ਮੋਗਾ, 7 ਨਵੰਬਰ (ਜਸ਼ਨ ) ਕਾਂਗਰਸ ਪਾਰਟੀ ਦੀ ਹਲਕਾ ਮੋਗਾ ਇੰਚਾਰਜ ਮਾਲਵਿਕਾ ਸੂਦ ਨੇ ਸਮੂਹ ਦੇਸ਼ ਵਾਸੀਆਂ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਪਵਿੱਤਰ ਤਿਉਹਾਰ ਦੀਆਂ ਦਿਲੋਂ ਵਧਾਈਆਂ ਦਿੰਦਿਆਂ ਕਿਹਾ ਕਿ ਦੀਵਾਲੀ ਸਾਡੇ ਦੇਸ਼ ਦਾ ਇੱਕ ਅਜਿਹਾ ਮਹਾਨ ਤਿਉਹਾਰ ਹੈ, ਜੋ ਸਾਨੂੰ ਹਨੇਰੇ ਤੋਂ ਰੌਸ਼ਨੀ ਵੱਲ, ਬੁਰਾਈ ਤੋਂ ਚੰਗਿਆਈ ਵੱਲ ਅਤੇ ਨਿਰਾਸ਼ਾ ਤੋਂ ਆਸ ਵੱਲ ਵਧਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਭਗਵਾਨ ਸ੍ਰੀ ਰਾਮ ਜੀ ਦੇ 14 ਸਾਲਾਂ ਦੇ ਬਨਵਾਸ ਤੋਂ ਬਾਅਦ ਅਯੁੱਧਿਆ ਵਾਪਸ ਪਰਤਣ ਦੀ ਖੁਸ਼ੀ ਵਿਚ ਮਨਾਇਆ ਜਾਂਦਾ ਹੈ। ਇਸ ਮੌਕੇ ਅਯੁੱਧਿਆ ਵਾਸੀਆਂ ਨੇ ਦੀਵੇ ਜਗਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਸੀ। ਇਸੇ ਤਰ੍ਹਾਂ ਸਿੱਖ ਇਤਿਹਾਸ ਵਿਚ ਵੀ ਬੰਦੀ ਛੋੜ ਦਿਵਸ ਦਾ ਵਿਸ਼ੇਸ਼ ਮਹੱਤਵ ਹੈ। ਇਸ ਦਿਨ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਦੇ ਕਿਲ੍ਹੇ ਤੋਂ 52 ਰਾਜਿਆਂ ਨੂੰ ਰਿਹਾਅ ਕਰਵਾ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚੇ ਸਨ। ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਕਰਕੇ ਸੰਗਤਾਂ ਨੇ ਖੁਸ਼ੀਆਂ ਮਨਾਈਆਂ ਸਨ। ਮਾਲਵਿਕਾ ਸੂਦ ਨੇ ਕਿਹਾ ਕਿ ਦੀਵਾਲੀ ਸਿਰਫ਼ ਦੀਵੇ ਜਗਾਉਣ ਅਤੇ ਮਠਿਆਈਆਂ ਵੰਡਣ ਦਾ ਤਿਉਹਾਰ ਨਹੀਂ, ਸਗੋਂ ਇਹ ਆਪਸੀ ਪਿਆਰ, ਸਦਭਾਵਨਾ, ਭਾਈਚਾਰਕ ਸਾਂਝ ਅਤੇ ਖੁਸ਼ੀਆਂ ਵੰਡਣ ਦਾ ਪ੍ਰਤੀਕ ਵੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵਾਤਾਵਰਨ ਦੀ ਸ਼ੁੱਧਤਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਚੰਗੇ ਭਵਿੱਖ ਨੂੰ ਧਿਆਨ ਵਿਚ ਰੱਖਦਿਆਂ ਪਟਾਕਿਆਂ ਤੋਂ ਗੁਰੇਜ਼ ਕਰਨ ਅਤੇ ਗਰੀਨ ਦੀਵਾਲੀ ਮਨਾਉਣ ਨੂੰ ਤਰਜੀਹ ਦੇਣ। ਉਨ੍ਹਾਂ ਕਿਹਾ ਕਿ ਪਟਾਕਿਆਂ ਨਾਲ ਹੋਣ ਵਾਲਾ ਧੂੰਆਂ ਅਤੇ ਸ਼ੋਰ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਨ ਦੇ ਨਾਲ-ਨਾਲ ਬੱਚਿਆਂ, ਬਜ਼ੁਰਗਾਂ, ਬਿਮਾਰ ਵਿਅਕਤੀਆਂ ਅਤੇ ਪਸ਼ੂ-ਪੰਛੀਆਂ ਲਈ ਵੀ ਪ੍ਰੇਸ਼ਾਨੀ ਦਾ ਕਾਰਨ ਬਣਦਾ ਹੈ। ਇਸ ਲਈ ਸਾਨੂੰ ਮਿੱਟੀ ਦੇ ਦੀਵੇ ਜਗਾ ਕੇ, ਲੋੜਵੰਦ ਪਰਿਵਾਰਾਂ ਨਾਲ ਖੁਸ਼ੀਆਂ ਸਾਂਝੀਆਂ ਕਰਕੇ ਅਤੇ ਆਪਸੀ ਪਿਆਰ ਵਧਾ ਕੇ ਦੀਵਾਲੀ ਮਨਾਉਣੀ ਚਾਹੀਦੀ ਹੈ। ਅੰਤ ਵਿਚ ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਹ ਤਿਉਹਾਰ ਹਰ ਘਰ ਵਿੱਚ ਸੁੱਖ, ਸ਼ਾਂਤੀ, ਖੁਸ਼ਹਾਲੀ ਅਤੇ ਤੰਦਰੁਸਤੀ ਲੈ ਕੇ ਆਵੇ।
ਖ਼ਬਰਾਂ
ਮਾਲਵਿਕਾ ਸੂਦ ਨੇ ਦੀਵਾਲੀ ਮੌਕੇ ਵਾਤਾਵਰਨ ਦੀ ਸੰਭਾਲ ਲਈ ਗਰੀਨ ਦੀਵਾਲੀ ਮਨਾਉਣ ਦਾ ਦਿੱਤਾ ਸੱਦਾ
7 ਨਵੰਬਰ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



