ਐਸਏਐਸ ਨਗਰ (ਮੋਹਾਲੀ); 2 ਮਈ( ਜਸ਼ਨ )
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਭਾਲਣ ਵਾਲੇ ਬਣਨ ਦੀ ਥਾਂ ਨੌਕਰੀਆਂ ਪੈਦਾ ਕਰਨ ਵਾਲੇ ਬਣਨ ਵੱਲ ਵਧਣ ਦਾ ਸੱਦਾ ਦਿੱਤਾ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਸਰਗਰਮੀ ਨਾਲ ਇੱਕ ਅਜਿਹਾ ਮਾਹੌਲ ਸਿਰਜ ਰਹੀ ਹੈ ਜਿੱਥੇ ਨੌਜਵਾਨ ਸੂਬਾ ਸਰਕਾਰ ਦੇ ਸਮਰਥਨ ਨਾਲ ਆਪਣੇ ਉੱਦਮ ਸ਼ੁਰੂ ਕਰ ਸਕਣ। ਉਨ੍ਹਾਂ ਕਿਹਾ ਕਿ ਰੋਜ਼ਗਾਰ ਦੀ ਭਾਲ ਵਿੱਚ ਵਿਦੇਸ਼ਾਂ ਵਿੱਚ ਜਾਣ ਦੀ ਜ਼ਰੂਰਤ ਖੁਦ-ਬ-ਖੁਦ ਖਤਮ ਹੋ ਰਹੀ ਹੈ ਕਿਉਂਕਿ ਉਨ੍ਹਾਂ ਦੀ ਸਰਕਾਰ ਵੱਲੋਂ ਨੌਜਵਾਨਾਂ ਲਈ ਪੰਜਾਬ ਵਿੱਚ ਹੀ ਮੌਕੇ ਪੈਦਾ ਕੀਤੇ ਜਾ ਰਹੇ ਹਨ।
ਪਿਛਲੀਆਂ ਅਕਾਲੀ ਅਤੇ ਕਾਂਗਰਸ ਸਰਕਾਰਾਂ ਨਾਲ ਤਿੱਖੀ ਤੁਲਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੇ ਪਿਛਲੀਆਂ ਸਰਕਾਰਾਂ ਖਾਲੀ ਖਜ਼ਾਨੇ ਦੇ ਬਹਾਨੇ ਮਾਰਦੀਆਂ ਰਹਿੰਦੀਆਂ ਸਨ, ਉਨ੍ਹਾਂ ਦੀ ਸਰਕਾਰ ਸਾਫ਼-ਸੁਥਰੇ ਇਰਾਦੇ ਅਤੇ ਫੈਸਲਾਕੁੰਨ ਸ਼ਾਸਨ ਰਾਹੀਂ ਆਪਣੇ ਵਾਅਦਿਆਂ ਤੋਂ ਵੀ ਅੱਗੇ ਲੰਘ ਕੇ ਕੰਮ ਕਰ ਰਹੀ ਹੈ, ਜੋ ਸਾਬਤ ਕਰਦਾ ਹੈ ਕਿ ਸਿਸਟਮ ‘ਚ ਕੋਈ ਕਮੀ ਨਹੀਂ ਸੀ, ਬਲਕਿ ਪੁਰਾਣੇ ਆਗੂਆਂ ਕੋਲ ਰਾਜਨੀਤਿਕ ਇੱਛਾ ਸ਼ਕਤੀ ਦੀ ਹੀ ਘਾਟ ਸੀ।
ਅੱਜ ਇੱਥੇ ਮੋਹਾਲੀ ਦੇ ਸਨੇਟਾ ਪਿੰਡ ਵਿਖੇ ਲੋਕ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਉਨ੍ਹਾਂ ਵਿਰੁੱਧ ਕੋਈ ਮੁੱਦਾ ਨਾ ਹੋਣ ਕਰਕੇ ਵਿਰੋਧੀ ਧਿਰ ਮੇਰੇ ‘ਤੇ ਝੂਠੇ ਅਤੇ ਬੇਬੁਨਿਆਦ ਨਿੱਜੀ ਦੋਸ਼ ਲਾ ਕੇ ਆਪਣੀ ਨੀਵੇਂ ਪੱਧਰ ਦੀ ਮਾਨਸਿਕਤਾ ਦਿਖਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੇ ਸਮੁੱਚੇ ਵਿਕਾਸ ਲਈ ਸਖ਼ਤ ਯਤਨ ਕਰ ਰਹੇ ਹਨ ਜਿਸ ਕਾਰਨ ਵਿਰੋਧੀ ਧਿਰਾਂ ਬੁਖਲਾਹਟ ਵਿੱਚ ਹਨ। ਉਨ੍ਹਾਂ ਕਿਹਾ ਕਿ ਇਹ ਆਗੂ ਆਮ ਆਦਮੀ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਨੂੰ ਹਜ਼ਮ ਨਹੀਂ ਕਰ ਪਾ ਰਹੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਰਕੇ ਵਿਰੋਧੀ ਮੇਰੇ ‘ਤੇ ਬੇਬੁਨਿਆਦ ਅਤੇ ਤਰਕਹੀਣ ਦੋਸ਼ ਲਾ ਰਹੇ ਹਨ, ਜੋ ਸਪੱਸ਼ਟ ਤੌਰ ‘ਤੇ ਉਨ੍ਹਾਂ ਦੀ ਨਿਰਾਸ਼ਾ ਨੂੰ ਦਰਸਾਉਂਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਮੈਨੂੰ ਲੋਕਾਂ ਦੀ ਦੌਲਤ ਲੁੱਟਣ ਦਾ ਤਾਂ ਕੋਈ ਤਜਰਬਾ ਨਹੀਂ, ਪਰ ਮੈਂ ਆਮ ਲੋਕਾਂ ਦੇ ਦੁੱਖ ਵੰਡਾਉਣ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਹੱਲ ਕਰਨ ਦੀ ਜੁਅਰਤ ਜ਼ਰੂਰ ਰੱਖਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੂਬੇ ਦੀ ਭਲਾਈ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਸਮਰਪਿਤ ਹੋ ਕੇ ਕੰਮ ਕਰ ਰਹੇ ਹਨ ਜਿਸ ਕਾਰਨ ਵਿਰੋਧੀ ਧਿਰ ਬੇਚੈਨੀ ਵਿੱਚ ਹੈ। ਉਨ੍ਹਾਂ ਕਿਹਾ ਕਿ ਕੁਝ ਸਿਆਸੀ ਆਗੂ ਇਨ੍ਹਾਂ ਗੱਲਾਂ ਨੂੰ ਹਜ਼ਮ ਨਹੀਂ ਕਰ ਪਾ ਰਹੇ ਜਿਸ ਕਾਰਨ ਉਹ ਵਾਰ-ਵਾਰ ਉਨ੍ਹਾਂ ਵਿਰੁੱਧ ਜ਼ਹਿਰ ਉਗਲ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਘਟੀਆ ਚਾਲਾਂ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਤੋਂ ਨਹੀਂ ਰੋਕ ਸਕਦੀਆਂ ਅਤੇ ਉਹ ਸੂਬੇ ਦੇ ਸਮੁੱਚੇ ਵਿਕਾਸ ਲਈ ਨੇਕ ਕਾਰਜਾਂ ਨੂੰ ਇਸੇ ਤਰ੍ਹਾਂ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਆਗੂਆਂ ਨੇ ਕਦੇ ਵੀ ਸੂਬੇ ਜਾਂ ਇਸ ਦੇ ਲੋਕਾਂ ਦੀ ਪਰਵਾਹ ਨਹੀਂ ਕੀਤੀ, ਜਦਕਿ ਇਸਦੇ ਉਲਟ ਇਨ੍ਹਾਂ ਹੰਕਾਰੀ ਆਗੂਆਂ ਨੇ ਹਮੇਸ਼ਾ ਸੂਬੇ ਲਈ ਕੰਮ ਕਰਨ ਦੀ ਬਜਾਏ ਆਪਣੇ ਪਰਿਵਾਰਕ ਅਤੇ ਨਿੱਜੀ ਹਿੱਤਾਂ ਨੂੰ ਪਹਿਲ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦਾ ਇਹ ਰਵੱਈਆ ਪੰਜਾਬ ਅਤੇ ਇਸ ਦੇ ਲੋਕਾਂ ਦੋਵਾਂ ਲਈ ਨੁਕਸਾਨਦੇਹ ਸਾਬਤ ਹੋਇਆ ਜਿਸ ਕਾਰਨ ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਉਨ੍ਹਾਂ ਨੂੰ ਬਦਨਾਮ ਕਰਨ ਲਈ ਸਾਜ਼ਿਸ਼ਾਂ ਰਚ ਰਹੀਆਂ ਹਨ ਕਿਉਂਕਿ ਉਹ ਸੂਬਾ ਸਰਕਾਰ ਵੱਲੋਂ ਜਨਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਤੋਂ ਈਰਖਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਆਗੂ ਇੱਕ ਦੂਜੇ ਨਾਲ ਹੱਥ ਮਿਲਾ ਕੇ ਚੱਲ ਰਹੇ ਹਨ ਅਤੇ ਸੱਤਾ ਵਿੱਚ ਰਹਿੰਦਿਆਂ ਇੱਕ ਦੂਜੇ ਦੇ ਹਿੱਤਾਂ ਨੂੰ ਸੁਰੱਖਿਅਤ ਰੱਖਣ ਲਈ ਸੱਤਾ ਦੀ ਕੁਰਸੀ ਦੀ ਖੇਡ ਖੇਡਦੇ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 'ਆਪ' ਪਾਰਟੀ ਨੇ ਲੋਕਾਂ ਦੇ ਸਹਿਯੋਗ ਨਾਲ ਉਨ੍ਹਾਂ ਦੇ ਗਠਜੋੜ ਨੂੰ ਬੇਨਕਾਬ ਕਰਕੇ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਅਤੇ ਆਮ ਆਦਮੀ ਪਾਰਟੀ ਦੇ ਰਾਜ ਵਿੱਚ ਹੁਣ ਆਮ ਲੋਕਾਂ ਦੀਆਂ ਸਮੱਸਿਆਵਾਂ ਹੱਲ ਹੋ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਉਹ 5 ਮਈ ਨੂੰ ਭਾਰਤ ਦੇ ਰਾਸ਼ਟਰਪਤੀ ਨੂੰ ਮਿਲਣਗੇ ਅਤੇ ਆਗੂਆਂ ਦੀ ਦਲ ਬਦਲੀ ਵਿਰੁੱਧ ਸਖ਼ਤ ਉਪਬੰਧਾਂ ਦੀ ਮੰਗ ਕਰਨਗੇ ਕਿਉਂਕਿ ਇਹ ਲੋਕਾਂ ਦੇ ਫਤਵੇ ਦਾ ਘੋਰ ਨਿਰਾਦਰ ਹੈ। ਉਨ੍ਹਾਂ ਕਿਹਾ ਕਿ ਮੌਕਾਪ੍ਰਸਤ ਆਗੂ ਆਪਣੇ ਸਵਾਰਥਾਂ ਦੀ ਪੂਰਤੀ ਲਈ ਆਪਣੀਆਂ ਇੱਛਾਵਾਂ ਅਨੁਸਾਰ ਆਪਣੀਆਂ ਪਾਰਟੀਆਂ ਬਦਲਦੇ ਰਹਿੰਦੇ ਹਨ ਜੋ ਕਿ ਪੂਰੀ ਤਰ੍ਹਾਂ ਗਲਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਲੋਕਾਂ ਦੇ ਫਤਵੇ ਦੀ ਪਿੱਠ ਵਿੱਚ ਛੁਰਾ ਮਾਰਦੇ ਹਨ ਜੋ ਕਿ ਪੂਰੀ ਤਰ੍ਹਾਂ ਅਣਉਚਿਤ ਹੈ ਅਤੇ ਇਸ ਨੂੰ ਰੋਕਣ ਲਈ ਕਾਨੂੰਨ ਬਣਾਉਣਾ ਸਮੇਂ ਦੀ ਲੋੜ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ 70 ਤੋਂ ਵੱਧ ਸਾਲਾਂ ਦੇ ਸਮੇਂ ਤੋਂ ਰਵਾਇਤੀ ਪਾਰਟੀਆਂ ਨੇ ਸੂਬੇ ਨੂੰ ਰੱਜ ਕੇ ਲੁੱਟਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੀਆਂ ਪਿਛਾਂਹਖਿੱਚੂ ਅਤੇ ਫੁੱਟਪਾਊ ਨੀਤੀਆਂ ਕਾਰਨ ਸੂਬਾ ਵਿਕਾਸ ਦੀ ਗਤੀ ਤੋਂ ਪਛੜ ਗਿਆ ਜਿਸ ਕਾਰਨ ਲੋਕਾਂ ਨੂੰ ਵੱਡਾ ਨੁਕਸਾਨ ਝੱਲਣਾ ਪਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਾਲਾਂਕਿ ਉਨ੍ਹਾਂ ਦੀ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਰਾਜ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਹੈ ਅਤੇ ਪਹਿਲੀ ਵਾਰ ਕਿਸੇ ਸਰਕਾਰ ਨੇ ਇੰਨੇ ਘੱਟ ਸਮੇਂ ਵਿੱਚ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ।
ਸਰਕਾਰ ਦੀ ਪ੍ਰਗਤੀ 'ਤੇ ਸੰਤੁਸ਼ਟੀ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸੂਬੇ ਦਾ ਵਿਕਾਸ ਲੀਹ ‘ਤੇ ਪੈ ਚੁੱਕਾ ਹੈ ਅਤੇ ਹੁਣ ਪੰਜਾਬ ਸਰਕਾਰ ਹਰ ਆਏ ਦਿਨ ਆਪਣੀ ਕੰਮ ਅਤੇ ਸੂਬੇ ਦੇ ਵਿਕਾਸ ਦੀ ਰਫ਼ਤਾਰ ਨੂੰ ਲਗਾਤਾਰ ਵਧਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ 70 ਸਾਲਾਂ ਦਾ ਪਾੜਾ ਭਰ ਗਿਆ ਹੈ ਅਤੇ ਰੰਗਲਾ ਪੰਜਾਬ ਬਣਾਉਣ ਲਈ ਠੋਸ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ, "ਆਪ ਸਰਕਾਰ ਦੇਸ਼ ਦੀ ਪਹਿਲੀ ਸਰਕਾਰ ਹੈ ਜਿਸਨੇ ਆਪਣੇ ਮੈਨੀਫੈਸਟੋ ਨੂੰ ਇੰਨ-ਬਿੰਨ ਲਾਗੂ ਕੀਤਾ ਹੈ ਅਤੇ ਲੋਕਾਂ ਦੁਆਰਾ ਉਠਾਈਆਂ ਗਈਆਂ ਸਾਰੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਗਿਆ ਹੈ।
ਅਕਾਲੀ ਲੀਡਰਸ਼ਿਪ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਜ਼ਮੀਨੀ ਹਕੀਕਤਾਂ ਤੋਂ ਜਾਣੂ ਨਹੀਂ ਹਨ ਕਿਉਂਕਿ ਉਨ੍ਹਾਂ ਨੇ ਆਪਣੀ ਸਾਰੀ ਜ਼ਿੰਦਗੀ ਐਸ਼ੋ-ਆਰਾਮ ਅਤੇ ਖੁਸ਼ਹਾਲੀ ਦੇ ਨਾਲ ਇੱਕ ਸੁਰੱਖਿਅਤ ਤੇ ਆਰਾਮਦਾਇਕ ਮਾਹੌਲ ਵਿੱਚ ਬਿਤਾਈ ਹੈ। ਉਨ੍ਹਾਂ ਅੱਗੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਇੱਕ ਕਾਨਵੈਂਟ ਤੋਂ ਪੜ੍ਹੇ-ਲਿਖੇ ਰਾਜਨੀਤਿਕ ਨੇਤਾ ਹਨ ਜੋ ਸੂਬੇ ਦੀ ਮੁੱਢਲੀ ਭੂਗੋਲਿਕ ਸਥਿਤੀ ਤੋਂ ਜਾਣੂ ਨਹੀਂ ਹਨ ਪਰ ਪੰਜਾਬ ਵਿੱਚ ਸੱਤਾ ਪ੍ਰਾਪਤ ਕਰਨਾ ਚਾਹੁੰਦੇ ਹਨ। ਉਨ੍ਹਾਂ ਅੱਗੇ ਕਿਹਾ, ਜੇ ਸਭ ਛੱਡ ਕੇ ਵੀ ਦੇਖੀਏ, ਸਾਬਕਾ ਉਪ ਮੁੱਖ ਮੰਤਰੀ ਸੂਬੇ ਦੀਆਂ ਆਮ ਫਸਲਾਂ ‘ਚ ਫਰਕ ਵੀ ਨਹੀਂ ਦੱਸ ਸਕਦੇ ਕਿਉਂਕਿ ਉਨ੍ਹਾਂ ਨੂੰ ਬੁਨਿਆਦੀ ਮੁੱਦਿਆਂ ਬਾਰੇ ਵੀ ਜਾਣਕਾਰੀ ਦੀ ਕਾਫ਼ੀ ਘਾਟ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੇ ਪਾਪ ਮੁਆਫ਼ ਕਰਨ ਦੇ ਯੋਗ ਨਹੀਂ ਹਨ ਅਤੇ ਇਨ੍ਹਾਂ ਨੂੰ ਲੋਕਾਂ ਵੱਲੋਂ ਉਨ੍ਹਾਂ ਦੇ ਮਾੜੇ ਕੰਮਾਂ ਲਈ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾIਅਕਾਲੀ ਲੀਡਰਸ਼ਿਪ 'ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਇਹ ਮੌਕਾਪ੍ਰਸਤ ਆਗੂ ਹਨ ਜੋ ਗਿਰਗਿਟ ਵਾਂਗ ਆਪਣੇ ਰੰਗ ਅਤੇ ਆਪਣੀ ਸਹੂਲਤ ਅਨੁਸਾਰ ਆਪਣਾ ਸਟੈਂਡ ਬਦਲਦੇ ਹਨ I ਪਿਛਲੀਆਂ ਸਰਕਾਰਾਂ 'ਤੇ ਨਿਸ਼ਾਨਾ ਸਾਧਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਕੇ ਬੇਸ਼ੁਮਾਰ ਦੌਲਤ ਇਕੱਠੀ ਕਰਕੇ ਗੈਰ-ਕਾਨੂੰਨੀ ਤੌਰ 'ਤੇ ਵੱਡੇ ਮਹਿਲ ਬਣਾਏ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਹਿਲਾਂ ਦੀਆਂ ਕੰਧਾਂ ਉੱਚੀਆਂ ਸਨ ਅਤੇ ਦਰਵਾਜ਼ੇ ਆਮ ਤੌਰ 'ਤੇ ਲੋਕਾਂ ਲਈ ਬੰਦ ਰਹਿੰਦੇ ਸਨI ਉਨ੍ਹਾਂ ਕਿਹਾ ਕਿ ਇਹ ਆਗੂ ਲੋਕਾਂ ਲਈ ਪਹੁੰਚ ਤੋਂ ਬਾਹਰ ਰਹੇ ਜਿਸ ਕਾਰਨ ਉਨ੍ਹਾਂ ਨੂੰ ਜਨਤਾ ਨੇ ਆਪਣੇ ਦਿੱਲੋਂ ਬੇਦਖਲ ਕਰ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਉਹਨਾਂ ਲੋਕਾਂ ਨੂੰ ਬਾਹਰ ਦਾ ਰਾਹ ਦਿਖਾਇਆ ਹੈ, ਜਿਨ੍ਹਾਂ ਨੇ ਉਨ੍ਹਾਂ ਨੂੰ ਵਾਰੀ-ਵਾਰੀ ਲੁੱਟਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਬੇ ਸਮੇਂ ਤੋਂ ਲੋਕਾਂ ਨੂੰ ਮੂਰਖ ਬਣਾਇਆ ਹੈ ਪਰ ਹੁਣ ਸੂਬੇ ਦੇ ਸਿਆਣੇ ਲੋਕ ਇਨ੍ਹਾਂ ਦੇ ਗੁੰਮਰਾਹਕੁੰਨ ਪ੍ਰਚਾਰ ਤੋਂ ਪ੍ਰਭਾਵਿਤ ਨਹੀਂ ਹੋ ਰਹੇ।




