ਜੋਗਿੰਦਰ ਸਿੰਘ ਮਾਨ
ਮਾਨਸਾ, 18ਜੁਲਾਈ :
ਕੇਂਦਰ ਸਰਕਾਰ ਨੇ ਭਾਜਪਾ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਬਿਮਾਰ ਰਹਿਣ ਕਾਰਨ ਹਰਜੀਤ ਸਿੰਘ ਗਰੇਵਾਲ ਪਿਛਲੇ ਕੁੱਝ ਸਮੇਂ ਤੋਂ ਸਿਆਸੀ ਤੌਰ ’ਤੇ ਖ਼ਾਮੋਸ਼ ਚੱਲੇ ਆ ਰਹੇ ਸਨ ਅਤੇ ਰਾਜਨੀਤਕ ਸਰਗਰਮੀਆਂ ਤੋਂ ਦੂਰੀ ਬਣਾਈ ਰੱਖੀ ਹੋਈ ਸੀ। ਉਹ ਹੁਣ ਕੌਮੀ ਘੱਟ ਗਿਣਤੀ ਕਮਿਸ਼ਨ ’ਚ ਇਕਬਾਲ ਸਿੰਘ ਲਾਲਪੁਰਾ ਦੀ ਥਾਂ ਲੈਣਗੇ। ਲਾਲਪੁਰਾ ਦੇ ਕਾਰਜਕਾਲ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਇਹ ਅਹੁਦਾ ਭਰਿਆ ਨਹੀਂ ਗਿਆ ਸੀ।
ਜਾਣਕਾਰੀ ਮੁਤਾਬਕ ਕੇਂਦਰ ਸਰਕਾਰ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਅਨੁਸਾਰ ਹਰਜੀਤ ਸਿੰਘ ਗਰੇਵਾਲ ਦਾ ਬਤੌਰ ਚੇਅਰਮੈਨ ਤਿੰਨ ਸਾਲ ਦਾ ਕਾਰਜਕਾਲ ਰਹੇਗਾ। ਉਨ੍ਹਾਂ ਦੀ ਜ਼ਿੰਮੇਵਾਰੀ ਨੋਟੀਫਾਈਡ ਘੱਟ ਗਿਣਤੀ ਭਾਈਚਾਰਿਆਂ ਦੇ ਅਧਿਕਾਰਾਂ ਤੇ ਹਿੱਤਾਂ ਦੀ ਸੁਰੱਖਿਆ ਕਰਨ ਤੋਂ ਇਲਾਵਾ ਘੱਟ ਗਿਣਤੀਆਂ ਦੀ ਭਲਾਈ ਤੇ ਸੁਰੱਖਿਆ ਨਾਲ ਸਬੰਧਿਤ ਮਾਮਲਿਆਂ ’ਤੇ ਕੇਂਦਰ ਸਰਕਾਰ ਨੂੰ ਸਲਾਹ ਦੇਣ ਲਈ ਹੋਵੇਗੀ।
ਇਸ ਤੋਂ ਪਹਿਲਾਂ ਹਰਜੀਤ ਸਿੰਘ ਗਰੇਵਾਲ ਪੰਜਾਬ ਭਾਜਪਾ ਦੇ ਮੁੱਖ ਬੁਲਾਰੇ ਵੀ ਰਹੇ ਹਨ ਅਤੇ ਉਹ ਪਾਰਟੀ ਦੇ ਸੂਬਾ ਉਪ ਪ੍ਰਧਾਨ ਦੀ ਜ਼ਿੰਮੇਵਾਰੀ ਨੂੰ ਵੀ ਨਿਭਾ ਚੁੱਕੇ ਹਨ।