ਮੋਗਾ,27 ਅਪ੍ਰੈਲ (ਜਸ਼ਨ)
ਅਕਾਲੀ ਦਲ (ਪੁਨਰ ਸੁਰਜੀਤੀ) ਦੇ ਮੋਹਰੀ ਆਗੂ, ਜਿਨ੍ਹਾਂ ਨੂੰ ‘ਵਾਰਸ ਪੰਜਾਬ ਦੇ’ ਅਤੇ ਅਕਾਲੀ ਦਲ (ਪੁਨਰ ਸੁਰਜੀਤੀ) ਵਿਚਕਾਰ ਸੁਚੱਜੇ ਤਾਲਮੇਲ ਲਈ ਕਨਵੀਨਰ ਨਿਯੁਕਤ ਕੀਤਾ ਗਿਆ ਹੈ, ਅੱਜ ਬਾਘਾ ਪੁਰਾਣਾ ਪਹੁੰਚੇ। ਮਸਤਾਨ ਸਿੰਘ ਵਾਲਾ ਗੁਰਦੁਆਰਾ ਸਾਹਿਬ ਵਿਖੇ ਉਨ੍ਹਾਂ ਦਾ ਭਰਪੂਰ ਸਵਾਗਤ ਕੀਤਾ ਗਿਆ। ਇਸ ਮੌਕੇ ਜਗਤਾਰ ਸਿੰਘ ਰਾਜੇਆਣਾ, ਗੁਰਜੰਟ ਸਿੰਘ ਭੁੱਟੋ, ਬਲਤੇਜ ਸਿੰਘ ਲੰਗਿਆਣਾ ਅਤੇ ਸਰਬਜੀਤ ਸਿੰਘ ਵੈਰੋਕੇ ਸਮੇਤ ਹੋਰ ਅਨੇਕਾਂ ਆਗੂਆਂ ਵੱਲੋਂ ਸਿਰੋਪਾਓ ਭੇਂਟ ਕਰਕੇ ਸਨਮਾਨ ਕੀਤਾ ਗਿਆ।
ਇਸ ਦੌਰਾਨ ਮਨਪ੍ਰੀਤ ਇਆਲੀ ਨੇ ਕਿਹਾ ਕਿ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਨੂੰ ਪ੍ਰਣਾਏ ਲੋਕਾਂ ਨੂੰ ਇੱਕ ਸਾਂਝੇ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਮੰਚ ’ਤੇ ਇਕੱਠਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਥ ਵਿਰੋਧੀ ਤਾਕਤਾਂ, ਜੋ ਕੌਮ ਨੂੰ ਗੁੰਮਰਾਹ ਕਰ ਰਹੀਆਂ ਹਨ, ਨੂੰ ਪੰਜਾਬ ਦੇ ਹਰ ਮੰਚ ਤੋਂ ਦੂਰ ਕਰਨਾ ਜ਼ਰੂਰੀ ਹੈ।
ਮਨਪ੍ਰੀਤ ਇਆਲੀ ਨੇ ਮੌਜੂਦਾ ਅਤੇ ਪਿਛਲੀਆਂ ਸਰਕਾਰਾਂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਨ੍ਹਾਂ ਨੇ ਪੰਜਾਬ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕਰਕੇ ਸਿਰਫ਼ ਆਪਣੇ ਮੁਫ਼ਾਦ ਪੂਰੇ ਕੀਤੇ ਹਨ। ਉਨ੍ਹਾਂ ਕਿਹਾ ਕਿ ਲੋੜ ਸੀ ਕਿ ਪੰਜਾਬ ਦੀਆਂ ਭਖਦੀਆਂ ਮੰਗਾਂ ਨੂੰ ਤਰਜੀਹ ਦਿੱਤੀ ਜਾਂਦੀ, ਪਰ ਅਜਿਹਾ ਨਹੀਂ ਹੋਇਆ। ਆਮ ਆਦਮੀ ਪਾਰਟੀ ਦੇ ਰਾਜ ਸਭਾ ਦੇ ਮੈਂਬਰਾਂ ਦਾ ਪਾਸਾ ਪਲਟ ਜਾਣ 'ਤੇ ਉਹਨਾਂ ਕਿਹਾ ਕਿ ਇਸ ਨੂੰ ਮੈਂਬਰਾਂ ਵੱਲੋਂ ਪੰਜਾਬ ਨੂੰ ਦਿੱਤਾ ਧੋਖਾ ਨਹੀਂ ਕਿਹਾ ਜਾ ਸਕਦਾ ਹੈ ਕਿਉਂਕਿ ਆਮ ਆਦਮੀ ਪਾਰਟੀ ਨੇ ਇਹਨਾਂ ਮੈਂਬਰਾਂ ਨੂੰ ਟਿਕਟਾਂ ਦੇ ਕੇ ਪਹਿਲਾਂ ਹੀ ਪੰਜਾਬ ਨਾਲ ਧ੍ਰੋਹ ਕਮਾਇਆ ਸੀ। ਇਹ ਪੰਜਾਬ ਦੇ ਹਿੱਤ ਵਿੱਚ ਨਹੀਂ । ਇਆਲੀ ਨੇ ਕਿਹਾ ਕਿ ਦਿੱਲੀ ਤੋਂ ਚੱਲਣ ਵਾਲੀ ਆਮ ਆਦਮੀ ਪਾਰਟੀ ਪਹਿਲਾਂ ਹੀ ਪੰਜਾਬ ਨੂੰ ਠੱਗ ਚੁੱਕੀ ਚੁੱਕੀ ਹੈ।
ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਹੋਣ ਦੇ ਬਾਵਜੂਦ 4 ਲੱਖ ਲੋਕਾਂ ਵੱਲੋਂ ਉਨ੍ਹਾਂ ਨੂੰ ਵੋਟਾਂ ਪਾਉਣਾ ਇਸ ਗੱਲ ਦਾ ਸਪਸ਼ਟ ਸੰਕੇਤ ਹੈ ਕਿ ਕੌਮ ਦਾ ਵੱਡਾ ਹਿੱਸਾ ਉਨ੍ਹਾਂ ਨੂੰ ਆਪਣਾ ਆਗੂ ਮੰਨ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕੌਮ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਫ਼ੈਸਲੇ ਲੈਣੇ ਸਮੇਂ ਦੀ ਲੋੜ ਹਨ।ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਆਉਣ ਵਾਲੀ ਸਰਕਾਰ ‘ਵਾਰਸ ਪੰਜਾਬ ਦੇ’ ਅਤੇ ਅਕਾਲੀ ਦਲ (ਪੁਨਰ ਸੁਰਜੀਤੀ) ਦੇ ਗੱਠਜੋੜ ਨਾਲ ਬਣਦੀ ਹੈ ਤਾਂ ਪੰਜਾਬ ਦੇ ਲੰਮੇ ਸਮੇਂ ਤੋਂ ਲਟਕਦੇ ਮਸਲੇ ਤੁਰੰਤ ਹੱਲ ਕੀਤੇ ਜਾਣਗੇ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਅਜਿਹੇ ਉਰਜੀ ਨੌਜਵਾਨਾਂ ਨੂੰ ਅੱਗੇ ਲਿਆਂਦਾ ਜਾਵੇਗਾ ਜੋ ਪੰਥ, ਕੌਮ ਅਤੇ ਸਮਾਜ ਲਈ ਨਿਰੰਤਰ ਸੰਘਰਸ਼ ਕਰ ਰਹੇ ਹਨ।
ਮਨਪ੍ਰੀਤ ਇਆਲੀ ਨੇ ਕਿਹਾ ਕਿ ਸਿੱਖ ਕੌਮ ਨੂੰ ਮਜ਼ਬੂਤ ਬਣਾਉਣ ਲਈ ਸਾਰੀਆਂ ਧਾਰਮਿਕ ਅਤੇ ਸਮਾਜਿਕ ਤਾਕਤਾਂ ਨੂੰ ਇੱਕ ਮੰਚ ’ਤੇ ਲਿਆਂਦਾ ਜਾਣਾ ਬਹੁਤ ਜ਼ਰੂਰੀ ਹੈ, ਤਾਂ ਜੋ ਵਿਰੋਧੀ ਤਾਕਤਾਂ ਦਾ ਮੁਕਾਬਲਾ ਕੀਤਾ ਜਾ ਸਕੇ।
ਸੰਭਾਵੀ ਗੱਠਜੋੜ ਵੱਲੋਂ ਸੰਕੇਤ ਦਿੱਤਾ ਗਿਆ ਹੈ ਕਿ ਆਉਣ ਵਾਲੀਆਂ ਚੋਣਾਂ ਵਿੱਚ ਅਜਿਹੇ ਨੌਜਵਾਨਾਂ ਨੂੰ ਮੌਕਾ ਦਿੱਤਾ ਜਾਵੇਗਾ ਜੋ ਪੰਥ ਅਤੇ ਸਮਾਜ ਦੀ ਸੇਵਾ ਵਿੱਚ ਅੱਗੇ ਰਹੇ ਹਨ, ਜਿਸ ਨਾਲ ਨਵੀਂ ਸੋਚ ਅਤੇ ਉਰਜਾ ਨੂੰ ਵਾਧਾ ਮਿਲੇਗਾ।