਪਹਿਲਾਂ ਕਿਉਂ ਨਹੀਂ ਕਰਵਾਇਆ ਗਿਆ ਅਤੇ ਚੋਣਾਂ ਨੇੜੇ ਆਉਣ ਸਮੇਂ ਹੀ ਇਸ ਵੱਲ ਧਿਆਨ ਕਿਉਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਸੀ ਕਿ ਤਿਉਹਾਰੀ ਸੀਜ਼ਨ ਨੂੰ ਧਿਆਨ ਵਿਚ ਰੱਖਦਿਆਂ ਦੁਕਾਨਦਾਰਾਂ ਨੂੰ ਬੇਲੋੜੀ ਪ੍ਰੇਸ਼ਾਨੀ ਤੋਂ ਬਚਾਇਆ ਜਾਵੇ। ਸਰੋਜ ਸੂਦ ਰੋਡ ਦਾ ਜਾਇਜ਼ਾ ਲੈਣ ਮੌਕੇ ਉਨ੍ਹਾਂ ਕਿਹਾ ਕਿ ਜੇਕਰ ਹੁਣ ਸੜਕਾਂ ਦੀ ਉਸਾਰੀ ਦਾ ਕੰਮ ਸ਼ੁਰੂ ਕੀਤਾ ਗਿਆ ਹੈ ਤਾਂ ਇਸ ਨੂੰ ਜੰਗੀ ਪੱਧਰ ’ਤੇ ਮੁਕੰਮਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਕੰਮ ਦੀ ਗੁਣਵੱਤਾ ਨਾਲ ਸਮਝੌਤਾ ਕੀਤੇ ਬਿਨਾਂ ਉਸਾਰੀ ਜਲਦ ਪੂਰੀ ਕੀਤੀ ਜਾਵੇ, ਤਾਂ ਜੋ ਦੁਕਾਨਦਾਰਾਂ, ਰਾਹਗੀਰਾਂ ਅਤੇ ਸ਼ਹਿਰ ਵਾਸੀਆਂ ਨੂੰ ਤਿਉਹਾਰਾਂ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।