ਤਰਨ ਤਾਰਨ, 6 ਜੁਲਾਈ (ਅਮਿਤ ਮਰਵਾਹਾ) ਤਰਨ ਤਾਰਨ ਦੇ ਨਵ-ਨਿਯੁਕਤ ਸਿਵਲ ਸਰਜਨ ਡਾ. ਸੰਦੀਪ ਧਵਨ ਨੇ ਅਹੁਦਾ ਸੰਭਾਲਣ ਉਪਰੰਤ ਸ੍ਰੀ ਦਰਬਾਰ ਸਾਹਿਬ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ, ਦੇਸ਼-ਪੰਜਾਬ ਦੀ ਖੁਸ਼ਹਾਲੀ, ਜ਼ਿਲ੍ਹਾ ਵਾਸੀਆਂ ਦੀ ਚੰਗੀ ਸਿਹਤ ਅਤੇ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਨੂੰ ਇਮਾਨਦਾਰੀ, ਨਿਰਪੱਖਤਾ ਅਤੇ ਸੇਵਾ ਭਾਵਨਾ ਨਾਲ ਨਿਭਾਉਣ ਲਈ ਅਰਦਾਸ ਕੀਤੀ।
ਦਰਸ਼ਨਾਂ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਹਰਜਿੰਦਰ ਸਿੰਘ ਪੱਟੀ ਨੇ ਡਾ. ਸੰਦੀਪ ਧਵਨ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਨਵੀਂ ਜ਼ਿੰਮੇਵਾਰੀ ਸੰਭਾਲਣ 'ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਿਹਤ ਸੇਵਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ ਅਤੇ ਉਮੀਦ ਪ੍ਰਗਟਾਈ ਕਿ ਡਾ. ਧਵਨ ਆਪਣੀ ਯੋਗਤਾ ਅਤੇ ਤਜਰਬੇ ਸਦਕਾ ਜ਼ਿਲ੍ਹਾ ਤਰਨ ਤਾਰਨ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਅਤੇ ਲੋਕ-ਪੱਖੀ ਬਣਾਉਣ ਲਈ ਅਹਿਮ ਭੂਮਿਕਾ ਨਿਭਾਉਣਗੇ।
ਡਾ. ਸੰਦੀਪ ਧਵਨ ਨੇ 'ਇੰਟਰਨੈਸ਼ਨਲ ਪੰਜਾਬੀ ਨਿਊਜ਼' ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਵਰਸਾਈ ਹੋਈ ਪਵਿੱਤਰ ਧਰਤੀ ਸ੍ਰੀ ਤਰਨ ਤਾਰਨ ਸਾਹਿਬ ਵਿਖੇ ਸਿਵਲ ਸਰਜਨ ਵਜੋਂ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਹਰੇਕ ਨਾਗਰਿਕ ਨੂੰ ਗੁਣਵੱਤਾ ਭਰਪੂਰ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਪ੍ਰਦਾਨ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿੱਚ ਮਰੀਜ਼ਾਂ ਨੂੰ ਬਿਹਤਰ ਇਲਾਜ, ਲੋੜੀਂਦੀਆਂ ਦਵਾਈਆਂ, ਸਾਫ਼-ਸੁਥਰਾ ਮਾਹੌਲ ਅਤੇ ਹੋਰ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਸਿਹਤ ਵਿਭਾਗ ਦੀਆਂ ਲੋਕ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਕੇ ਹਰ ਵਰਗ ਤੱਕ ਉਨ੍ਹਾਂ ਦਾ ਲਾਭ ਪਹੁੰਚਾਉਣ ਲਈ ਵੀ ਯਤਨ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀ ਸਮੁੱਚੀ ਟੀਮ ਦੇ ਸਹਿਯੋਗ ਨਾਲ ਸਰਕਾਰੀ ਸਿਹਤ ਸੰਸਥਾਵਾਂ ਦੀ ਕਾਰਗੁਜ਼ਾਰੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇਗਾ, ਤਾਂ ਜੋ ਲੋਕਾਂ ਦਾ ਸਰਕਾਰੀ ਸਿਹਤ ਸੇਵਾਵਾਂ ਪ੍ਰਤੀ ਵਿਸ਼ਵਾਸ ਹੋਰ ਮਜ਼ਬੂਤ ਹੋ ਸਕੇ। ਉਨ੍ਹਾਂ ਕਿਹਾ ਕਿ ਪੇਂਡੂ ਅਤੇ ਸਰਹੱਦੀ ਖੇਤਰਾਂ ਵਿੱਚ ਵੀ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰੂਪਮ ਚੌਧਰੀ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਵੰਤ ਸਿੰਘ ਸਿੱਧੂ, ਹੈਲਥ ਸੁਪਰਵਾਈਜ਼ਰ ਭੁਪਿੰਦਰ ਸਿੰਘ ਅਤੇ ਹੈਲਥ ਸੁਪਰਵਾਈਜ਼ਰ ਅਮਰਜੀਤ ਸਿੰਘ ਗਿੱਲ ਵੀ ਹਾਜ਼ਰ ਸਨ।