ਤਰਨ ਤਾਰਨ, 3 ਅਗਸਤ (ਅਮਿਤ ਮਰਵਾਹਾ)

ਵਿਸ਼ਵ ਮਾਂ ਦੇ ਦੁੱਧ ਦੀ ਮਹੱਤਤਾ ਹਫ਼ਤੇ (1 ਤੋਂ 7 ਅਗਸਤ) ਦੇ ਮੌਕੇ ਸਿਵਲ ਸਰਜਨ ਡਾ. ਸੰਦੀਪ ਧਵਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਵਿੱਚ ਗਰਭਵਤੀ ਮਹਿਲਾਵਾਂ, ਨਵਜੰਮੇ ਬੱਚਿਆਂ ਦੀਆਂ ਮਾਵਾਂ, ਆਸ਼ਾ ਵਰਕਰਾਂ ਅਤੇ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ।

ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਟੀਕਾਕਰਣ ਅਫ਼ਸਰ ਡਾ. ਵਰਿੰਦਰਪਾਲ ਕੌਰ ਨੇ ਕਿਹਾ ਕਿ ਮਾਂ ਦਾ ਦੁੱਧ ਨਵਜੰਮੇ ਬੱਚੇ ਲਈ ਪਹਿਲਾ, ਸੰਪੂਰਨ ਅਤੇ ਸਭ ਤੋਂ ਸੁਰੱਖਿਅਤ ਆਹਾਰ ਹੈ। ਉਨ੍ਹਾਂ ਕਿਹਾ ਕਿ ਬੱਚੇ ਨੂੰ ਜਨਮ ਤੋਂ ਇੱਕ ਘੰਟੇ ਦੇ ਅੰਦਰ ਮਾਂ ਦਾ ਦੁੱਧ ਪਿਲਾਉਣਾ ਸ਼ੁਰੂ ਕਰਨਾ ਚਾਹੀਦਾ ਹੈ ਅਤੇ ਪਹਿਲੇ ਛੇ ਮਹੀਨਿਆਂ ਤੱਕ ਕੇਵਲ ਮਾਂ ਦਾ ਦੁੱਧ ਹੀ ਦਿੱਤਾ ਜਾਣਾ ਚਾਹੀਦਾ ਹੈ। ਇਸ ਨਾਲ ਬੱਚੇ ਦੀ ਰੋਗ-ਪ੍ਰਤੀਰੋਧਕ ਸਮਰੱਥਾ ਮਜ਼ਬੂਤ ਹੁੰਦੀ ਹੈ, ਪੂਰਾ ਪੋਸ਼ਣ ਮਿਲਦਾ ਹੈ ਅਤੇ ਕਈ ਗੰਭੀਰ ਬਿਮਾਰੀਆਂ ਤੋਂ ਕੁਦਰਤੀ ਸੁਰੱਖਿਆ ਪ੍ਰਾਪਤ ਹੁੰਦੀ ਹੈ।

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ, ਸਿਹਤ ਕੇਂਦਰਾਂ ਅਤੇ ਆਂਗਣਵਾੜੀ ਕੇਂਦਰਾਂ ਰਾਹੀਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ ਅਤੇ ਇਸ ਦੇ ਸਿਹਤ ਲਾਭਾਂ ਬਾਰੇ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।

ਡਾ. ਵਰਿੰਦਰਪਾਲ ਕੌਰ ਨੇ ਕਿਹਾ ਕਿ ਮਾਂ ਦਾ ਦੁੱਧ ਬੱਚੇ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਬੇਹੱਦ ਲਾਭਦਾਇਕ ਹੈ। ਇਸ ਨਾਲ ਮਾਂ ਅਤੇ ਬੱਚੇ ਵਿਚਕਾਰ ਭਾਵਨਾਤਮਕ ਰਿਸ਼ਤਾ ਹੋਰ ਮਜ਼ਬੂਤ ਹੁੰਦਾ ਹੈ ਅਤੇ ਮਾਂ ਨੂੰ ਵੀ ਕਈ ਗੰਭੀਰ ਬਿਮਾਰੀਆਂ ਦੇ ਖ਼ਤਰੇ ਤੋਂ ਬਚਾਅ ਮਿਲਦਾ ਹੈ।

ਉਨ੍ਹਾਂ ਦੱਸਿਆ ਕਿ ਵਿਸ਼ਵ ਮਾਂ ਦੇ ਦੁੱਧ ਦੀ ਮਹੱਤਤਾ ਹਫ਼ਤੇ ਦੌਰਾਨ ਜ਼ਿਲ੍ਹੇ ਭਰ ਵਿੱਚ ਜਾਗਰੂਕਤਾ ਕੈਂਪ, ਸਲਾਹ-ਮਸ਼ਵਰਾ ਸੈਸ਼ਨ, ਪੋਸਟਰ ਪ੍ਰਦਰਸ਼ਨ ਅਤੇ ਹੋਰ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਹਰ ਮਾਂ ਤੱਕ ਇਸ ਮੁਹਿੰਮ ਦਾ ਸੰਦੇਸ਼ ਪਹੁੰਚਾਇਆ ਜਾ ਸਕੇ।

ਇਸ ਮੌਕੇ ਡਾ. ਲਾਜਵੀਰ ਸਿੰਘ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਨਵਜੰਮੇ ਬੱਚਿਆਂ ਦੀ ਸਿਹਤਮੰਦ ਪਰਵਰਿਸ਼ ਲਈ ਮਾਂ ਦੇ ਦੁੱਧ ਨੂੰ ਪਹਿਲ ਦਿੱਤੀ ਜਾਵੇ ਅਤੇ ਕਿਸੇ ਵੀ ਸਲਾਹ ਜਾਂ ਜਾਣਕਾਰੀ ਲਈ ਆਪਣੇ ਨੇੜਲੇ ਸਰਕਾਰੀ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ।

ਪ੍ਰੋਗਰਾਮ ਦੌਰਾਨ ਡਾ. ਨੀਰਜ ਲਤਾ, ਡਾ. ਵਿਪੁਲ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਵੰਤ ਸਿੰਘ ਸਿੱਧੂ, ਐਲ.ਐੱਚ.ਵੀ. ਜਸਬੀਰ ਕੌਰ, ਪ੍ਰਦੀਪ ਕੌਰ ਅਤੇ ਹੋਰ ਸਿਹਤ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।

ਤਰਨਤਾਰਨ ਦੇ ਸਿਵਲ ਹਸਪਤਾਲ ਵਿਖੇ ਵਿਸ਼ਵ ਮਾਂ ਦੇ ਦੁੱਧ ਦੀ ਮਹੱਤਤਾ ਹਫ਼ਤੇ ਦੌਰਾਨ ਕਰਵਾਏ ਗਏ ਜਾਗਰੂਕਤਾ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਜਿਲ੍ਹਾ ਟੀਕਾ ਕਰਨਾ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਨਾਲ ਡਾਕਟਰ ਨੀਰਜ ਲਤਾ ਡਾਕਟਰ ਵਿਪਲ,ਜ਼ਿਲ੍ਹਾ ਮਾਸ ਮੀਡੀਆ ਅਫਸਰ ਸੁਖਵੰਤ ਸਿੰਘ ਸਿੱਧੂ ਆਦਿ। ਅਤੇ ਪ੍ਰੋਗਰਾਮ ਵਿੱਚ ਹਾਜ਼ਰੀਨ ਦਾ ਇਕੱਠ।