ਨਿਹਾਲ ਸਿੰਘ ਵਾਲਾ, 2 ਨਵੰਬਰ (ਜਸ਼ਨ ) ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ’ਤੇ ਨਾਕਾਮ ਸਾਬਤ ਹੋ ਰਹੀ ਹੈ। ਸੂਬੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ ਅਤੇ ਨਸ਼ਿਆਂ ਦਾ ਕਹਿਰ ਨੌਜਵਾਨ ਪੀੜ੍ਹੀ ਨੂੰ ਨਿਗਲਦਾ ਜਾ ਰਿਹਾ ਹੈ। ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਦੇ ਕੀਤੇ ਜਾਂਦੇ ਦਾਅਵਿਆਂ ਦੀ ਹਕੀਕਤ ਆਏ ਦਿਨ ਸਾਹਮਣੇ ਆ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਰਾਜਵਿੰਦਰ ਸਿੰਘ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਨੁਮਾਇੰਦੇ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ 35 ਸਾਲਾ ਨੌਜਵਾਨ ਦਲਜੀਤ ਸਿੰਘ ਦੀ ਚਿੱਟੇ ਦੇ ਨਸ਼ੇ ਕਾਰਨ ਹੋਈ ਮੌਤ ਨੇ ਇੱਕ ਵਾਰ ਫਿਰ ਸੂਬੇ ਵਿਚ ਨਸ਼ਿਆਂ ਦੀ ਗੰਭੀਰ ਸਮੱਸਿਆ ਨੂੰ ਉਜਾਗਰ ਕੀਤਾ ਹੈ। ਦੁੱਖ ਦੀ ਗੱਲ ਹੈ ਕਿ ਜਦੋਂ ਮ੍ਰਿਤਕ ਦੇ ਪਰਿਵਾਰਕ ਮੈਂਬਰ ਇਨਸਾਫ਼ ਦੀ ਮੰਗ ਨੂੰ ਲੈ ਕੇ ਮਾਨਸਾ ਵਿਖੇ ਪਰਮਿੰਦਰ ਸਿੰਘ ਝੋਟਾ ਦੇ ਮਾਮਲੇ ਸਬੰਧੀ ਲੱਗੇ ਧਰਨੇ ਵਿਚ ਸ਼ਾਮਲ ਹੋਣ ਲਈ ਜਾ ਰਹੇ ਸਨ ਤਾਂ ਪੁਲਿਸ ਵੱਲੋਂ ਉਨ੍ਹਾਂ ਕੋਲੋਂ ਮ੍ਰਿਤਕ ਦੀ ਲਾਸ਼ ਖੋਹਣ ਦੀ ਕੋਸ਼ਿਸ਼ ਕੀਤੇ ਜਾਣ ਦੇ ਦੋਸ਼ ਲੱਗੇ। ਉਨ੍ਹਾਂ ਕਿਹਾ ਕਿ ਜੇਕਰ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੀ ਮੰਗ ਕਰਨ ਲਈ ਵੀ ਸੰਘਰਸ਼ ਕਰਨਾ ਪਵੇ ਤਾਂ ਇਹ ਸਰਕਾਰ ਦੀ ਕਾਰਗੁਜ਼ਾਰੀ ’ਤੇ ਵੱਡਾ ਸਵਾਲੀਆ ਨਿਸ਼ਾਨ ਹੈ। ਰਾਜਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦਾ ਜਾਲ ਲਗਾਤਾਰ ਫੈਲ ਰਿਹਾ ਹੈ। ਨੌਜਵਾਨਾਂ ਦੀਆਂ ਮੌਤਾਂ ਨਾਲ ਪਰਿਵਾਰਾਂ ਦੇ ਚਿਰਾਗ ਬੁੱਝ ਰਹੇ ਹਨ ਅਤੇ ਮਾਪਿਆਂ ਦੇ ਸੁਪਨੇ ਟੁੱਟ ਰਹੇ ਹਨ, ਪਰ ਸਰਕਾਰ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹੋਂ ਖ਼ਤਮ ਕਰਨ ਵਿਚ ਅਸਫ਼ਲ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਆਪਣੀਆਂ ਨਾਕਾਮੀਆਂ ਨੂੰ ਸਵੀਕਾਰ ਕਰਨ ਦੀ ਬਜਾਏ ਸੱਚਾਈ ਸਾਹਮਣੇ ਲਿਆਉਣ ਵਾਲਿਆਂ ਦੀ ਆਵਾਜ਼ ਦਬਾਉਣ ਦੇ ਰਾਹ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਸੂਬੇ ਵਿਚ ਅਜਿਹੇ ਹਾਲਾਤ ਬਣ ਗਏ ਹਨ ਕਿ ਲੋਕਾਂ ਨੂੰ ਨਾ ਆਪਣੀ ਜਾਨ ਦੀ ਸੁਰੱਖਿਆ ਦਾ ਭਰੋਸਾ ਹੈ ਅਤੇ ਨਾ ਹੀ ਇਨਸਾਫ਼ ਮਿਲਣ ਦੀ ਉਮੀਦ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਿਆਸੀ ਬਿਆਨਬਾਜ਼ੀ ਤੋਂ ਉੱਪਰ ਉੱਠ ਕੇ ਨਸ਼ਿਆਂ ਦੇ ਖ਼ਾਤਮੇ ਅਤੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕੇ। ਅੰਤ ਵਿਚ ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ‘ਆਪ’ ਸਰਕਾਰ ਦੀਆਂ ਨਾਕਾਮੀਆਂ ਦਾ ਜਵਾਬ ਵੋਟ ਦੀ ਤਾਕਤ ਨਾਲ ਦੇਣਗੇ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੱਤਾ ਵਿਚ ਲਿਆਉਣਗੇ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਪੰਜਾਬ ਨੇ ਵਿਕਾਸ ਦੇ ਨਾਲ-ਨਾਲ ਅਮਨ-ਸ਼ਾਂਤੀ ਦੇ ਮਾਹੌਲ ਵਿਚ ਵੀ ਤਰੱਕੀ ਕੀਤੀ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪੰਜਾਬ ਨੂੰ ਮੁੜ ਖ਼ੁਸ਼ਹਾਲ, ਸੁਰੱਖਿਅਤ ਅਤੇ ਅਮਨ-ਸ਼ਾਂਤੀ ਵਾਲਾ ਸੂਬਾ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕੀਤਾ ਜਾਵੇਗਾ।
ਖ਼ਬਰਾਂ
ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪੰਜਾਬ ਨੂੰ ਮੁੜ ਖ਼ੁਸ਼ਹਾਲ, ਸੁਰੱਖਿਅਤ ਅਤੇ ਅਮਨ-ਸ਼ਾਂਤੀ ਵਾਲਾ ਸੂਬਾ ਬਣਾਉਣ ਲਈ ਵਚਨਬੱਧਤਾ ਨਾਲ ਕਰਾਂਗੇ ਕੰਮ : ਰਾਜਵਿੰਦਰ ਸਿੰਘ
2 ਨਵੰਬਰ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



