ਹੁਸ਼ਿਆਰਪੁਰ, 6 ਅਗਸਤ(ਬਖਸ਼ੀ )
15 ਅਗਸਤ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਹੁਸ਼ਿਆਰਪੁਰ ਬੱਸ ਸਟੈਂਡ 'ਤੇ ਵਿਸ਼ੇਸ਼ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਸ ਮੌਕੇ ਏਡੀਜੀਪੀ ਸ਼ਿਵ ਕੁਮਾਰ ਵਰਮਾ ਅਤੇ ਐੱਸਐੱਸਪੀ ਸੰਦੀਪ ਕੁਮਾਰ ਮਲਿਕ ਨੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਚੈਕਿੰਗ ਮੁਹਿੰਮ ਦੀ ਨਿਗਰਾਨੀ ਕੀਤੀ।
"ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਏਡੀਜੀਪੀ ਸ਼ਿਵ ਕੁਮਾਰ ਵਰਮਾ ਨੇ ਦੱਸਿਆ ਕਿ 1 ਅਗਸਤ ਤੋਂ 15 ਅਗਸਤ ਤੱਕ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਰੋਜ਼ਾਨਾ ਵਿਸ਼ੇਸ਼ ਚੈਕਿੰਗ ਅਤੇ ਸਰਚ ਆਪ੍ਰੇਸ਼ਨ ਚਲਾਏ ਜਾ ਰਹੇ ਹਨ। ਆਜ਼ਾਦੀ ਦਿਵਸ ਸਮਾਗਮਾਂ ਨੂੰ ਧਿਆਨ ਵਿੱਚ ਰੱਖਦਿਆਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਅਤੇ ਹੋਰ ਜਨਤਕ ਥਾਵਾਂ 'ਤੇ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਅਤੇ ਹੋਰ ਅਪਰਾਧਿਕ ਅਨਸਰਾਂ ਖ਼ਿਲਾਫ਼ ਵੀ ਪੰਜਾਬ ਪੁਲਿਸ ਦੀ ਮੁਹਿੰਮ ਲਗਾਤਾਰ ਜਾਰੀ ਹੈ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਵਸਤੂ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ, ਤਾਂ ਜੋ ਆਜ਼ਾਦੀ ਦਿਵਸ ਮੌਕੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਬਣਾਏ ਜਾ ਸਕਣ।




