ਬਾਘਾ ਪੁਰਾਣਾ, 2 ਜੁਲਾਈ (ਜਸ਼ਨ ) ਭਾਰਤੀ ਜਨਤਾ ਪਾਰਟੀ ਦੇ ਆਰ.ਟੀ.ਆਈ. ਸੈੱਲ ਦੇ ਕੋ-ਕਨਵੀਨਰ ਐਡਵੋਕੇਟ ਅਮਿਤ ਅਗਰਵਾਲ ਅਤੇ ਭਾਜਪਾ ਦੇ ਸੀਨੀਅਰ ਆਗੂ ਤੇ ਕਿਸਾਨ ਵਿੰਗ ਦੇ ਪ੍ਰਧਾਨ ਸੁਖਜਿੰਦਰ ਸਿੰਘ ਵਾਂਦਰ ਦਾ ਕਹਿਣਾ ਏ ਕਿ ਪੰਜਾਬ ਦੀ ਜਨਤਾ ਇਸ ਵਾਰ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਨੂੰ ਸੱਤਾ ਦੀ ਜ਼ਿੰਮੇਵਾਰੀ ਸੌਂਪਣ ਦਾ ਮਨ ਬਣਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਭਾਜਪਾ ਨਾਲ ਲਗਾਤਾਰ ਵੱਧ ਰਹੀ ਲੋਕਾਂ ਦੀ ਸ਼ਮੂਲੀਅਤ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਲੋਕ ਰਵਾਇਤੀ ਸਿਆਸਤ ਤੋਂ ਉੱਪਰ ਉੱਠ ਕੇ ਵਿਕਾਸ ਅਤੇ ਸੁਸ਼ਾਸਨ ਦੀ ਰਾਜਨੀਤੀ ਨੂੰ ਤਰਜੀਹ ਦੇਣਾ ਚਾਹੁੰਦੇ ਹਨ। ਦੋਵਾਂ ਆਗੂਆਂ ਨੇ 'ਇੰਟਰਨੈਸ਼ਨਲ ਪੰਜਾਬੀ ਨਿਊਜ਼' ਦੇ ਨੁਮਾਇੰਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਪਿਛਲੇ ਕਈ ਸਾਲਾਂ ਤੋਂ ਵੱਖ-ਵੱਖ ਸਰਕਾਰਾਂ ਨੂੰ ਅਜ਼ਮਾ ਚੁੱਕੇ ਹਨ, ਪਰ ਉਨ੍ਹਾਂ ਦੀਆਂ ਉਮੀਦਾਂ ਅਨੁਸਾਰ ਵਿਕਾਸ ਨਹੀਂ ਹੋ ਸਕਿਆ। ਹੁਣ ਲੋਕ ਇੱਕ ਅਜਿਹੇ ਰਾਜਨੀਤਿਕ ਵਿਕਲਪ ਦੀ ਭਾਲ ਵਿਚ ਹਨ, ਜੋ ਸੂਬੇ ਨੂੰ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ’ਤੇ ਲੈ ਕੇ ਜਾ ਸਕੇ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਹੀ ਉਹ ਪਾਰਟੀ ਹੈ ਜੋ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਦ੍ਰਿੜ ਇਰਾਦੇ ਨਾਲ ਕੰਮ ਕਰ ਸਕਦੀ ਹੈ। ਐਡਵੋਕੇਟ ਅਮਿਤ ਅਗਰਵਾਲ ਨੇ ਕਿਹਾ ਕਿ ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਵੱਡੀ ਗਿਣਤੀ ਵਿਚ ਲੋਕ ਭਾਜਪਾ ਨਾਲ ਜੁੜ ਰਹੇ ਹਨ ਅਤੇ ਪਾਰਟੀ ਦੀਆਂ ਨੀਤੀਆਂ ’ਤੇ ਆਪਣਾ ਵਿਸ਼ਵਾਸ ਪ੍ਰਗਟਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਵੱਧਦਾ ਜਨ ਸਮਰਥਨ 2027 ਦੀਆਂ ਚੋਣਾਂ ਵਿਚ ਭਾਜਪਾ ਲਈ ਸਕਾਰਾਤਮਕ ਨਤੀਜੇ ਲਿਆਵੇਗਾ। ਇਸ ਮੌਕੇ ਸੁਖਜਿੰਦਰ ਸਿੰਘ ਵਾਂਦਰ ਨੇ ਕਿਹਾ ਕਿ ਕਿਸਾਨਾਂ, ਨੌਜਵਾਨਾਂ, ਵਪਾਰੀਆਂ ਅਤੇ ਹਰ ਵਰਗ ਦੇ ਲੋਕਾਂ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਭਾਜਪਾ ਦਾ ਜਨਾਧਾਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਦੋਵਾਂ ਆਗੂਆਂ ਨੇ ਇਹ ਵੀ ਕਿਹਾ ਕਿ ਪੱਛਮੀ ਬੰਗਾਲ ਤੋਂ ਬਾਅਦ ਹੁਣ ਪੰਜਾਬ ਵਿਚ ਵੀ ਭਾਜਪਾ ਆਪਣੀ ਮਜ਼ਬੂਤ ਮੌਜੂਦਗੀ ਦਰਜ ਕਰਵਾਏਗੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਲੋਕਾਂ ਦੇ ਸਮਰਥਨ ਨਾਲ ਸਰਕਾਰ ਬਣਾਉਣ ਵਿਚ ਕਾਮਯਾਬ ਰਹੇਗੀ। ਉਨ੍ਹਾਂ ਪਾਰਟੀ ਵਰਕਰਾਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਸਰਗਰਮ ਹੋ ਕੇ ਲੋਕਾਂ ਨਾਲ ਜੁੜਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਦੀ ਅਪੀਲ ਵੀ ਕੀਤੀ।
ਖ਼ਬਰਾਂ
ਭਾਜਪਾ ਨਾਲ ਵੱਧ ਰਹੀ ਲੋਕਾਂ ਦੀ ਸ਼ਮੂਲੀਅਤ ਜਨ ਸਮਰਥਨ ਦਾ ਸੰਕੇਤ : ਅਮਿਤ ਅਗਰਵਾਲ,ਸੁਖਜਿੰਦਰ ਸਿੰਘ ਵਾਂਦਰ
* ਪੱਛਮੀ ਬੰਗਾਲ ਦੀ ਤਰਜ਼ ਤੇ, ਭਾਜਪਾ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸਰਕਾਰ ਬਣਾਉਣ ਵਿਚ ਕਾਮਯਾਬ ਰਹਿਣ ਦਾ ਦਾਅਵਾ
5 ਜੁਲਾਈ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



