ਮੋਗਾ, 3 ਅਕਤੂਬਰ (ਜਸ਼ਨ ) ਕਾਂਗਰਸ ਹਾਈਕਮਾਂਡ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਵਜੋਂ ਵਿਧਾਇਕ ਪ੍ਰਗਟ ਸਿੰਘ ਦੀ ਨਿਯੁਕਤੀ ਦਾ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਸਵਾਗਤ ਕੀਤਾ ਜਾ ਰਿਹਾ ਹੈ। ਇਸੇ ਤਹਿਤ ਵਿਧਾਨ ਸਭਾ ਹਲਕਾ ਮੋਗਾ ਦੀ ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਨ ’ਤੇ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਲਿਆ ਗਿਆ ਇਹ ਫੈਸਲਾ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।
ਮਾਲਵਿਕਾ ਸੂਦ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੀ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਹਾ ਕਿ ਪ੍ਰਗਟ ਸਿੰਘ ਇੱਕ ਤਜਰਬੇਕਾਰ ਆਗੂ ਹਨ ਅਤੇ ਪੰਜਾਬ ਦੀ ਰਾਜਨੀਤੀ ਵਿੱਚ ਉਨ੍ਹਾਂ ਦੀ ਆਪਣੀ ਪਛਾਣ ਹੈ। ਉਨ੍ਹਾਂ ਕਿਹਾ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਬਣੇ ਸਿਆਸੀ ਮਾਹੌਲ ਦੇ ਬਾਵਜੂਦ ਪ੍ਰਗਟ ਸਿੰਘ ਨੇ ਆਪਣੀ ਵਿਧਾਨ ਸਭਾ ਸੀਟ ਬਰਕਰਾਰ ਰੱਖੀ ਸੀ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਸਿਆਸੀ ਸਰਗਰਮੀ ਅਤੇ ਲੋਕਾਂ ਨਾਲ ਜੁੜੇ ਹੋਣ ਦਾ ਪ੍ਰਗਟਾਵਾ ਕਰਦਾ ਹੈ। ਉਨ੍ਹਾਂ ਕਿਹਾ ਕਿ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਮਿਲਣ ਨਾਲ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿੱਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ।
ਉਨ੍ਹਾਂ ਆਸ ਪ੍ਰਗਟਾਈ ਕਿ ਨਵੀਂ ਲੀਡਰਸ਼ਿਪ ਹੇਠ ਪਾਰਟੀ ਦੇ ਸਾਰੇ ਆਗੂ ਅਤੇ ਵਰਕਰ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨਗੇ। ਮਾਲਵਿਕਾ ਸੂਦ ਨੇ ਕਿਹਾ ਕਿ ਪ੍ਰਗਟ ਸਿੰਘ ਪੰਜਾਬ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰਾਂ ਨੂੰ ਇੱਕਜੁੱਟ ਕਰਕੇ ਪਾਰਟੀ ਨੂੰ ਨਵੀਂ ਦਿਸ਼ਾ ਦੇਣ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਲੋਕਾਂ ਦੇ ਮੁੱਦਿਆਂ ਨੂੰ ਉਠਾਉਣ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਵਧਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਪੰਜਾਬ ਭਰ ਵਿੱਚ ਕਾਂਗਰਸੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਵੱਖ-ਵੱਖ ਥਾਵਾਂ ’ਤੇ ਪਾਰਟੀ ਵਰਕਰਾਂ ਵੱਲੋਂ ਲੱਡੂ ਵੰਡ ਕੇ ਨਵੀਂ ਨਿਯੁਕਤੀ ਦਾ ਸਵਾਗਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਗਟ ਸਿੰਘ ਦੀ ਨਵੀਂ ਜ਼ਿੰਮੇਵਾਰੀ ਨਾਲ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਸਰਗਰਮ ਕਰਨ ਲਈ ਵਰਕਰਾਂ ਨੂੰ ਪ੍ਰੇਰਣਾ ਮਿਲੇਗੀ। ਮਾਲਵਿਕਾ ਸੂਦ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਆਗੂ ਅਤੇ ਵਰਕਰ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਵਿੱਚ ਆਪਣੀਆਂ ਗਤੀਵਿਧੀਆਂ ਹੋਰ ਤੇਜ਼ ਕਰਨਗੇ। ਉਨ੍ਹਾਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਨਵੀਂ ਜ਼ਿੰਮੇਵਾਰੀ ਲਈ ਮੁੜ ਵਧਾਈ ਦਿੰਦਿਆਂ ਉਨ੍ਹਾਂ ਦੇ ਸਫਲ ਕਾਰਜਕਾਲ ਦੀ ਕਾਮਨਾ ਕੀਤੀ।