ਚੰਡੀਗੜ - 10 ਅਗਸਤ (ਜਸ਼ਨ )ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਰਪ੍ਰਸਤ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸ੍ਰ ਰਵੀਇੰਦਰ ਸਿੰਘ ਨੇ ਪੰਜਾਬ ਵਿੱਚ MBBS ਦੀਆਂ ਫੀਸਾਂ ਵਿੱਚ ਕੀਤੇ ਜਾ ਰਹੇ ਵਾਧੇ ਦਾ ਸਖ਼ਤ ਵਿਰੋਧ ਕਰਦਿਆਂ ਕਿਹਾ ਹੈ ਕਿ ਡਾਕਟਰੀ ਸਿੱਖਿਆ ਨੂੰ ਮਹਿੰਗਾ ਕਰਨਾ ਪੰਜਾਬ ਦੇ ਹੋਣਹਾਰ ਅਤੇ ਮੱਧਵਰਗੀ ਤੇ ਗਰੀਬ ਪਰਿਵਾਰਾਂ ਦੇ ਬੱਚਿਆਂ ਦੇ ਭਵਿੱਖ ਨਾਲ ਬੇਇਨਸਾਫ਼ੀ ਹੈ।
ਉਨ੍ਹਾਂ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਬਹੁਤ ਸਾਰੇ ਵਿਦਿਆਰਥੀ ਮਿਹਨਤ ਅਤੇ ਯੋਗਤਾ ਦੇ ਬਲਬੂਤੇ ’ਤੇ ਡਾਕਟਰ ਬਣਨ ਦਾ ਸੁਪਨਾ ਦੇਖਦੇ ਹਨ। ਜੇਕਰ MBBS ਦੀਆਂ ਫੀਸਾਂ ਲਗਾਤਾਰ ਵਧਦੀਆਂ ਰਹੀਆਂ ਤਾਂ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਮੱਧਵਰਗੀ ਪਰਿਵਾਰਾਂ ਲਈ ਆਪਣੇ ਬੱਚਿਆਂ ਨੂੰ ਮੈਡੀਕਲ ਸਿੱਖਿਆ ਦਿਵਾਉਣਾ ਬੇਹੱਦ ਮੁਸ਼ਕਲ ਹੋ ਜਾਵੇਗਾ।
ਰਵੀਇੰਦਰ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਫੀਸਾਂ ਵਿੱਚ ਕੀਤੇ ਵਾਧੇ ਨੂੰ ਤੁਰੰਤ ਵਾਪਸ ਲਿਆ ਜਾਵੇ ਅਤੇ ਮੈਡੀਕਲ ਸਿੱਖਿਆ ਨੂੰ ਆਮ ਪਰਿਵਾਰਾਂ ਦੀ ਪਹੁੰਚ ਵਿੱਚ ਰੱਖਣ ਲਈ ਇੱਕ ਲੰਬੇ ਸਮੇਂ ਦੀ ਸਪਸ਼ਟ ਅਤੇ ਵਿਦਿਆਰਥੀ-ਪੱਖੀ ਨੀਤੀ ਬਣਾਈ ਜਾਵੇ।
ਉਨ੍ਹਾਂ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਪੰਜਾਬ ਵਿੱਚ ਡਾਕਟਰਾਂ ਦੀ ਨਵੀਂ ਪੀੜ੍ਹੀ ਤਿਆਰ ਕੀਤੀ ਜਾਵੇ, ਨਾ ਕਿ ਵਧਦੀਆਂ ਫੀਸਾਂ ਕਾਰਨ ਹੋਣਹਾਰ ਵਿਦਿਆਰਥੀਆਂ ਨੂੰ ਮੈਡੀਕਲ ਸਿੱਖਿਆ ਤੋਂ ਦੂਰ ਕੀਤਾ ਜਾਵੇ। ਸਰਕਾਰ ਨੂੰ ਸਿੱਖਿਆ ਨੂੰ ਵਪਾਰ ਬਣਾਉਣ ਦੀ ਬਜਾਏ ਸਮਾਜਿਕ ਜ਼ਿੰਮੇਵਾਰੀ ਅਤੇ ਲੋਕ-ਭਲਾਈ ਦੇ ਨਜ਼ਰੀਏ ਨਾਲ ਦੇਖਣਾ ਚਾਹੀਦਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਵਿਦਿਆਰਥੀਆਂ ਦੇ ਹਿੱਤਾਂ ਦੀ ਰੱਖਿਆ ਲਈ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹਰ ਪੱਧਰ ’ਤੇ ਆਪਣੀ ਆਵਾਜ਼ ਬੁਲੰਦ ਕਰੇਗਾ।
“ਪੰਜਾਬ ਦੇ ਬੱਚਿਆਂ ਦੀ ਯੋਗਤਾ ਉਨ੍ਹਾਂ ਦੇ ਪਰਿਵਾਰ ਦੀ ਆਰਥਿਕ ਸਮਰੱਥਾ ਦੀ ਮੋਹਤਾਜ ਨਹੀਂ ਹੋਣੀ ਚਾਹੀਦੀ। ਮੈਡੀਕਲ ਸਿੱਖਿਆ ਹਰ ਹੋਣਹਾਰ ਵਿਦਿਆਰਥੀ ਲਈ ਪਹੁੰਚਯੋਗ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ।