ਮੋਗਾ, 6 ਅਗਸਤ (ਜਸ਼ਨ ) ਪੰਜਾਬ ਕਾਂਗਰਸ ਵੱਲੋਂ ਸੂਬੇ ਭਰ ਵਿਚ ਸੰਗਠਨ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਚਲਾਏ ਜਾ ਰਹੇ ‘ਹਰ ਬੂਥ ਕਾਂਗਰਸ ਮਜ਼ਬੂਤ’ ਅਭਿਆਨ ਤਹਿਤ ਬੀਤੇ ਦਿਨ ਮੋਗਾ ਵਿਖੇ ਇੱਕ ਪ੍ਰਭਾਵਸ਼ਾਲੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕਾਂਗਰਸ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਪ੍ਰੋਗਰਾਮ ਦੌਰਾਨ ਹੋਈਆਂ ਗੱਲਬਾਤਾਂ ਅਤੇ ਆਗੂਆਂ ਦੇ ਸੰਬੋਧਨਾਂ ਤੋਂ ਬਾਅਦ ਮੋਗਾ ਹਲਕੇ ਵਿਚ ਇਹ ਚਰਚਾ ਜ਼ੋਰਾਂ ’ਤੇ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਟਿਕਟ ਸਬੰਧੀ ਮਾਲਵਿਕਾ ਸੂਦ ਦਾ ਨਾਮ ਕਾਫ਼ੀ ਮਜ਼ਬੂਤੀ ਨਾਲ ਉੱਭਰ ਕੇ ਸਾਹਮਣੇ ਆ ਰਿਹਾ ਹੈ। ਹਾਲਾਂਕਿ ਪਾਰਟੀ ਵੱਲੋਂ ਇਸ ਸਬੰਧੀ ਕੋਈ ਅਧਿਕਾਰਕਤ ਐਲਾਨ ਨਹੀਂ ਕੀਤਾ ਗਿਆ, ਪਰ ਮਾਲਵਿਕਾ ਸੂਦ ਦੇ ਸਮਰਥਕਾਂ ਦਾ ਮੰਨਣਾ ਹੈ ਕਿ ਸੀਨੀਅਰ ਲੀਡਰਸ਼ਿਪ ਵੱਲੋਂ ਮਿਲੇ ਸੰਕੇਤ ਉਨ੍ਹਾਂ ਦੀ ਦਾਅਵੇਦਾਰੀ ਨੂੰ ਹੋਰ ਮਜ਼ਬੂਤ ਕਰਦੇ ਹਨ। ਕਾਂਗਰਸੀ ਵਰਕਰਾਂ ਦਾ ਕਹਿਣਾ ਹੈ ਕਿ ਮਾਲਵਿਕਾ ਸੂਦ ਪਿਛਲੇ ਕਾਫ਼ੀ ਸਮੇਂ ਤੋਂ ਵਿਧਾਨ ਸਭਾ ਹਲਕਾ ਮੋਗਾ ਵਿਚ ਲਗਾਤਾਰ ਸਰਗਰਮ ਹਨ ਅਤੇ ਲੋਕਾਂ ਦੇ ਦੁੱਖ-ਸੁੱਖ ਵਿਚ ਸ਼ਾਮਲ ਹੋਣ ਦੇ ਨਾਲ-ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੇ ਹਨ। ਉਨ੍ਹਾਂ ਦੀ ਇਸ ਸਰਗਰਮੀ ਕਾਰਨ ਹਲਕੇ ਦੇ ਵੱਡੇ ਵਰਗ ਵਿਚ ਉਨ੍ਹਾਂ ਪ੍ਰਤੀ ਸਕਾਰਾਤਮਕ ਮਾਹੌਲ ਬਣਦਾ ਨਜ਼ਰ ਆ ਰਿਹਾ ਹੈ। ਸਿਆਸੀ ਹਲਕਿਆਂ ਵਿਚ ਇਸ ਗੱਲ ਦੀ ਵੀ ਚਰਚਾ ਹੈ ਕਿ ਫਰੀਦਕੋਟ ਵਿਖੇ ‘ਹਰ ਬੂਥ ਕਾਂਗਰਸ ਮਜ਼ਬੂਤ’ ਪ੍ਰੋਗਰਾਮ ਤੋਂ ਬਾਅਦ ਭੁਪੇਸ਼ ਬਘੇਲ ਅਤੇ ਰਾਜਾ ਵੜਿੰਗ ਨੇ ਮਾਲਵਿਕਾ ਸੂਦ ਦੇ ਗ੍ਰਹਿ ਵਿਖੇ ਵੀ ਮੁਲਾਕਾਤ ਕੀਤੀ। ਇਸ ਮੀਟਿੰਗ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਸਿਆਸੀ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਹਾਲਾਂਕਿ ਇਸ ਮੀਟਿੰਗ ਦੇ ਵੇਰਵਿਆਂ ਬਾਰੇ ਕੋਈ ਅਧਿਕਾਰਕਤ ਜਾਣਕਾਰੀ ਸਾਹਮਣੇ ਨਹੀਂ ਆਈ, ਪਰ ਸਮਰਥਕ ਇਸ ਨੂੰ ਮਾਲਵਿਕਾ ਸੂਦ ਲਈ ਸਕਾਰਾਤਮਕ ਸੰਕੇਤ ਵਜੋਂ ਦੇਖ ਰਹੇ ਹਨ। ਇਸ ਮੌਕੇ ਮਾਲਵਿਕਾ ਸੂਦ ਵੱਲੋਂ ਭੁਪੇਸ਼ ਬਘੇਲ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਕਾਂਗਰਸ ਵਰਕਰਾਂ ਦੀ ਏਕਤਾ ਅਤੇ ਮਿਹਨਤ ਦੇ ਬਲ ’ਤੇ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਮੋਗਾ ਹਲਕੇ ਤੋਂ ਸ਼ਾਨਦਾਰ ਪ੍ਰਦਰਸ਼ਨ ਕਰੇਗੀ। ਉਨ੍ਹਾਂ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਚੋਣ ਲੜ ਕੇ ਇਹ ਸੀਟ ਕਾਂਗਰਸ ਦੀ ਝੋਲੀ ਪਾਉਣਗੇ। ਦੂਜੇ ਪਾਸੇ ਰਾਜਨੀਤਿਕ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਮੋਗਾ ਹਲਕੇ ਵਿੱਚ ਕਾਂਗਰਸ ਦੀ ਟਿਕਟ ਨੂੰ ਲੈ ਕੇ ਚਰਚਾਵਾਂ ਭਾਵੇਂ ਤੇਜ਼ ਹੋ ਚੁੱਕੀਆਂ ਹਨ, ਪਰ ਅੰਤਿਮ ਫ਼ੈਸਲਾ ਪਾਰਟੀ ਹਾਈਕਮਾਂਡ ਵੱਲੋਂ ਸਮੇਂ ਸਿਰ ਕੀਤਾ ਜਾਵੇਗਾ। ਫਿਲਹਾਲ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਨੇ ਮੋਗਾ ਵਿਚ ਕਾਂਗਰਸ ਵਰਕਰਾਂ ਵਿੱਚ ਨਵਾਂ ਜੋਸ਼ ਭਰ ਦਿੱਤਾ ਹੈ ਅਤੇ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਨੂੰ ਹੋਰ ਗਤੀ ਮਿਲੀ ਹੈ। ਵਰਕਰਾਂ ਦਾ ਕਹਿਣਾ ਹੈ ਕਿ ਉਹ ਬੂਥ ਪੱਧਰ ’ਤੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਵੱਡੀ ਸਫਲਤਾ ਮਿਲ ਸਕੇ।





