ਤਰਨ ਤਾਰਨ, 26 ਜੂਨ (ਅਮਿਤ ਮਰਵਾਹਾ)
ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰ ਰਹੇ ਕਮਿਊਨਿਟੀ ਹੈਲਥ ਅਫ਼ਸਰਾਂ ਸਮੇਤ ਹੋਰ ਐਨ.ਐਚ.ਐਮ. ਮੁਲਾਜ਼ਮਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਗਈ ਸੂਬਾ ਪੱਧਰੀ ਹੜਤਾਲ ਅੱਜ ਪੰਜਵੇਂ ਦਿਨ ਵੀ ਜਾਰੀ ਰਹੀ। ਹੜਤਾਲੀ ਮੁਲਾਜ਼ਮਾਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਅਜੇ ਤੱਕ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੋਈ ਗੱਲਬਾਤ ਨਹੀਂ ਕੀਤੀ ਗਈ, ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਐਨ.ਐਚ.ਐਮ. ਮੁਲਾਜ਼ਮ ਆਗੂਆਂ ਨੇ ਕਿਹਾ ਕਿ ਇਹ ਕਰਮਚਾਰੀ ਪਿਛਲੇ ਕਈ ਸਾਲਾਂ ਤੋਂ ਪੰਜਾਬ ਦੇ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ। ਕੋਵਿਡ ਸਮੇਂ ਦੌਰਾਨ ਵੀ ਉਨ੍ਹਾਂ ਨੇ ਆਪਣੀ ਡਿਊਟੀ ਨਿਭਾਈ ਅਤੇ ਟੀ.ਬੀ. ਮੁਕਤ ਪੰਜਾਬ ਮੁਹਿੰਮ, ਮਾਤਾ-ਬਾਲ ਸਿਹਤ, ਟੀਕਾਕਰਨ, ਐਨ.ਸੀ.ਡੀ. ਸਕ੍ਰੀਨਿੰਗ ਸਮੇਤ ਕਈ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਨੂੰ ਸਫ਼ਲ ਬਣਾਉਣ ਲਈ ਕੰਮ ਕੀਤਾ।
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਈ ਵਾਰ ਮੰਗ ਪੱਤਰ ਦਿੱਤੇ ਗਏ ਅਤੇ ਉੱਚ ਅਧਿਕਾਰੀਆਂ ਨਾਲ ਮੀਟਿੰਗਾਂ ਵੀ ਹੋਈਆਂ, ਪਰ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਕੀਤਾ ਗਿਆ।
ਮੁਲਾਜ਼ਮ ਆਗੂਆਂ ਨੇ ਮੁੱਖ ਮੰਗਾਂ ਬਾਰੇ ਦੱਸਦਿਆਂ ਕਿਹਾ ਕਿ ਸਮੂਹ NHM ਮੁਲਾਜ਼ਮਾਂ ਲਈ ਬਰਾਬਰ ਕੰਮ ਬਰਾਬਰ ਤਨਖਾਹ, ਸਾਲ 2018 ਤੋਂ ਬੰਦ ਕੀਤਾ ਗਿਆ ਲੌਇਲਟੀ ਬੋਨਸ ਬਹਾਲ ਕਰਨਾ, CHO ਲਈ ਨਵਾਂ ਇੰਸੈਂਟਿਵ ਪਰਫਾਰਮਾ ਵਾਪਸ ਲੈਣਾ, ਕਮਿਊਨਿਟੀ ਹੈਲਥ ਅਫ਼ਸਰਾਂ ਦਾ ਰੈਗੂਲਰ ਕੈਡਰ ਸੈਂਕਸ਼ਨ ਕਰਨਾ, BAMS CHO ’ਤੇ ਪ੍ਰਾਈਵੇਟ ਪ੍ਰੈਕਟਿਸ ਸਬੰਧੀ ਲੱਗੀ ਰੋਕ ਹਟਾਉਣ ਸਮੇਤ ਹੋਰ ਮੰਗਾਂ ਦਾ ਹੱਲ ਕੀਤਾ ਜਾਵੇ।
ਆਗੂਆਂ ਨੇ ਦਾਅਵਾ ਕੀਤਾ ਕਿ ਹੜਤਾਲ ਕਾਰਨ ਆਯੁਸ਼ਮਾਨ ਅਰੋਗਿਆ ਕੇਂਦਰਾਂ ਦੀਆਂ ਓ.ਪੀ.ਡੀ. ਸੇਵਾਵਾਂ, ਐਨ.ਸੀ.ਡੀ. ਸਕ੍ਰੀਨਿੰਗ, ਟੀ.ਬੀ. ਪ੍ਰੋਗਰਾਮ, ਸਿਹਤ ਜਾਗਰੂਕਤਾ ਮੁਹਿੰਮਾਂ ਸਮੇਤ ਕਈ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ।
ਉਨ੍ਹਾਂ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿੱਧ ਨਾਲ ਗੱਲਬਾਤ ਦੌਰਾਨ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਯੂਨੀਅਨਾਂ ਨਾਲ ਗੱਲਬਾਤ ਕਰਕੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸੇ ਤਹਿਤ 2 ਜੁਲਾਈ 2026 ਨੂੰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਸੰਗਰੂਰ ਵਿਖੇ ਸੂਬਾ ਪੱਧਰੀ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ, ਜਿਸ ਵਿੱਚ ਪੰਜਾਬ ਭਰ ਤੋਂ ਐਨ.ਐਚ.ਐਮ. ਮੁਲਾਜ਼ਮ ਸ਼ਾਮਲ ਹੋਣਗੇ।
ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਵੱਲੋਂ ਮੰਗਾਂ ਦਾ ਲਿਖਤੀ ਅਤੇ ਵਾਜਬ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਹੜਤਾਲ ਜਾਰੀ ਰਹੇਗੀ।
ਖ਼ਬਰਾਂ
ਪੰਜਾਬ 'ਚ ਸਿਹਤ ਕਾਮਿਆਂ ਦੀ ਹੜਤਾਲ ਪੰਜਵੇਂ ਦਿਨ ਵੀ ਜਾਰੀ
* ਸਰਕਾਰ ਵੱਲੋਂ ਕੋਈ ਸਾਰ ਨਾ ਲੈਣ ’ਤੇ ਸਿਹਤ ਸੇਵਾਵਾਂ ਹੋ ਰਹੀਆਂ ਪ੍ਰਭਾਵਿਤ
26 ਜੂਨ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



