*** ਪੰਜਾਬ ਦੀ 'ਆਪ' ਸਰਕਾਰ ਹਰ ਫਰੰਟ 'ਤੇ ਫੇਲ੍ਹ, ਲੋਕ ਬਦਲਾਅ ਲਈ ਤਿਆਰ- ਤਰੁਣ ਚੁੱਘ
ਧਾਰੀਵਾਲ,21 ਮਈ (ਜਸ਼ਨ )
ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਧਾਰੀਵਾਲ ਦੇ ਵਾਰਡ ਨੰਬਰ 3 ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਕੌਂਸਲਰ ਉਮੀਦਵਾਰ ਸਪਨਾ ਗੁਪਤਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਭਾਜਪਾ ਦੇ ਰਾਸ਼ਟਰੀ ਮਹਾਮੰਤਰੀ ਤਰੁਣ ਚੁੱਘ ਵਿਸ਼ੇਸ਼ ਤੌਰ 'ਤੇ ਪਹੁੰਚੇ। "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਤਰੁਣ ਚੁੱਘ ਨੇ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ (ਆਪ) ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ ਉਨ੍ਹਾਂ ਨੇ ਕਿਹਾ ਕਿ ਆਪ ਸਰਕਾਰ ਦੀਆਂ ਕ੍ਰਾਂਤੀਆਂ ਫੇਲ੍ਹ, ਕਾਨੂੰਨ ਦੇਖਣ ਨੂੰ ਮਿਲ ਰਿਹਾ ਅਤੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਭਾਰਤੀ ਜਨਤਾ ਪਾਰਟੀ ਦੇ ਹੱਕ ਵਿੱਚ ਨਿਤਰ ਰਹੇ ਹਨ। ਉਨ੍ਹਾਂ ਕਿਹਾ ਪੰਜਾਬ ਦੀ ਸੱਤਾਧਾਰੀ 'ਆਪ' ਸਰਕਾਰ ਨੂੰ ਲੋਕ ਚੰਗੀ ਤਰ੍ਹਾਂ ਜਾਣ ਚੁੱਕੇ ਹਨ। ਇਹ ਸਰਕਾਰ ਹਰ ਪਾਸਿਓਂ ਫੇਲ੍ਹ ਸਾਬਤ ਹੋਈ ਹੈ। ਸਰਕਾਰ ਵੱਲੋਂ ਕੀਤੇ ਜਾਂਦੇ ਸਿੱਖਿਆ ਕ੍ਰਾਂਤੀ ਅਤੇ ਸਿਹਤ ਕ੍ਰਾਂਤੀ ਦੇ ਦਾਅਵੇ ਜ਼ਮੀਨੀ ਪੱਧਰ 'ਤੇ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੇ ਹਨ। ਉਨ੍ਹਾਂ ਕਾਨੂੰਨ ਵਿਵਸਥਾ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਪੰਜਾਬ ਵਿੱਚ ਲਾਅ ਐਂਡ ਆਰਡਰ (ਕਾਨੂੰਨ ਵਿਵਸਥਾ) ਦੇ ਹਾਲਾਤ ਬਦ ਤੋਂ ਬੱਤਰ ਹੋ ਗਏ ਹਨ। ਚੁੱਘ ਨੇ ਦਾਅਵਾ ਕੀਤਾ ਕਿ ਮੌਜੂਦਾ ਨਗਰ ਨਿਗਮ ਚੋਣਾਂ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਸ਼ਾਨਦਾਰ ਜਿੱਤ ਦਰਜ ਕਰੇਗੀ।
ਗੱਲਬਾਤ ਦੌਰਾਨ ਭਾਜਪਾ ਉਮੀਦਵਾਰ ਸਪਨਾ ਗੁਪਤਾ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਪਾਰਟੀ ਨੇ ਉਨ੍ਹਾਂ ਨੂੰ ਟਿਕਟ ਦੇ ਕੇ ਜੋ ਮਾਣ ਬਖਸ਼ਿਆ ਹੈ, ਉਹ ਇਸ ਸੀਟ ਨੂੰ ਵੱਡੀ ਬਹੁਮਤ ਨਾਲ ਜਿੱਤ ਕੇ ਪਾਰਟੀ ਦੀ ਝੋਲੀ ਪਾਉਣਗੇ। ਉਨ੍ਹਾਂ ਪ੍ਰਣ ਕੀਤਾ ਕਿ ਉਹ ਆਪਣੇ ਵਾਰਡ ਨੰਬਰ 3 ਦੇ ਸਰਬਪੱਖੀ ਵਿਕਾਸ ਲਈ ਦਿਨ-ਰਾਤ ਇੱਕ ਕਰ ਦੇਣਗੇ ਅਤੇ ਵਾਰਡ ਨੂੰ ਵਿਕਾਸ ਦੇ ਨਵੇਂ ਰਾਹ 'ਤੇ ਲੈ ਕੇ ਜਾਣਗੇ।
ਇਸ ਚੋਣ ਪ੍ਰਚਾਰ ਦੌਰਾਨ ਭਾਜਪਾ ਦੇ ਸਥਾਨਕ ਆਗੂ, ਵਰਕਰ ਅਤੇ ਵਾਰਡ ਨੰਬਰ 3 ਦੇ ਭਾਰੀ ਗਿਣਤੀ ਵਿੱਚ ਨਿਵਾਸੀ ਮੌਜੂਦ ਸਨ, ਜਿਨ੍ਹਾਂ ਨੇ ਭਾਜਪਾ ਉਮੀਦਵਾਰ ਨੂੰ ਪੂਰਨ ਸਮਰਥਨ ਦੇਣ ਦਾ ਭਰੋਸਾ ਦਿੱਤਾ।




