‎ਫਿਰੋਜ਼ਪੁਰ, 4 ਅਗਸਤ (ਤੀਥਰ ਸਨੇਰ): ਫਿਰੋਜ਼ਪੁਰ ਕੈਂਟ ਦੇ ਐੱਮਕੇ ਪੈਲੇਸ ਵਿਖੇ ਕਾਂਗਰਸ ਪਾਰਟੀ ਵੱਲੋਂ “ਹਰ ਬੂਥ ਕਾਂਗਰਸ ਮਜ਼ਬੂਤ” ਅਭਿਆਨ ਤਹਿਤ ਵਿਸ਼ਾਲ ਵਰਕਰ ਸੰਮੇਲਨ ਕਰਵਾਇਆ ਗਿਆ, ਜਿਸ ਵਿੱਚ ਪੰਜਾਬ ਭਰ ਤੋਂ ਆਏ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ, ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਸਮੇਤ ਕਈ ਸੀਨੀਅਰ ਆਗੂ ਮੰਚ 'ਤੇ ਮੌਜੂਦ ਰਹੇ। ਸਮਾਗਮ ਦਾ ਮੁੱਖ ਉਦੇਸ਼ ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਬੂਥ ਪੱਧਰ 'ਤੇ ਪਾਰਟੀ ਦੀ ਸੰਗਠਨਾਤਮਕ ਮਜ਼ਬੂਤੀ ਨੂੰ ਯਕੀਨੀ ਬਣਾਉਣਾ ਅਤੇ ਵਰਕਰਾਂ ਵਿੱਚ ਨਵਾਂ ਜੋਸ਼ ਭਰਨਾ ਸੀ।ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪਾਰਟੀ ਨਾਲ ਸਾਲਾਂ ਤੋਂ ਵਫ਼ਾਦਾਰੀ ਨਿਭਾਉਣ ਵਾਲੇ ਵਰਕਰ ਹੀ ਕਾਂਗਰਸ ਦੀ ਅਸਲ ਤਾਕਤ ਹਨ ਅਤੇ ਉਨ੍ਹਾਂ ਦੇ ਹੱਕਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਆਗੂ ਆਪਣੇ ਸਿਆਸੀ ਲਾਭ ਲਈ ਵਾਰ-ਵਾਰ ਪਾਰਟੀਆਂ ਬਦਲਦੇ ਹਨ, ਉਨ੍ਹਾਂ ਨੂੰ ਕਾਂਗਰਸ ਵਿੱਚ ਕੋਈ ਤਰਜੀਹ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਪ੍ਰਧਾਨਗੀ ਦੌਰਾਨ ਅਜਿਹੇ ਮੌਕਾਪ੍ਰਸਤ ਆਗੂਆਂ ਨੂੰ ਪਾਰਟੀ ਦੀ ਟਿਕਟ ਨਹੀਂ ਮਿਲੇਗੀ। ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਨੇ ਮੁਸ਼ਕਲ ਸਮੇਂ ਵਿੱਚ ਵੀ ਪਾਰਟੀ ਦਾ ਝੰਡਾ ਚੁੱਕ ਕੇ ਰੱਖਣ ਵਾਲੇ ਕਰਮਠ ਵਰਕਰਾਂ ਦੀ ਕਦਰ ਕੀਤੀ ਹੈ ਅਤੇ ਅੱਗੇ ਵੀ ਉਨ੍ਹਾਂ ਨੂੰ ਹੀ ਮਾਣ-ਸਨਮਾਨ ਦਿੱਤਾ ਜਾਵੇਗਾ।
ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਆਪਣੇ ਜੋਸ਼ੀਲੇ ਸੰਬੋਧਨ ਦੌਰਾਨ ਵਰਕਰਾਂ ਨੂੰ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਤਾਕਤ ਉਸ ਦੇ ਜ਼ਮੀਨੀ ਵਰਕਰ ਹਨ ਅਤੇ ਹਰ ਬੂਥ 'ਤੇ ਮਜ਼ਬੂਤ ਟੀਮ ਖੜ੍ਹੀ ਕਰਕੇ ਹੀ ਵੱਡੀ ਜਿੱਤ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਵਿਰੋਧੀ ਪਾਰਟੀਆਂ 'ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਲੋਕ ਹੁਣ ਝੂਠੇ ਵਾਅਦਿਆਂ ਤੋਂ ਅੱਕ ਚੁੱਕੇ ਹਨ ਅਤੇ ਬਦਲਾਅ ਦੀ ਉਮੀਦ ਸਿਰਫ਼ ਕਾਂਗਰਸ ਤੋਂ ਹੀ ਕਰ ਰਹੇ ਹਨ। ਜ਼ੀਰਾ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਬਣਨ 'ਤੇ ਲੋਕਾਂ ਦੇ ਹੱਕਾਂ ਦੀ ਰੱਖਿਆ ਕੀਤੀ ਜਾਵੇਗੀ ਅਤੇ ਦਰੀਆਈ ਇਲਾਕਿਆਂ ਦੀਆਂ ਜ਼ਮੀਨਾਂ ਨਾਲ ਜੁੜੇ ਮਸਲਿਆਂ ਦਾ ਵੀ ਹੱਲ ਕੀਤਾ ਜਾਵੇਗਾ।

ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਬੂਥ ਪੱਧਰ 'ਤੇ ਮਜ਼ਬੂਤ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਹ ਸੂਬੇ ਦੇ ਕਈ ਜ਼ਿਲ੍ਹਿਆਂ ਦਾ ਦੌਰਾ ਕਰ ਚੁੱਕੇ ਹਨ ਅਤੇ ਹਰ ਥਾਂ ਲੋਕਾਂ ਵਿੱਚ ਬਦਲਾਅ ਦੀ ਲਹਿਰ ਮਹਿਸੂਸ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹਰ ਵਿਧਾਨ ਸਭਾ ਹਲਕੇ ਵਿੱਚ ਵਰਕਰਾਂ ਨੂੰ ਸੋਸ਼ਲ ਮੀਡੀਆ, ਚੋਣ ਪ੍ਰਬੰਧਨ ਅਤੇ ਘਰ-ਘਰ ਸੰਪਰਕ ਮੁਹਿੰਮ ਸਬੰਧੀ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ ਤਾਂ ਜੋ ਪਾਰਟੀ ਦਾ ਸੰਦੇਸ਼ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਇਆ ਜਾ ਸਕੇ।
ਭੂਪੇਸ਼ ਬਘੇਲ ਨੇ ਆਪਣੇ ਭਾਸ਼ਣ ਦੌਰਾਨ ਪੰਜਾਬ ਦੀ ਕਾਨੂੰਨ-ਵਿਵਸਥਾ, ਨਸ਼ਿਆਂ, ਗੈਂਗਸਟਰਵਾਦ, ਫਿਰੌਤੀ, ਗੈਰ-ਕਾਨੂੰਨੀ ਮਾਈਨਿੰਗ ਅਤੇ ਹੋਰ ਲੋਕ-ਹਿੱਤਾਂ ਨਾਲ ਜੁੜੇ ਮਸਲਿਆਂ ਦਾ ਜ਼ਿਕਰ ਕਰਦਿਆਂ ਸੂਬਾ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਲੋਕ ਸੁਰੱਖਿਆ ਅਤੇ ਵਿਕਾਸ ਦੇ ਮੁੱਦਿਆਂ 'ਤੇ ਗੰਭੀਰ ਚਿੰਤਾ ਵਿੱਚ ਹਨ ਅਤੇ ਕਾਂਗਰਸ ਹੀ ਇੱਕ ਮਜ਼ਬੂਤ ਵਿਕਲਪ ਵਜੋਂ ਉਭਰ ਰਹੀ ਹੈ। ਉਨ੍ਹਾਂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਮਨਮੁਟਾਵ ਭੁਲਾ ਕੇ ਇੱਕਜੁੱਟ ਹੋਣ ਅਤੇ ਹਰ ਬੂਥ ਨੂੰ ਮਜ਼ਬੂਤ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ। ਸਮਾਗਮ ਦੌਰਾਨ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਆਗੂਆਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਸੰਗਠਨ ਦੀ ਮਜ਼ਬੂਤੀ ਦੇ ਆਧਾਰ 'ਤੇ ਕਾਂਗਰਸ ਆਉਣ ਵਾਲੀਆਂ ਚੋਣਾਂ ਵਿੱਚ ਬੇਹਤਰ ਪ੍ਰਦਰਸ਼ਨ ਕਰੇਗੀ।