ਮੋਗਾ, 21 ਜੁਲਾਈ (ਜਸ਼ਨ ) ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਮਨਰੇਗਾ ਮੁਲਾਜ਼ਮਾਂ ’ਤੇ ਪੁਲਸ ਵੱਲੋਂ ਕੀਤੀ ਗਈ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ’ਤੇ ਪਾਣੀ ਦੀਆਂ ਬੁਛਾਰਾਂ ਮਾਰਨਾ, ਅੱਥਰੂ ਗੈਸ ਦੇ ਗੋਲੇ ਛੱਡਣਾ ਅਤੇ ਤਸ਼ੱਦਦ ਕਰਨਾ ਲੋਕਤੰਤਰੀ ਕਦਰਾਂ-ਕੀਮਤਾਂ ਦੇ ਖ਼ਿਲਾਫ਼ ਹੈ। ਮਾਲਵਿਕਾ ਸੂਦ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਪਿਛਲੇ ਅੱਠ ਮਹੀਨਿਆਂ ਤੋਂ ਬਕਾਇਆ ਤਨਖਾਹਾਂ ਜਾਰੀ ਕਰਕੇ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨਾ ਚਾਹੀਦਾ ਸੀ, ਪਰ ਇਸ ਦੀ ਬਜਾਏ ਉਨ੍ਹਾਂ ਨੂੰ ਨੌਕਰੀ ਤੋਂ ਕੱਢਣ ਦੇ ਪੱਤਰ ਜਾਰੀ ਕਰ ਦਿੱਤੇ ਗਏ। ਉਨ੍ਹਾਂ ਇਸ ਨੂੰ ਸਰਕਾਰ ਦਾ ‘ਨਾਦਰਸ਼ਾਹੀ ਫਰਮਾਨ’ ਕਰਾਰ ਦਿੰਦਿਆਂ ਕਿਹਾ ਕਿ ਇਸ ਦਾ ਜਵਾਬ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਦੇਣਗੇ। ਉਨ੍ਹਾਂ ਦੱਸਿਆ ਕਿ ਪਿਛਲੇ 16 ਸਾਲਾਂ ਤੋਂ ਠੇਕੇ ਦੇ ਆਧਾਰ ’ਤੇ ਸੇਵਾਵਾਂ ਨਿਭਾ ਰਹੇ ਕਰੀਬ 2100 ਮਨਰੇਗਾ ਮੁਲਾਜ਼ਮ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਨਾਲ ਧੱਕੇਸ਼ਾਹੀ ਕਰ ਕੇ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਅਸਫਲ ਕੋਸ਼ਿਸ਼ ਕਰ ਰਹੀ ਹੈ। ਮਾਲਵਿਕਾ ਸੂਦ ਨੇ ਕਿਹਾ ਕਿ ਜਿਹੜੀ ਪਾਰਟੀ ਖੁਦ ਧਰਨਿਆਂ ਅਤੇ ਸੰਘਰਸ਼ਾਂ ਵਿੱਚੋਂ ਨਿਕਲ ਕੇ ਸੱਤਾ ਵਿਚ ਆਈ ਸੀ, ਉਹੀ ਅੱਜ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ’ਤੇ ਜ਼ਬਰ ਕਰ ਰਹੀ ਹੈ, ਜੋ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਅੱਠ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਮਨਰੇਗਾ ਮੁਲਾਜ਼ਮਾਂ ਦੇ ਘਰਾਂ ਦੇ ਚੁੱਲ੍ਹੇ ਠੰਢੇ ਪਏ ਹਨ ਅਤੇ ਉਨ੍ਹਾਂ ਦੇ ਪਰਿਵਾਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਹਨ। ਇਸ ਤੋਂ ਇਲਾਵਾ ਮਨਰੇਗਾ ਮਜ਼ਦੂਰਾਂ ਨੂੰ ਧਰਨਿਆਂ ਵਿਚ ਸ਼ਾਮਲ ਹੋਣ ਤੋਂ ਰੋਕਣਾ ਵੀ ਲੋਕਤੰਤਰ ਦੀ ਭਾਵਨਾ ਦੇ ਉਲਟ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਨਰੇਗਾ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦੇ ਹੁਕਮ ਤੁਰੰਤ ਵਾਪਸ ਲਏ ਜਾਣ, ਬਕਾਇਆ ਤਨਖਾਹਾਂ ਜਾਰੀ ਕੀਤੀਆਂ ਜਾਣ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਗੱਲਬਾਤ ਰਾਹੀਂ ਹੱਲ ਕੀਤਾ ਜਾਵੇ।
ਖ਼ਬਰਾਂ
ਮਨਰੇਗਾ ਮੁਲਾਜ਼ਮਾਂ ਦੀਆਂ ਤਨਖਾਹਾਂ ਜਾਰੀ ਕਰਨ ਦੀ ਬਜਾਏ, ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ ਕਰਨਾ ,ਆਪ ਸਰਕਾਰ ਦਾ ਨਾਦਰਸਾਹੀ ਫੁਰਮਾਨ : ਮਾਲਵਿਕਾ ਸੂਦ
* ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਮੁਲਾਜਮਾਂ ’ਤੇ ਪੁਲਸ ਕਾਰਵਾਈ ਦੀ ਵੀ ਕੀਤੀ ਨਿਖੇਧੀ
22 ਜੁਲਾਈ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



