ਮੋਗਾ,12 ਜੁਲਾਈ (ਬਿੱਟੂ ਗਰੋਵਰ ): ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ *ਡਾ. ਹਰਜੋਤ ਕਮਲ* ਨੇ ਮਾਨਸੂਨ ਦੇ ਮੌਸਮ ਦੌਰਾਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਲੱਗੇ ਕੂੜੇ ਦੇ ਢੇਰਾਂ 'ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸਥਿਤੀ ਪੰਜਾਬ ਸਰਕਾਰ ਅਤੇ ਨਗਰ ਨਿਗਮ ਦੀ ਨਾਕਾਮੀ ਦਾ ਸਿੱਧਾ ਨਤੀਜਾ ਹੈ।
ਡਾ. ਹਰਜੋਤ ਕਮਲ ਨੇ ਮੇਅਰ ਦੇ ਉਸ ਬਿਆਨ 'ਤੇ ਵੀ ਸਖ਼ਤ ਇਤਰਾਜ਼ ਜਤਾਇਆ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਇਸ ਸਮੱਸਿਆ ਦਾ ਹੱਲ ਸਿਰਫ਼ ਸਰਕਾਰ ਹੀ ਕਰੇਗੀ। ਉਨ੍ਹਾਂ ਕਿਹਾ ਕਿ ਜੇਕਰ ਸ਼ਹਿਰ ਦਾ ਚੁਣਿਆ ਹੋਇਆ ਪਹਿਲਾ ਨਾਗਰਿਕ ਹੀ ਆਪਣੀ ਜ਼ਿੰਮੇਵਾਰੀ ਤੋਂ ਪਿੱਛੇ ਹਟ ਕੇ ਸਾਰਾ ਦੋਸ਼ ਸਰਕਾਰ 'ਤੇ ਪਾ ਰਿਹਾ ਹੈ, ਤਾਂ ਇਹ ਸ਼ਹਿਰ ਵਾਸੀਆਂ ਲਈ ਬਹੁਤ ਚਿੰਤਾ ਦਾ ਵਿਸ਼ਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸ਼ਹਿਰ ਵਿੱਚ ਅਜਿਹੀ ਸਥਿਤੀ ਪੈਦਾ ਹੁੰਦੀ ਹੈ, ਤਾਂ ਸ਼ਹਿਰ ਵਾਸੀਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਨਗਰ ਨਿਗਮ ਨੂੰ ਤੁਰੰਤ ਬਦਲਵੇਂ ਪ੍ਰਬੰਧ ਕਰਨੇ ਚਾਹੀਦੇ ਹਨ। ਨਿਗਮ ਅਸਥਾਈ ਤੌਰ 'ਤੇ ਸਫ਼ਾਈ ਕਰਮਚਾਰੀਆਂ ਦੀ ਵਿਵਸਥਾ ਕਰ ਸਕਦਾ ਹੈ ਜਾਂ ਹੋਰ ਲੋੜੀਂਦੇ ਕਦਮ ਚੁੱਕ ਕੇ ਸਫ਼ਾਈ ਪ੍ਰਬੰਧ ਨੂੰ ਸੁਚਾਰੂ ਰੱਖ ਸਕਦਾ ਹੈ। ਪਰ ਇਸ ਦੀ ਬਜਾਏ ਜੇਕਰ ਸ਼ਹਿਰ ਦੇ ਚੁਣੇ ਹੋਏ ਨੁਮਾਇੰਦੇ ਇਹ ਕਹਿਣ ਕਿ ਇਸ ਸਮੱਸਿਆ ਦਾ ਹੱਲ ਸਿਰਫ਼ ਸਰਕਾਰ ਹੀ ਕਰੇਗੀ, ਤਾਂ ਇਹ ਆਪਣੀਆਂ ਜ਼ਿੰਮੇਵਾਰੀਆਂ ਤੋਂ ਬਚਣ ਦੀ ਕੋਸ਼ਿਸ਼ ਹੈ।
ਭਾਜਪਾ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਬਰਸਾਤ ਦੇ ਮੌਸਮ ਵਿੱਚ ਆਬਾਦੀ ਵਾਲੇ ਇਲਾਕਿਆਂ ਵਿੱਚ ਪਏ ਕੂੜੇ ਦੇ ਢੇਰ ਗੰਭੀਰ ਬਿਮਾਰੀਆਂ ਨੂੰ ਸੱਦਾ ਦਿੰਦੇ ਹਨ। ਇਨ੍ਹਾਂ ਥਾਵਾਂ ਤੋਂ ਹਰ ਰੋਜ਼ ਬੱਚੇ, ਬਜ਼ੁਰਗ ਅਤੇ ਹੋਰ ਨਾਗਰਿਕ ਲੰਘਦੇ ਹਨ। ਗੰਦਗੀ ਕਾਰਨ ਡੇਂਗੂ, ਮਲੇਰੀਆ, ਚਿਕਨਗੁਨੀਆ ਅਤੇ ਹੋਰ ਛੂਤ ਦੀਆਂ ਬਿਮਾਰੀਆਂ ਫੈਲਣ ਦਾ ਖ਼ਤਰਾ ਕਈ ਗੁਣਾ ਵੱਧ ਜਾਂਦਾ ਹੈ। ਅਜਿਹੇ ਹਾਲਾਤਾਂ ਵਿੱਚ ਸਫ਼ਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਵੱਲ ਵੀ ਸਰਕਾਰ ਨੂੰ ਗੰਭੀਰਤਾ ਨਾਲ ਧਿਆਨ ਦੇਣਾ ਚਾਹੀਦਾ ਹੈ।
ਡਾ. ਹਰਜੋਤ ਕਮਲ ਨੇ ਕਿਹਾ ਕਿ ਜੇਕਰ ਨਗਰ ਨਿਗਮ ਕੋਲ ਇਸ ਸਮੱਸਿਆ ਨਾਲ ਨਜਿੱਠਣ ਲਈ ਕੋਈ ਵਿਕਲਪ ਹੀ ਨਹੀਂ ਹੈ, ਤਾਂ ਮੇਅਰ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਫਿਰ ਆਮ ਲੋਕਾਂ ਵਿਰੁੱਧ ਗੰਦਗੀ ਫੈਲਾਉਣ ਦੇ ਨਾਮ 'ਤੇ ਕਾਰਵਾਈ ਕਰਨ ਦਾ ਨੈਤਿਕ ਅਤੇ ਪ੍ਰਸ਼ਾਸਨਿਕ ਅਧਿਕਾਰ ਨਗਰ ਨਿਗਮ ਕੋਲ ਕਿਸ ਆਧਾਰ 'ਤੇ ਹੈ।
ਡਾ. ਹਰਜੋਤ ਕਮਲ ਨੇ ਸਵਾਲ ਕੀਤਾ ਕਿ ਇਸ ਤੋਂ ਪਹਿਲਾਂ ਵੀ ਸਫ਼ਾਈ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਸੀ। ਉਸ ਵੇਲੇ ਨਗਰ ਨਿਗਮ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਝੂਠੇ ਭਰੋਸੇ ਦੇ ਕੇ ਹੜਤਾਲ ਖ਼ਤਮ ਕਰਵਾਈ ਸੀ। ਸਰਕਾਰ ਨੇ ਭਰੋਸਾ ਦਿੱਤਾ ਸੀ ਕਿ ਚੋਣ ਜ਼ਾਬਤਾ ਖ਼ਤਮ ਹੋਣ ਤੋਂ ਇੱਕ ਮਹੀਨੇ ਦੇ ਅੰਦਰ ਸਾਰੀਆਂ ਮੰਗਾਂ ਪੂਰੀਆਂ ਕਰ ਦਿੱਤੀਆਂ ਜਾਣਗੀਆਂ, ਪਰ ਸਰਕਾਰ ਆਪਣੇ ਉਸ ਵਾਅਦੇ ਤੋਂ ਵੀ ਮੁੱਕਰ ਗਈ। ਇਸ ਨਾਲ ਜਨਤਾ ਵਿੱਚ ਵੀ ਇਹ ਸੰਦੇਸ਼ ਗਿਆ ਹੈ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ 'ਤੇ ਭਰੋਸਾ ਨਹੀਂ ਕੀਤਾ ਜਾ ਸਕਦਾ। ਇਹ ਅਜਿਹੀ ਸਰਕਾਰ ਹੈ ਜੋ ਵਾਅਦੇ ਕਰਦੀ ਹੈ ਅਤੇ ਫਿਰ ਆਪਣੇ ਹੀ ਵਾਅਦਿਆਂ ਤੋਂ ਮੁੱਕਰ ਜਾਂਦੀ ਹੈ।
ਉਨ੍ਹਾਂ ਪੰਜਾਬ ਸਰਕਾਰ ਅਤੇ ਨਗਰ ਨਿਗਮ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸ਼ਹਿਰ ਵਿੱਚ ਜੰਗੀ ਪੱਧਰ 'ਤੇ ਸਫ਼ਾਈ ਮੁਹਿੰਮ ਚਲਾ ਕੇ ਕੂੜੇ ਦੇ ਢੇਰਾਂ ਨੂੰ ਤੁਰੰਤ ਹਟਾਇਆ ਜਾਵੇ, ਤਾਂ ਜੋ ਨਾਗਰਿਕਾਂ ਨੂੰ ਬਿਮਾਰੀਆਂ ਦੇ ਖ਼ਤਰੇ ਤੋਂ ਬਚਾਇਆ ਜਾ ਸਕੇ ਅਤੇ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਮੁੜ ਬਹਾਲ ਕੀਤਾ ਜਾ ਸਕੇ।




