ਤਰਨਤਾਰਨ (ਅਮਿਤ ਮਰਵਾਹਾ)
ਤਰਨਤਾਰਨ 26 ਸਤੰਬਰ ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਪੰਜਾਬ ਨੇ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦੇ ਹੱਲ ਲਈ ਸਰਕਾਰ ਵਿਰੁੱਧ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਵੱਲੋਂ ਪੜਾਅਵਾਰ ਸੰਘਰਸ਼ ਦਾ ਐਲਾਨ ਕਰਦਿਆਂ 9 ਅਕਤੂਬਰ ਨੂੰ ਧੂਰੀ ਵਿਖੇ ਸੂਬਾ ਪੱਧਰੀ ਮਹਾ ਰੈਲੀ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਐਨ.ਐਚ.ਐਮ. ਯੂਨੀਅਨ ਪੰਜਾਬ ਦੇ ਸੂਬਾਈ ਆਗੂ ਡਾ. ਸੁਨੀਲ ਤਰਗੋਤਰਾ ਨੇ ਦੱਸਿਆ ਕਿ 28 ਸਤੰਬਰ ਨੂੰ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਵਿੱਚ ਸਿਵਲ ਸਰਜਨ ਦਫ਼ਤਰਾਂ ਦੇ ਬਾਹਰ ਜ਼ਿਲ੍ਹਾ ਪੱਧਰੀ ਧਰਨੇ ਦਿੱਤੇ ਜਾਣਗੇ। ਇਸ ਉਪਰੰਤ 1 ਅਕਤੂਬਰ ਨੂੰ ਵਿਧਾਇਕਾਂ ਦੇ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਕੇ ਮੰਗ ਪੱਤਰ ਸੌਂਪੇ ਜਾਣਗੇ।

ਉਨ੍ਹਾਂ ਕਿਹਾ ਕਿ ਯੂਨੀਅਨ ਵੱਲੋਂ ਸਰਕਾਰ ਤੋਂ ਪਿਛਲੀਆਂ ਮੀਟਿੰਗਾਂ ਵਿੱਚ ਕੀਤੇ ਫੈਸਲਿਆਂ ਅਤੇ ਦਿੱਤੇ ਭਰੋਸਿਆਂ ਨੂੰ ਅਮਲੀ ਰੂਪ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਜੇਕਰ ਸਰਕਾਰ ਵੱਲੋਂ ਮੰਗਾਂ ਦੇ ਹੱਲ ਲਈ ਠੋਸ ਕਦਮ ਨਾ ਚੁੱਕੇ ਗਏ ਤਾਂ 9 ਅਕਤੂਬਰ ਨੂੰ ਧੂਰੀ ਵਿਖੇ ਵੱਡੀ ਮਹਾ ਰੈਲੀ ਕੀਤੀ ਜਾਵੇਗੀ।

ਰੈਲੀ ਵਿੱਚ ਪੰਜਾਬ ਭਰ ਤੋਂ ਲਗਭਗ 6,000 ਤੋਂ 6,500 ਐਨ.ਐਚ.ਐਮ. ਮੁਲਾਜ਼ਮਾਂ ਤੋਂ ਇਲਾਵਾ ਹੋਰ ਭਰਾਤਰੀ ਸਿਹਤ ਜਥੇਬੰਦੀਆਂ ਦੇ ਮੈਂਬਰ ਵੀ ਸ਼ਮੂਲੀਅਤ ਕਰਨਗੇ।

ਡਾ. ਰਵਿੰਦਰ ਸਿੰਘ ਕਾਹਲੋਂ ਨੇ ਕਿਹਾ ਕਿ ਐਨ.ਐਚ.ਐਮ. ਮੁਲਾਜ਼ਮਾਂ ਦੀਆਂ ਸਾਲਾਂ ਤੋਂ ਲਟਕਦੀਆਂ ਮੰਗਾਂ ਦਾ ਵਿਭਾਗੀ ਕਮੇਟੀ ਰਾਹੀਂ ਤੁਰੰਤ ਨਿਪਟਾਰਾ ਕੀਤਾ ਜਾਵੇ ਅਤੇ ਪਿਛਲੀਆਂ ਮੀਟਿੰਗਾਂ ਵਿੱਚ ਹੋਏ ਫੈਸਲਿਆਂ ਨੂੰ ਲਾਗੂ ਕੀਤਾ ਜਾਵੇ। ਉਨ੍ਹਾਂ ਮੰਗਾਂ ਦੇ ਸਥਾਈ ਹੱਲ ਲਈ ਵਿਸ਼ੇਸ਼ ਕਮੇਟੀ ਦੀ ਮੀਟਿੰਗ ਬੁਲਾਉਣ ਦੀ ਵੀ ਮੰਗ ਕੀਤੀ।

ਯੂਨੀਅਨ ਵੱਲੋਂ ‘ਬਰਾਬਰ ਕੰਮ ਬਰਾਬਰ ਤਨਖਾਹ’ ਦੇ ਸਿਧਾਂਤ ਨੂੰ ਲਾਗੂ ਕਰਨ, ਤਨਖਾਹਾਂ ਵਿੱਚ ਵਾਜਬ ਵਾਧਾ ਕਰਨ ਅਤੇ ਲੰਬੇ ਸਮੇਂ ਤੋਂ ਸੇਵਾ ਨਿਭਾਅ ਰਹੇ ਮੁਲਾਜ਼ਮਾਂ ਨਾਲ ਸਬੰਧਤ ਤਨਖਾਹੀ ਮਸਲਿਆਂ ਦਾ ਨਿਪਟਾਰਾ ਕਰਨ ਦੀ ਮੰਗ ਕੀਤੀ ਗਈ ਹੈ।

ਆਗੂਆਂ ਨੇ ਵੱਖ-ਵੱਖ ਕੇਡਰਾਂ ਨਾਲ ਸਬੰਧਤ ਲੰਬਿਤ ਮਸਲਿਆਂ ਅਤੇ ਸਿਹਤ ਵਿਭਾਗ ਤੇ ਸਰਕਾਰ ਕੋਲ ਵਿਚਾਰ ਅਧੀਨ ਫਾਈਲਾਂ ਦਾ ਵੀ ਜਲਦ ਨਿਪਟਾਰਾ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਐਨ.ਐਚ.ਐਮ. ਮੁਲਾਜ਼ਮ ਲੰਬੇ ਸਮੇਂ ਤੋਂ ਸੂਬੇ ਦੀ ਸਿਹਤ ਪ੍ਰਣਾਲੀ ਵਿੱਚ ਸੇਵਾਵਾਂ ਨਿਭਾਅ ਰਹੇ ਹਨ, ਇਸ ਲਈ ਉਨ੍ਹਾਂ ਦੀਆਂ ਮੰਗਾਂ ਦਾ ਗੱਲਬਾਤ ਰਾਹੀਂ ਸਥਾਈ ਹੱਲ ਕੀਤਾ ਜਾਣਾ ਚਾਹੀਦਾ ਹੈ।