ਨਸ਼ਿਆਂ ਦੇ ਖਾਤਮੇ ਲਈ ਲੋਕਾਂ ਨੂੰ ਭਾਈ ਅਮ੍ਰਿਤਪਾਲ ਸਿੰਘ ਦਾ ਸਾਥ ਦੇਣ ਦਾ ਸੱਦਾ

ਮੋਗਾ, 12 ( ਜਸ਼ਨ ) - ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਵਿਧਾਨ ਸਭਾ ਹਲਕਾ ਮੋਗਾ ਵਿੱਚ ਆਮ ਲੋਕਾਂ ਨੂੰ ਨਸ਼ਿਆਂ ਦੇ ਖਿਲਾਫ਼ ਪ੍ਰੇਰਿਤ ਕਰਨ ਲਈ ਜੰਗੀ ਪੱਧਰ 'ਤੇ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪਾਰਟੀ ਵੱਲੋਂ ਪੰਜਾਬ ਦੇ ਸੁਨਹਿਰੇ ਭਵਿੱਖ ਅਧੀਨ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ, ਬੇਰੁਜ਼ਗਾਰਾਂ, ਵਪਾਰੀਆਂ ਤੇ ਔਰਤਾਂ ਲਈ ਤਿਆਰ ਕੀਤੇ ਗਏ ਪ੍ਰੋਗਰਾਮ ਬਾਬਤ ਲੋਕਾਂ ਨੂੰ ਜਾਣੂ ਕਰਵਾਉਣ ਲਈ ਮੀਟਿੰਗਾਂ ਦਾ ਸ਼ੁਰੂ ਕੀਤਾ ਗਿਆ ਹੈ। ਇਸੇ ਕੜੀ ਅਧੀਨ ਅੱਜ ਪਿੰਡ ਕੋਰੇਵਾਲਾ ਖੁਰਦ ਵਿਖੇ ਅਕਾਲੀ ਦਲ 'ਵਾਰਿਸ ਪੰਜਾਬ ਦੇ' ਹਲਕਾ ਇੰਚਾਰਜ ਭਾਈ ਰਛਪਾਲ ਸਿੰਘ ਸੋਸਣ ਦੀ ਅਗਵਾਈ ਵਿੱਚ ਘਰ-ਘਰ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਏ ਗਈਆਂ ਅਤੇ ਹਰ ਵਰਗ ਨੂੰ ਅਕਾਲੀ ਦਲ 'ਵਾਰਿਸ ਪੰਜਾਬ ਦੇ' ਦਾ ਹਿੱਸਾ ਬਣ ਕੇ ਨਸ਼ਿਆਂ ਦੇ ਖਾਤਮੇ ਲਈ ਅੱਗੇ ਆਉਣ ਦੀ ਅਪੀਲ ਵੀ ਕੀਤੀ ਗਈ। ਇਸ ਤੋਂ ਬਾਅਦ ਪਿੰਡ ਵਿੱਚ ਜੁੜੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਭਾਈ ਰਛਪਾਲ ਸਿੰਘ ਸੋਸਣ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਮਿਲਣ ਤੋਂ ਬਾਅਦ ਪਹਿਲ ਦੇ ਆਧਾਰ :ਤੇ ਨਸ਼ਿਆਂ ਦਾ ਖਾਤਮਾ ਕੀਤਾ ਜਾਵੇਗਾ। ਉਨਾਂ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਸੇ ਤਰ੍ਹਾਂ ਬੇਰੁਜ਼ਗਾਰ ਨੌਜਵਾਨਾਂ ਅਤੇ ਅਗਾਂਹਵਧੂ ਕਿਸਾਨਾਂ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਬਿਜਨਸ ਕਰਨ ਲਈ ਵਿਦੇਸ਼ਾਂ ਦੀ ਤਰਜ਼ 'ਤੇ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ। ਉਨਾਂ ਨੇ ਦੋਸ਼ ਲਾਇਆ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਰਾਜ ਕਰਨ ਵਾਲੀਆਂ ਸਰਕਾਰਾਂ ਨੇ ਕਦੇ ਵੀ ਪੰਜਾਬੀਆਂ ਦੀ ਬਿਹਤਰੀ ਲਈ ਕੋਈ ਕਦਮ ਨਹੀਂ ਚੁੱਕਿਆ ਸਗੋਂ ਜ਼ਿਆਦਾਤਰ ਭ੍ਰਿਸ਼ਟ ਆਗੂਆਂ ਨੇ ਭ੍ਰਿਸ਼ਟਾਚਾਰ ਰਾਹੀਂ ਸਿਰਫ਼ ਆਪਣੀਆਂ ਤਜੌਰੀਆਂ ਹੀ ਭਰੀਆਂ ਹਨ। ਭਾਈ ਰਛਪਾਲ ਸਿੰਘ ਸੋਸਣ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਅਕਾਲੀ ਦਲ 'ਵਾਰਿਸ ਪੰਜਾਬ ਦੇ' ਦਾ ਝੰਡਾ ਚੁੱਕ ਕੇ ਭਾਈ ਅਮ੍ਰਿਤਪਾਲ ਸਿੰਘ ਦਾ ਡਟਵਾਂ ਸਾਥ ਦੇਣ ਅਤੇ ਵਿਧਾਨ ਸਭਾ ਚੋਣਾਂ ਤੱਕ ਪਾਰਟੀ ਦੇ ਪ੍ਰਚਾਰ ਲਈ ਦਿਨ-ਰਾਤ ਇੱਕ ਕਰ ਦੇਣ ਤਾਂ ਜੋ ਪੰਜਾਬ ਦੇ ਹਰ ਵਰਗ ਦੀ ਖੁਸ਼ਹਾਲੀ ਦਾ ਰਾਹ ਪੱਧਰਾ ਹੋ ਸਕੇ। ਇਸ ਮੌਕੇ ਪਾਰਟੀ ਦੇ ਆਗੂਆਂ ਨਿਰਮਲ ਸਿੰਘ ਕੋਰੇਵਾਲਾ, ਦਰਸ਼ਨ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਬਚਿੱਤਰ ਸਿੰਘ, ਗੁਰਤੇਜ ਸਿੰਘ ਤੇਜੀ,ਬਲਰਾਜ ਸਿੰਘ ਅਤੇ ਸਤਪਾਲ ਡਗਰੂ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ।