ਮੋਗਾ, 14 ਸਤੰਬਰ (ਜਸ਼ਨ ) ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਅਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਮਜ਼ਬੂਤ ਦਾਅਵੇਦਾਰ ਪਰਮਪਾਲ ਸਿੰਘ ਤਖਤੂਪੁਰਾ ਵੱਲੋਂ ਵਿਧਾਨ ਸਭਾ ਹਲਕਾ ਮੋਗਾ ਦੇ ਵਾਰਡ ਨੰਬਰ 42 ਅਧੀਨ ਪੈਂਦੇ ਵੇਦਾਂਤ ਨਗਰ ਵਿਖੇ ਰਾਜੇਸ਼ ਕੁਮਾਰ ਸਿੰਗਲਾ ਦੀ ਅਗਵਾਈ ਹੇਠ ਕਰਵਾਈ ਗਈ ਭਰਵੀਂ ਮੀਟਿੰਗ ਨੂੰ ਸੰਬੋਧਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕਾ ਵਾਸੀਆਂ ਅਤੇ ਕਾਂਗਰਸੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪਰਮਪਾਲ ਸਿੰਘ ਤਖਤੂਪੁਰਾ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸੱਤਾਧਾਰੀ ਸਰਕਾਰ ਦੇ ਸਾਢੇ ਚਾਰ ਸਾਲ ਦੇ ਕਾਰਜਕਾਲ ਤੋਂ ਅੱਕ ਚੁੱਕੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੋਗਾ ਵਿਧਾਨ ਸਭਾ ਹਲਕੇ ਵਿਚ ਵੀ ਕਾਂਗਰਸ ਪਾਰਟੀ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ ਅਤੇ ਆਉਣ ਵਾਲੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਦਰਜ ਕਰੇਗੀ। ਤਖਤੂਪੁਰਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਹਲਕੇ ਦੇ ਵੱਖ-ਵੱਖ ਵਾਰਡਾਂ ਅਤੇ ਇਲਾਕਿਆਂ ਵਿਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਲੋਕਾਂ ਦੇ ਕਾਂਗਰਸ ਪਾਰਟੀ ਪ੍ਰਤੀ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਨਾਲ ਸਿੱਧਾ ਸੰਵਾਦ ਕਰਕੇ ਜ਼ਮੀਨੀ ਪੱਧਰ ਦੀਆਂ ਸਮੱਸਿਆਵਾਂ ਨੂੰ ਸਮਝਣਾ ਉਨ੍ਹਾਂ ਦੀ ਪਹਿਲ ਹੈ। ਇਸ ਮੌਕੇ ਉਨ੍ਹਾਂ ਇਲਾਕਾ ਵਾਸੀਆਂ ਅਤੇ ਸਾਥੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ, ਮੌਜੂਦਾ ਸਿਆਸੀ ਹਾਲਾਤ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਵਰਕਰਾਂ ਨੂੰ ਇਕਜੁੱਟ ਹੋ ਕੇ ਲੋਕਾਂ ਨਾਲ ਸੰਪਰਕ ਵਧਾਉਣਾ ਚਾਹੀਦਾ ਹੈ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਾ ਚਾਹੀਦਾ ਹੈ। ਉਨ੍ਹਾਂ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ 2027 ਦੀਆਂ ਚੋਣਾਂ ਲਈ ਕਾਂਗਰਸ ਪਾਰਟੀ ਵੱਲੋਂ ਜ਼ਮੀਨੀ ਪੱਧਰ ’ਤੇ ਮਜ਼ਬੂਤੀ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਮੋਗਾ ਹਲਕੇ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਨਾਲ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਜਾਰੀ ਰਹੇਗਾ।