ਤਰਨਤਾਰਨ (ਅਮਿਤ ਮਰਵਾਹਾ)
ਆਜ਼ਾਦੀ ਦਿਵਸ ਦੇ ਪਵਿੱਤਰ ਮੌਕੇ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰੀ ਸੇਵਾਵਾਂ ਵਿੱਚ ਬਿਹਤਰੀਨ ਕਾਰਗੁਜ਼ਾਰੀ ਦਿਖਾਉਣ, ਆਪਣੀ ਡਿਊਟੀ ਤਨਦੇਹੀ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਮਾਣਯੋਗ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਸਿਹਤ ਵਿਭਾਗ ਦੇ ਦੋ ਅਧਿਕਾਰੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਸਮਾਗਮ ਦੌਰਾਨ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਜੀਤ ਕੌਰ ਅਤੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸ੍ਰੀ ਸੁਖਵੰਤ ਸਿੰਘ ਸਿੱਧੂ ਨੂੰ ਸਿਹਤ ਸੇਵਾਵਾਂ ਨਾਲ ਸਬੰਧਤ ਜ਼ਿੰਮੇਵਾਰੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਅਤੇ ਸਰਕਾਰੀ ਸਿਹਤ ਪ੍ਰੋਗਰਾਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਪਾਏ ਯੋਗਦਾਨ ਲਈ ਪ੍ਰਸ਼ੰਸਾ ਪੱਤਰ/ਸਨਮਾਨ ਦੇ ਕੇ ਸਨਮਾਨਿਤ ਕੀਤਾ ਗਿਆ।
ਡਾ. ਵਰਿੰਦਰਜੀਤ ਕੌਰ ਵੱਲੋਂ ਜ਼ਿਲ੍ਹੇ ਵਿੱਚ ਟੀਕਾਕਰਨ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ, ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਨੂੰ ਸਮੇਂ ਸਿਰ ਟੀਕਾਕਰਨ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ।
ਇਸੇ ਤਰ੍ਹਾਂ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸ੍ਰੀ ਸੁਖਵੰਤ ਸਿੰਘ ਸਿੱਧੂ ਵੱਲੋਂ ਸਿਹਤ ਵਿਭਾਗ ਦੀਆਂ ਲੋਕ-ਭਲਾਈ ਯੋਜਨਾਵਾਂ, ਸਿਹਤ ਜਾਗਰੂਕਤਾ ਮੁਹਿੰਮਾਂ ਅਤੇ ਸਰਕਾਰੀ ਸਿਹਤ ਸੇਵਾਵਾਂ ਸਬੰਧੀ ਜਾਣਕਾਰੀ ਆਮ ਲੋਕਾਂ ਤੱਕ ਪਹੁੰਚਾਉਣ ਲਈ ਲਗਾਤਾਰ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ।
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਸਨਮਾਨਿਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਰਕਾਰੀ ਸੇਵਾਵਾਂ ਵਿੱਚ ਤਨਦੇਹੀ ਨਾਲ ਕੰਮ ਕਰਨ ਵਾਲੇ ਅਧਿਕਾਰੀ ਅਤੇ ਕਰਮਚਾਰੀ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਬਣਾਉਂਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਨਮਾਨ ਹੋਰ ਕਰਮਚਾਰੀਆਂ ਨੂੰ ਵੀ ਇਮਾਨਦਾਰੀ ਅਤੇ ਸਮਰਪਣ ਨਾਲ ਆਪਣੀ ਡਿਊਟੀ ਨਿਭਾਉਣ ਲਈ ਉਤਸ਼ਾਹਿਤ ਕਰਦੇ ਹਨ।
ਇਸ ਮੌਕੇ ਸਨਮਾਨ ਪ੍ਰਾਪਤ ਕਰਨ ਵਾਲੇ ਅਧਿਕਾਰੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਡਿਪਟੀ ਸਪੀਕਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਿਲਿਆ ਇਹ ਸਨਮਾਨ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਅਤੇ ਉਹ ਭਵਿੱਖ ਵਿੱਚ ਵੀ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣ ਲਈ ਹੋਰ ਉਤਸ਼ਾਹ ਨਾਲ ਕੰਮ ਕਰਨਗੇ।
ਆਜ਼ਾਦੀ ਦਿਵਸ ਮੌਕੇ ਹੋਇਆ ਇਹ ਸਨਮਾਨ ਸਮਾਗਮ ਜਿੱਥੇ ਅਧਿਕਾਰੀਆਂ ਦੀ ਮਿਹਨਤ ਅਤੇ ਸਮਰਪਣ ਦੀ ਕਦਰ ਦਾ ਪ੍ਰਤੀਕ ਬਣਿਆ, ਉੱਥੇ ਹੀ ਇਸ ਨਾਲ ਸਿਹਤ ਵਿਭਾਗ ਦੇ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਲੋਕ-ਸੇਵਾ ਲਈ ਪ੍ਰੇਰਣਾ ਮਿਲੀ।




