ਧਰਮਕੋਟ ,13 ਅਕਤੂਬਰ (ਜਸ਼ਨ )
ਯੂਥ ਅਕਾਲੀ ਆਗੂ ਅਤੇ ਸਰਕਲ ਪ੍ਰਧਾਨ ਦਿਲਬਾਗ ਸਿੰਘ ਹੈਪੀ ਭੁੱਲਰ ਨੇ ਮਾਨਸਾ ਵਿੱਚ ਨੌਜਵਾਨ ਪਰਵਿੰਦਰ ਝੋਟਾ ਦੇ ਗੋਲੀਆਂ ਮਾਰ ਕੇ ਕੀਤੇ ਗਏ ਕਤਲ ’ਤੇ ਦੁੱਖ ਅਤੇ ਚਿੰਤਾ ਪ੍ਰਗਟ ਕਰਦਿਆਂ ਭਗਵੰਤ ਮਾਨ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਹਾਲਤ ਬੇਹੱਦ ਚਿੰਤਾਜਨਕ ਹੋ ਚੁੱਕੀ ਹੈ। ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਦਾ ਕਤਲ ਹੋਣਾ ਸਰਕਾਰ ਦੇ ਸੁਰੱਖਿਆ ਪ੍ਰਬੰਧਾਂ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਜਿਹੜੀ ਸਰਕਾਰ ਨਸ਼ਿਆਂ ਦੇ ਖ਼ਾਤਮੇ ਦੇ ਦਾਅਵੇ ਕਰਦੀ ਹੈ, ਉਹ ਨਸ਼ਿਆਂ ਵਿਰੁੱਧ ਲੜਨ ਵਾਲਿਆਂ ਦੀ ਸੁਰੱਖਿਆ ਵੀ ਯਕੀਨੀ ਨਹੀਂ ਬਣਾ ਸਕੀ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਨਸ਼ਿਆਂ ਖ਼ਿਲਾਫ਼ ਲੜਨ ਵਾਲੇ ਹੀ ਸੁਰੱਖਿਅਤ ਨਹੀਂ ਤਾਂ ਆਮ ਲੋਕਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕੌਣ ਲਵੇਗਾ?
ਦਿਲਬਾਗ ਸਿੰਘ ਹੈਪੀ ਭੁੱਲਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹਕੀਕਤ ਵਿੱਚ ਕਿੰਨੀ ਪ੍ਰਭਾਵਸ਼ਾਲੀ ਹੈ, ਇਹ ਸਵਾਲ ਅੱਜ ਪੰਜਾਬ ਦਾ ਹਰ ਪਰਿਵਾਰ ਪੁੱਛ ਰਿਹਾ ਹੈ। ਨਸ਼ਿਆਂ ਦਾ ਖ਼ਾਤਮਾ ਸਿਰਫ਼ ਨਾਅਰਿਆਂ, ਇਸ਼ਤਿਹਾਰਾਂ ਅਤੇ ਸਿਆਸੀ ਬਿਆਨਾਂ ਨਾਲ ਨਹੀਂ ਹੋ ਸਕਦਾ। ਇਸ ਲਈ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ, ਪੁਲਿਸ ਪ੍ਰਸ਼ਾਸਨ ਦੀ ਜਵਾਬਦੇਹੀ ਅਤੇ ਨਸ਼ਿਆਂ ਖ਼ਿਲਾਫ਼ ਲੜਨ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਪਣੀ ਪਿੱਠ ਥਪਥਪਾਉਣ ਦੀ ਬਜਾਏ ਜ਼ਮੀਨੀ ਹਕੀਕਤ ਦਾ ਸਾਹਮਣਾ ਕਰਨਾ ਚਾਹੀਦਾ ਹੈ।
ਦਿਲਬਾਗ ਸਿੰਘ ਹੈਪੀ ਭੁੱਲਰ ਨੇ ਮੰਗ ਕੀਤੀ ਕਿ ਪਰਵਿੰਦਰ ਝੋਟਾ ਦੇ ਕਤਲ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਈ ਜਾਵੇ ਅਤੇ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਨਸ਼ਿਆਂ ਦੇ ਮੁੱਦੇ ’ਤੇ ਸਿਆਸੀ ਪ੍ਰਚਾਰ ਕਰਨ ਦੀ ਬਜਾਏ ਠੋਸ ਕਾਰਵਾਈ ਕਰਨੀ ਚਾਹੀਦੀ ਹੈ। ਪੰਜਾਬ ਦੇ ਨੌਜਵਾਨਾਂ ਦੀ ਜ਼ਿੰਦਗੀ ਅਤੇ ਲੋਕਾਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ। ਦਿਲਬਾਗ ਸਿੰਘ ਹੈਪੀ ਭੁੱਲਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਰਾਖੀ ਅਤੇ ਨਸ਼ਿਆਂ ਵਿਰੁੱਧ ਆਪਣੀ ਲੜਾਈ ਜਾਰੀ ਰੱਖੇਗਾ ।
ਖ਼ਬਰਾਂ
ਪਰਵਿੰਦਰ ਝੋਟਾ ਦੇ ਕਤਲ ਨੇ ਪੰਜਾਬ ਸਰਕਾਰ ਦੇ ਨਸ਼ਾ ਵਿਰੋਧੀ ਦਾਅਵਿਆਂ ਦੀ ਖੋਲ੍ਹੀ ਪੋਲ :ਦਿਲਬਾਗ ਸਿੰਘ ਹੈਪੀ ਭੁੱਲਰ
* ਪੰਜਾਬ ਸਰਕਾਰ ਨੂੰ ਨਸ਼ਿਆਂ ਦੇ ਮੁੱਦੇ ’ਤੇ ਸਿਆਸੀ ਪ੍ਰਚਾਰ ਕਰਨ ਦੀ ਬਜਾਏ ਠੋਸ ਕਾਰਵਾਈ ਕਰਨੀ ਚਾਹੀਦੀ ਹੈ
14 ਅਕਤੂਬਰ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



