ਮੋਗਾ, 11 ਨਵੰਬਰ (ਜਸ਼ਨ ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਕੈਂਸਰ ਦੀਆਂ ਦਵਾਈਆਂ ਦੀਆਂ ਕੀਮਤਾਂ ਵਿੱਚ 80 ਫੀਸਦੀ ਤੱਕ ਕਟੌਤੀ ਕਰਨ ਦਾ ਲਿਆ ਗਿਆ ਫੈਸਲਾ ਕੈਂਸਰ ਦੇ ਮਰੀਜ਼ਾਂ ਦੇ ਹਿੱਤ ਵਿੱਚ ਇੱਕ ਇਤਿਹਾਸਕ ਕਦਮ ਹੈ। ਇਸ ਫੈਸਲੇ ਨਾਲ ਕੈਂਸਰ ਦੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੱਡੀ ਆਰਥਿਕ ਰਾਹਤ ਮਿਲੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਮੈਡੀਕਲ ਸੈੱਲ ਪੰਜਾਬ ਦੇ ਪ੍ਰਧਾਨ ਡਾ. ਸੀਮਾਂਤ ਗਰਗ ਨੇ ਕੀਤਾ। ਡਾ. ਗਰਗ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਮੋਦੀ ਸਰਕਾਰ ਪਹਿਲੀ ਅਜਿਹੀ ਸਰਕਾਰ ਹੈ, ਜਿਸ ਨੇ ਕੈਂਸਰ ਵਰਗੀ ਗੰਭੀਰ ਬਿਮਾਰੀ ਦੇ ਇਲਾਜ ਨੂੰ ਆਮ ਲੋਕਾਂ ਦੀ ਪਹੁੰਚ ਵਿੱਚ ਲਿਆਉਣ ਲਈ ਵੱਡਾ ਕਦਮ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਕੈਂਸਰ ਰੋਕੂ 137 ਦਵਾਈਆਂ ਨਾਲ ਸਬੰਧਤ 1364 ਦਵਾਈਆਂ ਦੇ ਫਾਰਮੂਲੇਸ਼ਨਾਂ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਗਈ ਹੈ। ਇਸ ਨਾਲ ਉਨ੍ਹਾਂ ਪਰਿਵਾਰਾਂ ਨੂੰ ਵਿਸ਼ੇਸ਼ ਰਾਹਤ ਮਿਲੇਗੀ, ਜਿਹੜੇ ਮਹਿੰਗੀਆਂ ਦਵਾਈਆਂ ਕਾਰਨ ਆਪਣੇ ਪਰਿਵਾਰਕ ਮੈਂਬਰਾਂ ਦਾ ਇਲਾਜ ਕਰਵਾਉਣ ਵਿੱਚ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਸਾਲ 2014 ਤੋਂ ਹੀ ਦੇਸ਼ ਦੇ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਆਯੁਸ਼ਮਾਨ ਭਾਰਤ ਯੋਜਨਾ ਸ਼ੁਰੂ ਕੀਤੀ ਗਈ ਸੀ। ਇਸ ਯੋਜਨਾ ਤਹਿਤ ਯੋਗ ਪਰਿਵਾਰਾਂ ਨੂੰ ਪੰਜ ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਸਰਕਾਰੀ ਅਤੇ ਯੋਜਨਾ ਅਧੀਨ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਆਯੁਸ਼ਮਾਨ ਕਾਰਡ ਰਾਹੀਂ ਇਸ ਸਹੂਲਤ ਦਾ ਲਾਭ ਲਿਆ ਜਾ ਸਕਦਾ ਹੈ। ਡਾ. ਗਰਗ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦੇਸ਼ ਭਰ ਵਿੱਚ ਲੋਕਾਂ ਦੀ ਭਲਾਈ ਲਈ ਕਈ ਸਿਹਤ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ, ਪਰ ਪੰਜਾਬ ਦੇ ਲੋਕ ਇਨ੍ਹਾਂ ਯੋਜਨਾਵਾਂ ਦਾ ਪੂਰਾ ਲਾਭ ਨਹੀਂ ਲੈ ਪਾ ਰਹੇ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵੱਲੋਂ ਆਪਣਾ ਬਣਦਾ ਹਿੱਸਾ ਨਾ ਪਾਉਣ ਕਾਰਨ ਲੋਕ ਕੇਂਦਰ ਸਰਕਾਰ ਦੀਆਂ ਕਈ ਸਿਹਤ ਸਹੂਲਤਾਂ ਤੋਂ ਵਾਂਝੇ ਰਹਿ ਰਹੇ ਹਨ। ਉਨ੍ਹਾਂ ਕਿਹਾ ਕਿ ਸਾਲ 2027 ਵਿੱਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ 'ਤੇ ਕੇਂਦਰ ਸਰਕਾਰ ਦੀਆਂ ਸਿਹਤ ਅਤੇ ਹੋਰ ਲੋਕ ਭਲਾਈ ਯੋਜਨਾਵਾਂ ਦਾ ਲਾਭ ਗਰੀਬਾਂ, ਲੋੜਵੰਦਾਂ ਅਤੇ ਔਰਤਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਡਬਲ ਇੰਜਣ ਸਰਕਾਰ ਬਣਨ ਨਾਲ ਸੂਬੇ ਵਿੱਚ ਵੱਡੇ ਉਦਯੋਗ ਸਥਾਪਿਤ ਹੋਣਗੇ, ਜਿਸ ਨਾਲ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਮਿਲਣਗੇ। ਪੰਜਾਬ ਦੇ ਨੌਜਵਾਨ ਆਪਣੇ ਹੀ ਸੂਬੇ ਵਿੱਚ ਕੰਮ-ਧੰਦਾ ਕਰਕੇ ਪੰਜਾਬ ਦੀ ਆਰਥਿਕ ਮਜ਼ਬੂਤੀ ਵਿੱਚ ਆਪਣਾ ਯੋਗਦਾਨ ਪਾ ਸਕਣਗੇ।
ਫੋਟੋ ਕੈਪਸ਼ਨ : ਡਾ. ਸੀਮਾਂਤ ਗਰਗ।