ਮੋਗਾ, 5 ਨਵੰਬਰ (ਜਸ਼ਨ ) ਵਿਧਾਨ ਸਭਾ ਹਲਕਾ ਮੋਗਾ ਦੀ ਕਾਂਗਰਸ ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਅੱਜ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਸੰਗਰੂਰ ਵਿਖੇ ਕੀਤੀ ਗਈ ਵਿਸ਼ਾਲ ਇਨਸਾਫ਼ ਰੈਲੀ ਵਿਚ ਮੋਗਾ ਹਲਕੇ ਤੋਂ ਵੱਡੇ ਕਾਫ਼ਲਿਆਂ ਨਾਲ ਸ਼ਮੂਲੀਅਤ ਕਰਨ ਵਾਲੇ ਸਮੂਹ ਕਾਂਗਰਸੀ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੋਗਾ ਹਲਕੇ ਦੇ ਕਾਂਗਰਸੀ ਵਰਕਰਾਂ ਨੇ ਜਿਸ ਉਤਸ਼ਾਹ, ਜੋਸ਼ ਅਤੇ ਇਕਜੁੱਟਤਾ ਨਾਲ ਰੈਲੀ ਵਿਚ ਸ਼ਮੂਲੀਅਤ ਕੀਤੀ ਹੈ, ਉਹ ਪਾਰਟੀ ਪ੍ਰਤੀ ਉਨ੍ਹਾਂ ਦੀ ਮਜ਼ਬੂਤ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮਾਲਵਿਕਾ ਸੂਦ ਨੇ ਕਿਹਾ ਕਿ ਸੰਗਰੂਰ ਰੈਲੀ ਵਿਚ ਹੋਏ ਵਿਸ਼ਾਲ ਇਕੱਠ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਹੁਣ ਸੂਬੇ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਦੇਖਣਾ ਚਾਹੁੰਦੇ ਹਨ। ਰੈਲੀ ਵਿਚ ਪੰਜਾਬ ਦੇ ਕੋਨੇ-ਕੋਨੇ ਤੋਂ ਪਹੁੰਚੇ ਲੋਕਾਂ ਦਾ ਭਰਵਾਂ ਹੁੰਗਾਰਾ ਇਸ ਗੱਲ ਦਾ ਪ੍ਰਤੀਕ ਹੈ ਕਿ ਕਾਂਗਰਸ ਪਾਰਟੀ ਪ੍ਰਤੀ ਲੋਕਾਂ ਦਾ ਵਿਸ਼ਵਾਸ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ਅਤੇ ਲੋਕਾਂ ਦੇ ਮਿਲ ਰਹੇ ਸਮਰਥਨ ਨਾਲ ਕਾਂਗਰਸੀ ਵਰਕਰਾਂ ਵਿਚ ਨਵਾਂ ਜੋਸ਼ ਪੈਦਾ ਹੋਇਆ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਉਮੀਦ ਨਾਲ ‘ਆਪ’ ਨੂੰ ਸੱਤਾ ਸੌਂਪੀ ਸੀ, ਪਰ ਸਰਕਾਰ ਆਪਣੇ ਕਾਰਜਕਾਲ ਦੌਰਾਨ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰ ਸਕੀ। ਸੂਬੇ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਦਾ ਮਨ ਬਣਾ ਚੁੱਕੇ ਹਨ। ਮਾਲਵਿਕਾ ਸੂਦ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹੀ ਪੰਜਾਬ ਮੁੜ ਤਰੱਕੀ ਅਤੇ ਖੁਸ਼ਹਾਲੀ ਦੀਆਂ ਲੀਹਾਂ ’ਤੇ ਅੱਗੇ ਵਧੇਗਾ ਅਤੇ ਆਪਣੀ ਪੁਰਾਣੀ ਸ਼ਾਨ ਮੁੜ ਹਾਸਲ ਕਰਕੇ ਸੋਨੇ ਦੀ ਚਿੜੀ ਵਜੋਂ ਜਾਣਿਆ ਜਾਵੇਗਾ। ਅੰਤ ਵਿੱਚ ਉਨ੍ਹਾਂ ਰੈਲੀ ਨੂੰ ਸਫ਼ਲ ਬਣਾਉਣ ਲਈ ਮੋਗਾ ਹਲਕੇ ਤੋਂ ਪਹੁੰਚੇ ਸਮੂਹ ਕਾਂਗਰਸੀ ਪਰਿਵਾਰ ਦਾ ਵਿਸ਼ੇਸ਼ ਧੰਨਵਾਦ ਕੀਤਾ।
ਖ਼ਬਰਾਂ
ਸੰਗਰੂਰ ਰੈਲੀ ’ਚ ਮੋਗਾ ਤੋਂ ਵੱਡੇ ਕਾਫ਼ਲਿਆਂ ਨਾਲ ਪਹੁੰਚੇ ਕਾਂਗਰਸੀ ਵਰਕਰਾਂ ਦਾ ਮਾਲਵਿਕਾ ਸੂਦ ਨੇ ਕੀਤਾ ਧੰਨਵਾਦ
* ਕਿਹਾ : ਰੈਲੀ ਦੇ ਵਿਸ਼ਾਲ ਇਕੱਠ ਨੇ ਸਾਬਤ ਕੀਤਾ ਕਿ ਪੰਜਾਬ ਦੇ ਲੋਕ 2027 ’ਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਤਾਵਲੇ
6 ਨਵੰਬਰ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



