ਮੋਗਾ,17 ਨਵੰਬਰ (ਜਸ਼ਨ ) ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਮੋਗਾ ਵੱਲੋਂ ਅੱਜ ਜ਼ਿਲ੍ਹਾ ਭਾਜਪਾ ਦਫ਼ਤਰ ਵਿਖੇ ਮਹਾਨ ਕ੍ਰਾਂਤੀਕਾਰੀ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਕਰਤਾਰ ਸਿੰਘ ਸਰਾਭਾ ਜੀ ਦਾ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਭਾਜਪਾ ਪ੍ਰਧਾਨ ਡਾ. ਹਰਜੋਤ ਕਮਲ ਨੇ ਸ਼ਹੀਦ ਸਰਾਭਾ ਦੀ ਤਸਵੀਰ ’ਤੇ ਫੁੱਲ ਮਾਲਾਵਾਂ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਇਸ ਮੌਕੇ ਡਾ. ਹਰਜੋਤ ਕਮਲ ਨੇ ਕਿਹਾ ਕਿ ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ ਭਾਰਤ ਦੀ ਆਜ਼ਾਦੀ ਦੇ ਸੰਘਰਸ਼ ਦੇ ਅਜਿਹੇ ਮਹਾਨ ਨਾਇਕ ਸਨ, ਜਿਨ੍ਹਾਂ ਨੇ ਬਹੁਤ ਛੋਟੀ ਉਮਰ ਵਿੱਚ ਦੇਸ਼ ਨੂੰ ਵਿਦੇਸ਼ੀ ਹਕੂਮਤ ਦੀ ਗੁਲਾਮੀ ਤੋਂ ਮੁਕਤ ਕਰਵਾਉਣ ਲਈ ਆਪਣਾ ਸਭ ਕੁਝ ਕੁਰਬਾਨ ਕਰ ਦਿੱਤਾ। ਉਨ੍ਹਾਂ ਦੀ ਦੇਸ਼ ਭਗਤੀ, ਨਿਡਰਤਾ, ਦ੍ਰਿੜ੍ਹ ਇਰਾਦੇ ਅਤੇ ਮਾਤ ਭੂਮੀ ਲਈ ਆਪਾ ਵਾਰਨ ਦੀ ਭਾਵਨਾ ਹਮੇਸ਼ਾ ਸਾਡੇ ਲਈ ਪ੍ਰੇਰਨਾ ਦਾ ਸਰੋਤ ਰਹੇਗੀ।
ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਉਨ੍ਹਾਂ ਦੇ ਦਿਖਾਏ ਮਾਰਗ ’ਤੇ ਚੱਲਦਿਆਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਆਪਣਾ ਯੋਗਦਾਨ ਪਾਈਏ ਅਤੇ ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਦੇ ਜੀਵਨ ਤੇ ਵਿਚਾਰਧਾਰਾ ਤੋਂ ਜਾਣੂ ਕਰਵਾਈਏ।
ਇਸ ਮੌਕੇ ਜ਼ਿਲ੍ਹਾ ਜਰਨਲ ਸਕੱਤਰ ਰਾਜਪਾਲ ਠਾਕੁਰ, ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਲਖਵੰਤ ਸਿੰਘ ਸਾਫੂਵਾਲਾ, ਐੱਸ.ਸੀ. ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸਤਿੰਦਰਪ੍ਰੀਤ ਸਿੰਘ, ਯੁਵਾ ਮੋਰਚਾ ਦੇ ਸਾਬਕਾ ਪ੍ਰਧਾਨ ਰਾਜਨ ਸੂਦ, ਸਰਕਲ ਪ੍ਰਧਾਨ ਸੰਜੀਵ ਸੋਨੂੰ ਸ਼ਰਮਾ, ਧੀਰਜ ਸ਼ਰਮਾ ਅਤੇ ਸਤਨਾਮ ਮਹੇਸ਼ਰੀ, ਜ਼ਿਲ੍ਹਾ ਕਾਰਜਕਾਰਨੀ ਮੈਂਬਰ ਕਸ਼ਿਸ਼ ਧਮੀਜਾ, ਯੁਵਾ ਮੋਰਚਾ ਦੇ ਜ਼ਿਲ੍ਹਾ ਜਰਨਲ ਸਕੱਤਰ ਰੁਦਰ ਸ਼ਰਮਾ ਅਤੇ ਵਰੁਣ ਜੈਦਕਾ, ਅਮਰਜੀਤ ਥੰਮਣਵਾਲਾ, ਚਰਨਜੀਤ ਸਿੰਘ, ਇਸ਼ਾਰਾ ਸਿੰਘ, ਬਿੰਦਰ ਸਮੇਤ ਹੋਰ ਭਾਜਪਾ ਸਾਥੀ ਹਾਜ਼ਰ ਸਨ।




