ਮੋਗਾ, 3 ਨਵੰਬਰ (ਜਸ਼ਨ ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਅਤੇ ਹਲਕਾ ਮੋਗਾ ਦੇ ਨੌਜਵਾਨ ਸੇਵਾਦਾਰ ਮਨਜੀਤ ਸਿੰਘ ਮਾਨ ਵੱਲੋਂ 4 ਨਵੰਬਰ ਨੂੰ ਸੰਗਰੂਰ ਵਿਖੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਹੋਣ ਵਾਲੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਸਬੰਧੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਮੀਟਿੰਗਾਂ ਕਰਦਿਆਂ ਤੂਫ਼ਾਨੀ ਦੌਰੇ ਕੀਤੇ ਜਾ ਹੈ ਨੇ । ਇਸੇ ਲੜੀ ਤਹਿਤ ਉਨ੍ਹਾਂ ਵੱਲੋਂ ਪਿੰਡ ਸੱਦਾ ਸਿੰਘ ਵਾਲਾ ਵਿਖੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਨੁਮਾਇੰਦੇ ਨਾਲ ਗੱਲਬਾਤ ਕਰਦਿਆਂ ਮਨਜੀਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਨੂੰ ਲੈ ਕੇ ਕਾਂਗਰਸੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਰੈਲੀ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਪਿੰਡ ਪੱਧਰ ’ਤੇ ਵਰਕਰਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਰੈਲੀ ਵਿੱਚ ਪਹੁੰਚਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕਾ ਮੋਗਾ ਤੋਂ ਉਹ ਪਾਰਟੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਦੇ ਵੱਡੇ ਕਾਫ਼ਲੇ ਨਾਲ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਵਿੱਚ ਸ਼ਮੂਲੀਅਤ ਕਰਨਗੇ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਆਮ ਲੋਕ ਇਸ ਰੈਲੀ ਵਿੱਚ ਪਹੁੰਚਣਗੇ। ਮਨਜੀਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਰਾਹੁਲ ਗਾਂਧੀ ਦੀ ਇਹ ਰੈਲੀ ਸਿਰਫ਼ ਇੱਕ ਸਿਆਸੀ ਇਕੱਠ ਹੀ ਨਹੀਂ, ਸਗੋਂ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਉਭਾਰਨ ਅਤੇ ਪਾਰਟੀ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਉਣ ਦਾ ਇੱਕ ਅਹਿਮ ਮੌਕਾ ਹੋਵੇਗੀ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਸ ਰੈਲੀ ਨਾਲ ਕਾਂਗਰਸ ਪਾਰਟੀ ਦੀਆਂ ਸਿਆਸੀ ਸਰਗਰਮੀਆਂ ਨੂੰ ਨਵੀਂ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਸੂਬੇ ਦੀ ਤਰੱਕੀ, ਖੁਸ਼ਹਾਲੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਨੂੰ ਮੁੱਖ ਮੁੱਦਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦਾ ਦਾਅਵਾ ਸੀ ਕਿ ਸੰਗਰੂਰ ਦੀ ਇਹ ਰੈਲੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀਆਂ ਤਿਆਰੀਆਂ ਨੂੰ ਨਵੀਂ ਦਿਸ਼ਾ ਦੇਵੇਗੀ। ਇਸ ਮੌਕੇ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਵੀ ਹਾਜ਼ਰ ਸਨ।