ਕਿਸ਼ਨਪੁਰਾ ਕਲਾਂ, 3 ਸਤੰਬਰ (ਜਸ਼ਨ ) ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵੱਲੋਂ ਚਲਾਏ ਜਾ ਰਹੇ ‘ਮਿਸ਼ਨ ਫ਼ਤਿਹ 2027’ ਤਹਿਤ ਹਲਕਾ ਧਰਮਕੋਟ ਦੇ ਪਿੰਡ ਇੱਜ਼ਤਵਾਲਾ ਵਿਖੇ ਸੀਨੀਅਰ ਕਾਂਗਰਸੀ ਆਗੂ ਸੁਰਜਨ ਸਿੰਘ ਅਤੇ ਬਲਕਾਰ ਸਿੰਘ ਦੇ ਗ੍ਰਹਿ ਵਿਖੇ ਇੱਕ ਵਿਸ਼ਾਲ ਮੀਟਿੰਗ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰਾਂ, ਸਮਰਥਕਾਂ ਅਤੇ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕਰਕੇ ਪਾਰਟੀ ਪ੍ਰਤੀ ਆਪਣਾ ਸਮਰਥਨ ਪ੍ਰਗਟ ਕੀਤਾ। ਮੀਟਿੰਗ ਦੌਰਾਨ ਆਗੂਆਂ ਵੱਲੋਂ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਉਨ੍ਹਾਂ ਨੂੰ ਹੁਣ ਤੋਂ ਹੀ ਪੂਰੀ ਤਨਦੇਹੀ ਨਾਲ ਚੋਣ ਤਿਆਰੀਆਂ ਵਿਚ ਜੁਟਣ ਲਈ ਲਾਮਬੰਦ ਕੀਤਾ ਗਿਆ।
ਇਸ ਮੌਕੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿੰਡ ਪੱਧਰ ’ਤੇ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਉਣ ਦੀ ਲੋੜ ਹੈ। ਮੀਟਿੰਗ ਦੌਰਾਨ ਉਨਾਂ ਪੰਜਾਬ ਦੀ ਮੌਜੂਦਾ ‘ਆਪ’ ਸਰਕਾਰ ਦੀਆਂ ਨੀਤੀਆਂ ’ਤੇ ਤਿੱਖੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿਚ ਲੋਕ ਕਾਂਗਰਸ ਪਾਰਟੀ ਦੇ ਹੱਕ ਵਿਚ ਫ਼ਤਵਾ ਦੇਣ ਦਾ ਮਨ ਬਣਾ ਚੁੱਕੇ ਹਨ ਅਤੇ ਪੰਜਾਬ ਵਿਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਾਂਗਰਸ ਦੀ ਸਰਕਾਰ ਬਣੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਬੀਰ ਸਿੰਘ ਗੋਗਾ, ਸੋਹਣਾ ਖੇਲਾ ਜਲਾਲਾਬਾਦ, ਜਸਮੱਤ ਸਿੰਘ ਮੱਤਾ, ਵਰਿੰਦਰਪਾਲ ਮੱਖਣ, ਗੁਰਜੰਟ ਸਿੰਘ ਨਸੀਰੇਵਾਲਾ, ਹੈਪੀ ਕੋਟ ਮਹੰਮਦ ਖਾਂ, ਟਹਿਲ ਸਿੰਘ,ਅਸ਼ੋਕ ਸਿੰਘ ਸਾਬਕਾ ਸਰਪੰਚ , ਪਰਜੀਤ ਸਿੰਘ ਪੰਮਾ ,ਪ੍ਰੀਤਮ ਸਿੰਘ, ਹਰਭਜਨ ਸਿੰਘ ਹਰਮੇਸ਼ ਸਿੰਘ, ਸੁਰਿੰਦਰ ਸਿੰਘ, ਹਰਮੇਸ਼ ਸਿੰਘ ,ਅਮਨ ਸਿੰਘ , ਜਸਵੰਤ ਸਿੰਘ ਜੱਜ ਆਦਿ ਹਾਜ਼ਰ ਸਨ।