ਤਰਨਤਾਰਨ (ਅਮਿਤ ਮਰਵਾਹਾ)
ਨੈਸ਼ਨਲ ਹਾਈਵੇ ਨੰਬਰ-54 ’ਤੇ ਸ਼ਨੀਵਾਰ ਸ਼ਾਮ ਕਰੀਬ 4 ਵਜੇ ਉਸ ਸਮੇਂ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਦੋਂ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀਆਂ ਦੋ ਬੱਸਾਂ ਦੀ ਆਹਮੋ-ਸਾਹਮਣੇ ਜ਼ੋਰਦਾਰ ਟੱਕਰ ਹੋ ਗਈ। ਮੁੱਢਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰਾਂ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਇੱਕ ਬੱਸ ਬੇਕਾਬੂ ਹੋ ਕੇ ਡਿਵਾਈਡਰ ਪਾਰ ਕਰਦਿਆਂ ਸੜਕ ਦੇ ਦੂਜੇ ਪਾਸੇ ਪਹੁੰਚ ਗਈ ਅਤੇ ਸਾਹਮਣੇ ਤੋਂ ਆ ਰਹੀ ਦੂਜੀ ਬੱਸ ਨਾਲ ਟਕਰਾ ਗਈ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵਾਂ ਬੱਸਾਂ ਦੇ ਅਗਲੇ ਹਿੱਸੇ ਬੁਰੀ ਤਰ੍ਹਾਂ ਨੁਕਸਾਨੇ ਗਏ। ਹਾਦਸੇ ਤੋਂ ਬਾਅਦ ਮੌਕੇ ’ਤੇ ਹਫੜਾ-ਦਫੜੀ ਮਚ ਗਈ ਅਤੇ ਬੱਸਾਂ ਵਿੱਚ ਸਵਾਰ ਯਾਤਰੀਆਂ ਦੀਆਂ ਚੀਕਾਂ ਨਾਲ ਇਲਾਕਾ ਗੂੰਜ ਉੱਠਿਆ। ਹਾਦਸੇ ਵਿੱਚ ਦਰਜਨ ਤੋਂ ਵੱਧ ਸਵਾਰੀਆਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਲੀ ਹੈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਅਤੇ ਸਥਾਨਕ ਲੋਕ ਮੌਕੇ ’ਤੇ ਪਹੁੰਚ ਗਏ ਅਤੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਜ਼ਖ਼ਮੀਆਂ ਨੂੰ ਬਾਹਰ ਕੱਢਣ ਅਤੇ ਹਸਪਤਾਲ ਪਹੁੰਚਾਉਣ ਲਈ ਕੋਸ਼ਿਸ਼ਾਂ ਕੀਤੀਆਂ ਗਈਆਂ।

ਇਸ ਦੌਰਾਨ ਹਾਦਸੇ ਵਿੱਚ ਕੁਝ ਲੋਕਾਂ ਦੀ ਮੌਤ ਹੋਣ ਦੀਆਂ ਵੀ ਚਰਚਾਵਾਂ ਸਾਹਮਣੇ ਆ ਰਹੀਆਂ ਹਨ, ਹਾਲਾਂਕਿ ਖ਼ਬਰ ਲਿਖੇ ਜਾਣ ਤੱਕ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਸੀ। ਹਾਦਸੇ ਤੋਂ ਬਾਅਦ ਹਾਈਵੇ ’ਤੇ ਆਵਾਜਾਈ ਵੀ ਪ੍ਰਭਾਵਿਤ ਹੋਣ ਦੀ ਸੰਭਾਵਨਾ ਬਣ ਗਈ।
ਹਾਦਸੇ ਦੇ ਪ੍ਰਤਖਦਰਸ਼ੀ ਕੋਟ ਈਸੇ ਖਾ ਦੇ ਉਘੇ ਸਿਆਸੀ ਆਗੂ ਬਲਬੀਰ ਸਿੰਘ ਪਾਂਧੀ ਨੇ ਦੱਸਿਆ ਕਿ ਬੱਸਾਂ ਦੇ ਪਰਖਚੇ ਉੱਡ ਗਏ ਜਿਸ ਤੋਂ ਅੰਦੇਸ਼ਾ ਹੈ ਕਿ ਮਨੁੱਖੀ ਨੁਕਸਾਨ ਜ਼ਰੂਰ ਹੋਇਆ ਹੋਵੇਗਾ