ਮੋਗਾ, 9 ਜੁਲਾਈ (ਜਸ਼ਨ ) ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਨ ਸਭਾ ਹਲਕਾ ਮੋਗਾ ਦੇ ਇੰਚਾਰਜ ਮਾਲਵਿਕਾ ਸੂਦ ਨੇ ਆਪਣੇ ਚੋਣ ਪ੍ਰਚਾਰ ਅਤੇ ਲੋਕ ਸੰਪਰਕ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਉਹ ਰੋਜ਼ਾਨਾ ਸ਼ਹਿਰ ਅਤੇ ਪਿੰਡਾਂ ਵਿਚ ਪਰਿਵਾਰਾਂ ਨਾਲ ਮੁਲਾਕਾਤ ਕਰ ਰਹੀ ਹੈ ਅਤੇ ਲੋਕਾਂ ਨਾਲ ਸਿੱਧਾ ਸੰਵਾਦ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਦੇ ਨਾਲ-ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵੀ ਵਿਚਾਰ-ਵਟਾਂਦਰਾ ਕਰ ਰਹੀ ਹੈ। ਆਪਣੇ ਦੌਰਿਆਂ ਦੌਰਾਨ ਮਾਲਵਿਕਾ ਸੂਦ ਨੇ ਕਿਹਾ ਕਿ ਹਲਕੇ ਦੇ ਲੋਕ ਹੀ ਉਨ੍ਹਾਂ ਦਾ ਅਸਲ ਪਰਿਵਾਰ ਹਨ ਅਤੇ ਉਹ ਹਮੇਸ਼ਾ ਉਨ੍ਹਾਂ ਦੇ ਸੁੱਖ-ਦੁੱਖ ਵਿਚ ਸ਼ਾਮਲ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਜੁੜਾਅ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਇਸੇ ਕਾਰਨ ਉਹ ਹਰ ਰੋਜ਼ ਲੋਕਾਂ ਵਿਚ ਜਾ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਨੇੜਿਓਂ ਸਮਝ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਹਲਕੇ ਦੇ ਵਿਕਾਸ ਨੂੰ ਪਹਿਲ ਦਿੱਤੀ ਜਾਵੇਗੀ ਅਤੇ ਕਿਸੇ ਵੀ ਵਿਅਕਤੀ ਨੂੰ ਆਪਣੀਆਂ ਬੁਨਿਆਦੀ ਸਮੱਸਿਆਵਾਂ ਲਈ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ। ਮੀਡੀਆ ਨਾਲ ਗੱਲਬਾਤ ਕਰਦਿਆਂ ਮਾਲਵਿਕਾ ਸੂਦ ਨੇ ਕਿਹਾ ਕਿ ਉਨ੍ਹਾਂ ਨੂੰ ਹਲਕੇ ਦੇ ਹਰ ਵਰਗ ਦੇ ਲੋਕਾਂ ਵੱਲੋਂ ਭਰਪੂਰ ਪਿਆਰ ਅਤੇ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਦਾ ਕਾਂਗਰਸ ਪਾਰਟੀ ਪ੍ਰਤੀ ਵਿਸ਼ਵਾਸ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਅਤੇ ਆਉਣ ਵਾਲੀਆਂ ਚੋਣਾਂ ਵਿਚ ਇਸ ਦਾ ਸਕਾਰਾਤਮਕ ਨਤੀਜਾ ਜ਼ਰੂਰ ਸਾਹਮਣੇ ਆਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਭਰੋਸੇ ਅਤੇ ਪਿਆਰ ਨੂੰ ਕਾਇਮ ਰੱਖਣਾ ਹੀ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਮਾਲਵਿਕਾ ਸੂਦ ਨੇ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਸਮਾਜ ਸੇਵਾ ਨਾਲ ਜੁੜੀ ਹੋਈ ਹੈ ਅਤੇ ਬਿਨਾਂ ਕਿਸੇ ਭੇਦਭਾਵ ਦੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਕਰਦੀ ਆ ਰਹੀ ਹੈ। ਚਾਹੇ ਕਿਸੇ ਦੇ ਘਰ ਦੁੱਖ ਦੀ ਘੜੀ ਹੋਵੇ ਜਾਂ ਖੁਸ਼ੀ ਦਾ ਮੌਕਾ, ਉਹ ਹਰ ਸਮੇਂ ਲੋਕਾਂ ਦੇ ਨਾਲ ਖੜ੍ਹਨ ਨੂੰ ਆਪਣਾ ਫ਼ਰਜ਼ ਸਮਝਦੀ ਹੈ। ਇਸੇ ਕਾਰਨ ਹਲਕੇ ਦੇ ਲੋਕਾਂ ਨਾਲ ਉਨ੍ਹਾਂ ਦਾ ਰਿਸ਼ਤਾ ਸਿਰਫ਼ ਰਾਜਨੀਤੀ ਤੱਕ ਸੀਮਤ ਨਹੀਂ, ਸਗੋਂ ਪਰਿਵਾਰਕ ਸਾਂਝ ਵਿਚ ਬਦਲ ਚੁੱਕਾ ਹੈ। ਵੱਖ-ਵੱਖ ਮੀਟਿੰਗਾਂ ਅਤੇ ਮੁਲਾਕਾਤਾਂ ਦੌਰਾਨ ਹਲਕੇ ਦੇ ਲੋਕਾਂ ਨੇ ਵੀ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾਲਵਿਕਾ ਸੂਦ ਨੇ ਹਮੇਸ਼ਾ ਲੋਕਾਂ ਦੀਆਂ ਸਮੱਸਿਆਵਾਂ ਨੂੰ ਆਪਣੀਆਂ ਸਮੱਸਿਆਵਾਂ ਸਮਝ ਕੇ ਹੱਲ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਹਰ ਔਖੇ ਸਮੇਂ ਵਿਚ ਲੋਕਾਂ ਦੇ ਨਾਲ ਖੜ੍ਹੇ ਰਹੇ ਹਨ ਅਤੇ ਕਿਸੇ ਵੀ ਲੋੜਵੰਦ ਨੂੰ ਨਿਰਾਸ਼ ਨਹੀਂ ਕੀਤਾ। ਇਸੇ ਕਰਕੇ ਹਲਕੇ ਦੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਉਨ੍ਹਾਂ ਦਾ ਪੂਰਾ ਸਾਥ ਦੇਣ ਲਈ ਵਚਨਬੱਧ ਹਨ। ਲੋਕਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਮਾਲਵਿਕਾ ਸੂਦ ਦੀ ਸਾਦਗੀ, ਮਿਲਣਸਾਰ ਸੁਭਾਅ ਅਤੇ ਲਗਾਤਾਰ ਸਮਾਜ ਸੇਵਾ ਨੇ ਉਨ੍ਹਾਂ ਨੂੰ ਹਲਕੇ ਦੇ ਲੋਕਾਂ ਦੇ ਦਿਲਾਂ ਵਿਚ ਵਿਸ਼ੇਸ਼ ਥਾਂ ਦਿਵਾਈ ਹੈ। ਉਨ੍ਹਾਂ ਕਿਹਾ ਕਿ ਜਿਹੜਾ ਆਗੂ ਚੋਣਾਂ ਤੋਂ ਪਹਿਲਾਂ ਹੀ ਨਹੀਂ, ਸਗੋਂ ਹਰ ਸਮੇਂ ਲੋਕਾਂ ਵਿਚ ਰਹਿੰਦਾ ਹੈ, ਉਹੀ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰ ਸਕਦਾ ਹੈ। ਇਸੇ ਵਿਸ਼ਵਾਸ ਨਾਲ ਉਹ ਆਉਣ ਵਾਲੀਆਂ ਚੋਣਾਂ ਵਿਚ ਮਾਲਵਿਕਾ ਸੂਦ ਅਤੇ ਕਾਂਗਰਸ ਪਾਰਟੀ ਦਾ ਡਟ ਕੇ ਸਾਥ ਦੇਣਗੇ।