ਮੋਗਾ, 24 ਸਤੰਬਰ (ਜਸ਼ਨ ): ਮੋਗਾ ਵਿਧਾਨ ਸਭਾ ਹਲਕੇ ਦੇ ਪ੍ਰਭਾਵਸ਼ਾਲੀ ਕਾਂਗਰਸੀ ਆਗੂ ਅਤੇ ਡੈਲੀਗੇਟ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਮਨਜੀਤ ਸਿੰਘ ਮਾਨ ਨੇ ਅੱਜ ਦਿੱਲੀ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਅਤੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮਨਜੀਤ ਸਿੰਘ ਮਾਨ ਨੇ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਬਣਨ ’ਤੇ ਵਧਾਈ ਦਿੱਤੀ। ਮੁਲਾਕਾਤ ਦੌਰਾਨ ਮਨਜੀਤ ਸਿੰਘ ਮਾਨ ਨੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ ਸਬੰਧੀ ਸ੍ਰੀ ਸਚਿਨ ਪਾਇਲਟ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਪੰਜਾਬ ਅੰਦਰ ਕਾਂਗਰਸ ਪਾਰਟੀ ਦੀਆਂ ਗਤੀਵਿਧੀਆਂ ਅਤੇ ਜਥੇਬੰਦਕ ਸਥਿਤੀ ਬਾਰੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਤੋਂ ਇਲਾਵਾ ਮੋਗਾ ਵਿਧਾਨ ਸਭਾ ਹਲਕੇ ਵਿਚ ਉਨ੍ਹਾਂ ਵੱਲੋਂ ਪਾਰਟੀ ਦੀ ਮਜ਼ਬੂਤੀ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵੀ ਪਾਇਲਟ ਨੂੰ ਜਾਣੂ ਕਰਵਾਇਆ। ਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਉਹ ਲਗਾਤਾਰ ਮੋਗਾ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿਚ ਜਾ ਕੇ ਲੋਕਾਂ ਨਾਲ ਸੰਪਰਕ ਕਰ ਰਹੇ ਹਨ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਦੇ ਨਾਲ-ਨਾਲ ਪਾਰਟੀ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਜੋੜਨ ਲਈ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਮੋਗਾ ਹਲਕੇ ਵਿਚ ਪਿੰਡ-ਪਿੰਡ ਜਾ ਕੇ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਮੁਲਾਕਾਤ ਦੌਰਾਨ ਮਨਜੀਤ ਸਿੰਘ ਮਾਨ ਨੇ ਮੋਗਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੀ ਵਿਧਾਇਕ ਦੀ ਟਿਕਟ ਲਈ ਆਪਣੀ ਦਾਅਵੇਦਾਰੀ ਸਬੰਧੀ ਵੀ ਸ੍ਰੀ ਸਚਿਨ ਪਾਇਲਟ ਨਾਲ ਗੱਲਬਾਤ ਕੀਤੀ। ਇਸ ’ਤੇ ਸ੍ਰੀ ਪਾਇਲਟ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਵੱਲੋਂ ਟਿਕਟਾਂ ਦੀ ਵੰਡ ਸਰਵੇ ਦੇ ਆਧਾਰ ’ਤੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਮੀਦਵਾਰਾਂ ਦੀ ਚੋਣ ਸਬੰਧੀ ਪ੍ਰਕਿਰਿਆ ਵਿਚ ਜ਼ਮੀਨੀ ਪੱਧਰ ’ਤੇ ਪਾਰਟੀ ਦੀਆਂ ਗਤੀਵਿਧੀਆਂ ਅਤੇ ਹੋਰ ਸਬੰਧਤ ਪਹਿਲੂਆਂ ਨੂੰ ਧਿਆਨ ਵਿਚ ਰੱਖਿਆ ਜਾਵੇਗਾ। ਮਨਜੀਤ ਸਿੰਘ ਮਾਨ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਹਰ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦੇ ਰਹਿਣਗੇ ਅਤੇ ਮੋਗਾ ਹਲਕੇ ਵਿਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਆਪਣੀਆਂ ਗਤੀਵਿਧੀਆਂ ਲਗਾਤਾਰ ਜਾਰੀ ਰੱਖਣਗੇ।
ਖ਼ਬਰਾਂ
ਮਨਜੀਤ ਸਿੰਘ ਮਾਨ ਨੇ ਦਿੱਲੀ ਵਿਖੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ,ਕਾਂਗਰਸ ਦੀ ਟਿਕਟ ਸਰਵੇ ਦੇ ਆਧਾਰ ’ਤੇ ਦੇਣ ਦਾ ਪਾਇਲਟ ਨੇ ਦਿੱਤਾ ਭਰੋਸਾ
24 ਸਤੰਬਰ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



